ਜਮਹੂਰੀ ਅਧਿਕਾਰ ਸਭਾ ਵਲੋਂ ਬੁੱਧੀਜੀਵੀਆਂ ਦੀ ਰਿਹਾਈ ਅਤੇ ਹੋਰ ਮੰਗਾਂ ਲਈ ਰੋਸ ਪ੍ਰਦਰਸ਼ਨ 22 ਸਤੰਬਰ ਨੂੰ
ਬਠਿੰਡਾ, 21 ਸਤੰਬਰ, 2020 : ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋ ਏ.ਕੇ.ਮਲੇਰੀ, ਮੀਤ ਪ੍ਰਧਾਨ ਪਿ੍ੰ ਬੱਗਾ ਸਿੰਘ ,ਜਨਰਲ ਸਕੱਤਰ ਪ੍ਰੋ ਜਗਮੋਹਨ ਸਿੰਘ,ਸਕੱਤਰੇਤ ਮੈਂਬਰ ਡਾ ਅਜੀਤਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਵਲੋਂ ਜਾਰੀ ਪ੍ਰਧਾਨ ਮੁਤਾਬਕ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੇ ਤਾਲਮੇਲ ਕੇਂਦਰ (ਸੀਡੀਆਰਓ) ਦੇ ਸੱਦੇ ਉੱਪਰ ਅਤੇ ਦੇਸ਼ ਦੇ ਕਿਸਾਨ ਸੰਘਰਸ਼ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਜਮਹੂਰੀ ਅਧਿਕਾਰ ਸਭਾ ਵੱਲੋਂ 22 ਸਤੰਬਰ ਨੂੰ ਪੰਜਾਬ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਨਾਲ ਮਿਲਕੇ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਜਿਹਨਾਂ ਵਿਚ ਮੰਗ ਕੀਤੀ ਜਾਵੇਗੀ ਕਿ ਭੀਮਾ ਕੋਰੇਗਾਓਂ ਕੇਸ ਅਤੇ ਨਾਗਰਿਕ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ ਕਾਰਕੁੰਨਾਂ ਅਤੇ ਬੁੱਧੀਜੀਵੀਆਂ ਵਿਰੁੱਧ ਮੜ੍ਹੇ ਝੂਠੇ ਕੇਸ ਰੱਦ ਕੀਤੇ ਜਾਣ।ਸਾਰੇ ਸਿਆਸੀ ਅਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਨੂੰ ਰਿਹਾ ਕੀਤਾ ਜਾਵੇ। ਸਿਆਸੀ ਕੈਦੀਆਂ ਨੂੰ ਕੌਮਾਂਤਰੀ ਐਲਾਨਾਮਿਆਂ ਅਨੁਸਾਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਐਨਆਈਏ ਅਤੇ ਹੋਰ ਸੁਰਕਾਰੀ ਏਜੰਸੀਆਂ ਦੀ ਦੁਰਵਰਤੋਂ ਬੰਦ ਕੀਤੀ ਜਾਵੇ। ਯੂਏਪੀਏ ਅਤੇ ਹੋਰ ਕਾਲੇ ਕਾਨੂੰਨ ਵਾਪਸ ਲਏ ਜਾਣ। ਭਾਰਤ ਨੂੰ ਪੁਲਸ ਰਾਜ ਬਨਾਉਣ ਦੀਆਂ ਕੋਸ਼ਿਸ਼ਾਂ ਬੰਦ ਕੀਤੀਆਂ ਜਾਣ। ਪਿਛਲੇ ਦਿਨੀਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਪਾਸ ਕੀਤੇ ਬਿੱਲ ਵਾਪਸ ਲਏ ਜਾਣ। ਕਰੋਨਾ ਬਹਾਨੇ ਸੰਘਰਸ਼ਸ਼ੀਲ ਤਬਕਿਆਂ ਉਪਰ ਕੇਸ ਦਰਜ ਕਰਨੇ ਬੰਦ ਕੀਤੇ ਜਾਣ ਅਤੇ ਲੋਕ ਮਾਰੂ ਫ਼ੈਸਲੇ ਵਾਪਸ ਲਏ ਜਾਣ। ਉਹਨਾਂ ਨੇ ਪੰਜਾਬ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਹੋਰ ਲੋਕਪੱਖੀ ਤਾਕਤਾਂ ਨੂੰ ਇਹਨਾਂ ਰੋਸ ਪ੍ਰਦਰਸ਼ਨਾਂ ਨੂੰ ਕਾਮਯਾਬ ਬਣਾਉਣ ਲਈ ਦੀ ਅਪੀਲ ਕੀਤੀ ਹੈ।