ਜਲੰਧਰ, 21 ਸਤੰਬਰ 2020 - ਜਲੰਧਰ 'ਚ ਥਾਣਾ ਸਦਰ ਦੇ ਅਧੀਨ ਆਉਂਦੇ ਜਮਸ਼ੇਰ ਖਾਸ ’ਚ ਸੋਮਵਾਰ ਸਵੇਰੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ’ਚ ਮੱਥਾ ਟੇਕਣ ਆਏ ਇਕ ਬੰਦੇ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਹੈ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਹਿਚਾਣ ਮਾਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਜਮਸ਼ੇਰ ਖਾਸ ਦੇ ਰੂਪ ’ਚ ਹੋਈ ਹੈ। ਉਕਤ ਵਿਅਕਤੀ ਸਾਬਕਾ ਮੈਂਬਰ ਪੰਚਾਇਤ ਵੀ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਏ. ਡੀ. ਸੀ. ਪੀ. ਸਿਟੀ 2 ਅਸ਼ਵਨੀ ਕੁਮਾਰ, ਏ. ਸੀ. ਪੀ. ਜਲੰਧਰ ਕੈਂਟ ਧਰਮਪਾਲ ਅਤੇ ਥਾਣਾ ਸਦਰ ਦੇ ਇੰਚਾਰਜ ਕਮਲਜੀਤ ਸਿੰਘ ਤੁਰੰਤ ਮੌਕੇ ’ਤੇ ਪਹੁੰਚੇ। ਪੁਲਸ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਧਿਕਾਰੀਆਂ ਮੁਤਾਬਕ ਮ੍ਰਿਤਕ ਬੰਦਾ ਸਵੇਰੇ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਗਿਆ ਸੀ ਅਤੇ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਉਸ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ, ਜਿਨ੍ਹਾਂ ’ਚੋਂ ਇਕ ਛਾਤੀ, ਇਕ ਡੋਲੇ ਅਤੇ ਇਕ ਗੁੱਟ ’ਤੇ ਲੱਗੀ। ਪਰਿਵਾਰਕ ਮੈਂਬਰਾਂ ਵੱਲੋਂ ਉਕਤ ਵਿਅਕਤੀ ਨੂੰ ਨੇੜਲੇ ਸਥਿਤ ਹਸਪਤਾਲ ਲਿਜਾਇਆ ਗਿਆ, ਜਿੱਥੇ ਰਸਤੇ ’ਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਪੁਲਸ ਨੇ ਇਸ ਸਬੰਧ ’ਚ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਅਜੇ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।