ਜੀ ਐਸ ਪੰਨੂ
- ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧੇ
ਫ਼ਤਹਿਗੜ੍ਹ ਸਾਹਿਬ, 19 ਸਤੰਬਰ 2020 - ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਵਾਧਾ ਹੋਇਆ ਹੈ, ਜੋ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਉਪਰਾਲਿਆਂ ਸਦਕਾ ਸੰਭਵ ਹੋਇਆ ਹੈ। ਇਹ ਜਾਣਕਾਰੀ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਵਾਰਡ ਨੰਬਰ 12 ਸਰਹਿੰਦ ਵਿਖੇ ਕਰੀਬ 200 ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਵੱਲੋਂ ਸਮਾਰਟ ਫੋਨ ਵੰਡਣ ਮੌਕੇ ਕੀਤਾ।
ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਹੈ, ਜਿਸ ਨਾਲ ਸਿੱਖਿਆ ਦਾ ਮਿਆਰ ਮਿਸਾਲੀ ਤੌਰ ਉੱਤੇ ਉੱਪਰ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਦੇ ਰਹੇ ਹਨ। ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਿੱਖਿਆ ਦੇ ਮਿਆਰ ਵਿੱਚ ਵੱਡੇ ਪੱਧਰ ਉਤੇ ਸੁਧਾਰ ਹੋਇਆ ਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇ ਰਹੇ ਹਨ।