ਚੰਡੀਗੜ੍ਹ, 17 ਸਤੰਬਰ 2020 - ਉੱਘੇ ਕਿਸਾਨ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ ਵਿੱਚੋਂ ਦਿੱਤੇ ਅਸਤੀਫੇ ਨੂੰ ਬਾਦਲ ਦਲ ਵੱਲੋਂ ਰਚੇ ਜਾ ਰਹੇ ਡਰਾਮਿਆਂ ਦੀ ਲੜੀ ਦਾ ਇਕ ਹਿੱਸਾ ਦੱਸਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬਿੱਲਾਂ ਉਤੇ ਕੇਂਦਰ ਸਰਕਾਰ ਵੱਲੋਂ ਅਕਾਲੀਆਂ ਦੇ ਮੂੰਹ ‘ਤੇ ਤਮਾਚਾ ਮਾਰਨ ਦੇ ਬਾਵਜੂਦ ਅਕਾਲੀ ਦਲ ਨੇ ਹਾਲੇ ਤੱਕ ਸੱਤਾਧਾਰੀ ਗਠਜੋੜ ਨਾਲੋਂ ਨਾਤਾ ਨਹੀਂ ਤੋੜਿਆ।
ਬਾਦਲ ਅਕਾਲੀ ਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਦੀ ਕੇਂਦਰ ਸਰਕਾਰ ਦਾ ਹਿੱਸਾ ਬਣੇ ਰਹਿਣ ਦੇ ਫੈਸਲੇ ਉਤੇ ਸਵਾਲ ਕਰਦਿਆਂ ਕਿਹਾ ਕਿ ਹਰਸਿਮਰਤ ਦਾ ਅਸਤੀਫਾ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ ਅਤੇ ਪੰਜਾਬੀਆਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਤੋਂ ਵੱਧ ਹੋਰ ਕੁੱਝ ਨਹੀਂ। ਉਨ੍ਹਾਂ ਕਿਹਾ, ”ਬਾਦਲ ਪਰਵਾਰ ਕਿਸਾਨ ਜਥੇਬੰਦੀਆਂ ਨੂੰ ਗੁੰਮਰਾਹ ਕਰਨ ਵਿੱਚ ਸਫਲ ਨਹੀਂ ਹੋਵੇਗਾ।” ਉਨ੍ਹਾਂ ਇਸ ਕਾਰਵਾਈ ਨੂੰ ਨਾਕਾਫੀ ਤੇ ਬਹੁਤ ਦੇਰ ਨਾਲ ਚੁੱਕਿਆ ਕਦਮ ਦੱਸਿਆ।
ਬਡਹੇੜੀ ਨੇ ਕਿਹਾ ਕਿ ਹਰਸਿਮਰਤ ਦਾ ਕੇਂਦਰੀ ਕੈਬਨਿਟ ਵਿੱਚੋਂ ਅਸਤੀਫਾ ਬਹੁਤ ਦੇਰੀ ਨਾਲ ਲਿਆ ਫੈਸਲਾ ਹੈ ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਕਿਸੇ ਕਿਸਮ ਦੀ ਮਦਦ ਨਹੀਂ ਹੋਣੀ। ਉਨ੍ਹਾਂ ਕਿਹਾ ਕਿ ਜੇ ਬਾਦਲ ਅਕਾਲੀ ਦਲ ਨੇ ਇਸ ਤੋਂ ਪਹਿਲਾਂ ਸਟੈਂਡ ਲਿਆ ਹੁੰਦਾ ਅਤੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਸੂਬਾ ਸਰਕਾਰ ਦਾ ਸਮਰਥਨ ਕੀਤਾ ਹੁੰਦਾ ਤਾਂ ਸ਼ਾਇਦ ਇਹ ਬਿੱਲ ਪਾਸ ਹੋਣ ਦੇ ਹਾਲਾਤ ਪੈਦਾ ਨਾ ਹੁੰਦੇ ਅਤੇ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਲਿਆਉਣ ਅਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਸੰਸਦ ਵਿੱਚ ਰੱਖਣ ਤੋਂ ਪਹਿਲਾਂ 100 ਵਾਰ ਸੋਚਣਾ ਪੈਂਦਾ। ਪਰ ਬਾਦਲ ਜੋੜੀ ਨੇ ਕੁਰਸੀ ਦੀ ਲਾਲਸਾ ਕਰਕੇ ਕਿਸਾਨਾਂ ਬਾਰੇ ਕੁੱਝ ਨਹੀਂ ਸੋਚਿਆ।
ਕਿਸਾਨ ਆਗੂ ਨੇ ਕਿਹਾ ਕਿ ਹਾਲੇ ਵੀ ਅਕਾਲੀ ਦਲ ਦਾ ਕੇਂਦਰੀ ਕੈਬਨਿਟ ਵਿੱਚੋਂ ਆਪਣੀ ਇਕਲੌਤੀ ਮੰਤਰੀ ਦਾ ਅਸਤੀਫਾ ਦਿਵਾਉਣ ਦੇ ਫੈਸਲਾ ਦਾ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਸਗੋਂ ਆਪਣੀ ਸਿਆਸੀ ਭਵਿੱਖ ਬਚਾਉਣ ਅਤੇ ਬਾਦਲਾਂ ਦੇ ਠੁੱਸ ਹੋ ਚੁੱਕੇ ਰਾਜਸੀ ਕਰੀਅਰ ਨੂੰ ਬਚਾਉਣ ਦੀ ਕਵਾਇਦ ਹੈ ਜਿਨ੍ਹਾਂ ਦੀ ਸ਼ਾਖ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਵਿੱਚ ਪੂਰੀ ਤਰ੍ਹਾਂ ਡਿੱਗ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਘਾਤਕ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਮੈਦਾਨ ਵਿੱਚ ਨਿੱਤਰੇ ਕਿਸਾਨਾਂ ਦਾ ਰੋਸ ਅਤੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦਾ ਦਬਾਅ ਹੀ ਸੀ ਜਿਨ੍ਹਾਂ ਨੇ ਬਾਦਲਾਂ ਨੂੰ ਆਪਣੇ ਪਹਿਲੇ ਸਟੈਂਡ ਤੋਂ ਪਲਟਣ ਲਈ ਮਜਬੂਰ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ, ”ਕੀ ਸੁਖਬੀਰ ਤੇ ਹਰਸਿਮਰਤ ਅਤੇ ਉਨ੍ਹਾਂ ਦੀ ਜੁੰਡਲੀ ਨੇ ਇਸ ਗੱਲ ਵੱਲ ਧਿਆਨ ਹੀ ਨਹੀਂ ਦਿੱਤਾ ਕਿ ਇਹ ਕਾਨੂੰਨ ਪੰਜਾਬ ਦੀ ਖੇਤੀ ਅਤੇ ਅਰਥਚਾਰੇ ਤੱਕ ਕਿਸ ਹੱਦ ਤੱਕ ਨੁਕਸਾਨ ਪਹੁੰਚਾ ਦੇਣਗੇ। ਸੱਤਾ ਦੀ ਲਾਲਸਾ ਵਿੱਚ ਉਹ ਇੰਨੇ ਅੰਨ੍ਹੇ ਹੋ ਗਏ ਕਿ ਉਨ੍ਹਾਂ ਨੇ ਇਨ੍ਹਾਂ ਆਰਡੀਨੈਂਸਾਂ ਦੇ ਖਤਰਿਆਂ ਤੋਂ ਜਾਣਬੁੱਝ ਕੇ ਅੱਖਾਂ ਮੀਚ ਲਈਆਂ।”ਹੁਣ ਇਨ੍ਹਾਂ ਦੀ ਗਿਣੀਮਿੱਥੀ ਖੇਡ ਪੂਰੀ ਤਰ੍ਹਾਂ ਜੱਗ ਜ਼ਾਹਰ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ ਆਪਣਾ ਵੋਟ ਬੈਂਕ ਬਚਾਉਣ ਲਈ ਖੇਤੀ ਬਿੱਲਾਂ ਵਿਰੁੱਧ ਜਨਤਕ ਸਟੈਂਡ ਲੈਣ ਤੋਂ ਬਿਨਾਂ ਬਾਦਲਾਂ ਕੋਲ ਹੋਰ ਕੋਈ ਚਾਰਾ ਨਹੀਂ ਸੀ ਬਚਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਬਾਦਲ ਪਰਵਾਰ ਨੂੰ ਪਹਿਲਾਂ ਵੀ ਛੱਡ ਦਿੱਤਾ ਹੈ ਅਤੇ ਭਵਿੱਖ ਵਿੱਚ ਸਿੱਖ ਅਤੇ ਕਿਸਾਨ ਬਾਦਲਾਂ ਨੂੰ ਨੇੜੇ ਨਹੀਂ ਲਾਉਣਗੇ ਇਹ ਅਸਤੀਫ਼ਾ ਬਾਦਲ ਪਰਿਵਾਰ ਨੂੰ ਸੁਪਨਿਆਂ ਦੇ ਸੰਸਾਰ ਵਿੱਚ ਲੈ ਜਾਵੇਗਾ ਜਿਵੇਂ ਸ਼ੇਖਚਿੱਲੀ ਦੇ ਨਵਾਂ ਵਿਰਾਸਤ ਅੰਸ਼ ਵੰਸ਼ ਦੀ ਦੁਬਾਰਾ ਬੇਲ ਵਧੀ ਹੋਵੇ। ਹੁਣ ਬਾਦਲ ਰਾਜਸੀ ਦ੍ਰਿਸ਼ ਤੋਂ ਵੀ ਹਮੇਸ਼ਾ ਲਈ ਗਾਇਬ ਹੋ ਜਾਣਗੇ।