ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਸੇਫਟੀ ਪ੍ਰੋਟੋਕੋਲ ਅਤੇ ਗਲਤ ਧਾਰਨਾਵਾਂ ਸਬੰਧੀ ਜਾਗਰੂਕਤਾ ਪੋਸਟਰ ਜਾਰੀ
ਜਲੰਧਰ, 14 ਸਤੰਬਰ 2020: ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਕਿਹਾ ਕਿ ਕੋਵਿਡ ਸੇਫਟੀ ਪ੍ਰੋਟੋਕੋਲ ਅਤੇ ਗਲਤ ਧਾਰਨਾਵਾਂ ਸਬੰਧੀ ਆਪਣੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪ੍ਰਸ਼ਾਸਨ ਵੱਲੋਂ ਕੋਵਿਡ-19 ਮਹਾਂਮਾਰੀ ਖਿਲਾਫ ਜੰਗ ਵਿੱਚ ਜਲੰਧਰ ਦੇ ਐੱਨ.ਐੱਸ.ਐੱਸ. ਵਲੰਟੀਅਰਾਂ, ਪਿੰਡ ਪੱਧਰ ਦੇ ਯੂਥ ਕਲੱਬਾਂ ਅਤੇ ਰੈਡ-ਰਿਬਨ ਕਲੱਬਾਂ ਦੇ 21000 ਨੌਜਵਾਨ ਜੋੜੇ ਜਾਣਗੇ।
ਸੋਮਵਾਰ ਨੂੰ ਆਪਣੇ ਦਫਤਰ ਵਿਖੇ ਕੋਵਿਡ ਦੀਆਂ ਸਾਵਧਾਨੀਆਂ ਅਤੇ ਮਿਥਕਾਂ ਬਾਰੇ ਜਾਗਰੂਕਤਾ ਪੋਸਟਰ ਤੇ ਪੈਂਫਲੈੱਟ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਲੋਕਾਂ ਨੂੰ ਮਾਸਕ ਪਹਿਨਣ, ਉਚਿਤ ਦੂਰੀ ਨੂੰ ਬਣਾਈ ਰੱਖਣ ਅਤੇ ਬੁਖਾਰ ਜਾਂ ਹੋਰ ਲੱਛਣ ਹੋਣ ਦੀ ਸੂਰਤ ਵਿਚ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਬਾਰੇ ਜਾਗਰੂਕ ਕਰਨ ‘ਤੇ ਕੇਂਦਰਿਤ ਹੋਵੇਗੀ, ਜੋ ਲਾਗ ਨੂੰ ਫੈਲਣ ਨੂੰ ਰੋਕਣ ਵਿੱਚ ਸਹਾਇਤਾ ਕਰੇਗੀ।
ਉਨ੍ਹਾਂ ਕਿਹਾ ਕਿ ਨੌਜਵਾਨ ਵਲੰਟੀਅਰ ਜਲਦੀ ਟੈਸਟਿੰਗ ਅਤੇ ਇਲਾਜ ਦੇ ਸੰਦੇਸ਼ ਨੂੰ ਅੱਗੇ ਲਿਜਾਣ ਲਈ ਅੰਬੈਸਡਰਾਂ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮਹਾਂਮਾਰੀ ਵਿਰੁੱਧ ਲੜਾਈ ਵਿਚ ਪੰਜਾਬ ਦੀ ਜਿੱਤ ਯਕੀਨੀ ਬਣਾਉਣ ਵਿਚ ਨੌਜਵਾਨ ਫੈਸਲਾਕੁੰਨ ਰੋਲ ਅਦਾ ਕਰ ਸਕਦੇ ਹਨ।
ਘਨਸ਼ਿਆਮ ਥੋਰੀ ਨੇ ਕਿਹਾ ਕਿ ਨੌਜਵਾਨ ਬੇਮਿਸਾਲ ਊਰਜਾ ਨਾਲ ਭਰਪੂਰ ਹੁੰਦੇ ਹਨ, ਜੋ ਕਿ ਇਸ ਅਦ੍ਰਿਸ਼ਟ ਦੁਸ਼ਮਣ ਵਿਰੁੱਧ ਲੜਾਈ ਵਿੱਚ ਸ਼ਾਮਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਇਸ ਮੁਹਿੰਮ ਵਿੱਚ ਮਹੱਤਵਪੂਰਨ ਰੋਲ ਅਦਾ ਕਰ ਸਕਦੇ ਹਨ ਕਿਉਂਕਿ ਕੋਵਿਡ -19 ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਸਿਰਫ਼ ਸਾਵਧਾਨੀ ਹੀ ਇਕ ਕੁੰਜੀ ਹੈ।
ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਿੱਚ ਨੌਜਵਾਨਾਂ ਦੀ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ, ਜਿਨ੍ਹਾਂ ਦੇ ਮੋਢਿਆਂ ‘ਤੇ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ ਤਾਂ ਜੋ ਉਨ੍ਹਾਂ ਦਾ ਇਸ ਮਹਾਂਮਾਰੀ ਤੋਂ ਬਚਾਅ ਹੋ ਸਕੇ।
ਇਸ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਜਸਪਾਲ ਸਹੋਤਾ ਨੇ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ ਦਾ ਕਾਰਜਕ੍ਰਮ ਪਹਿਲਾਂ ਹੀ ਤਿਆਰ ਕਰ ਲਿਆ ਗਿਆ ਹੈ ਅਤੇ ਸਾਰੇ ਕਲੱਬਾਂ ਨਾਲ ਸਾਂਝਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੁਣ ਵਾਲੰਟੀਅਰ ਇਸ ਕਾਰਜਕ੍ਰਮ ਅਨੁਸਾਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ ਕਵਰ ਕਰਨਗੇ।
ਇਸ ਮੌਕੇ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਸਵੀਪ ਸਹਾਇਕ ਨੋਡਲ ਅਫ਼ਸਰ ਸੁਰਜੀਤ ਲਾਲ, ਕੈਪਟਨ ਸ੍ਰੀ ਆਈ ਐਸ ਧਾਮੀ, ਪ੍ਰੋਫੈਸਰ ਐਸ ਕੇ ਮਿੱਢਾ ਅਤੇ ਹੋਰ ਸ਼ਾਮਲ ਸਨ।