ਜਗਦੀਸ਼ ਥਿੰਦ
ਫਾਜ਼ਿਲਕਾ, 21 ਸਤੰਬਰ
ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਨਵਲ ਰਾਮ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾਂ ਤਹਿਤ ਪਿੰਡਾਂ ਦੇ ਬਹੁਪੱਖੀ ਵਿਕਾਸ ਕਰਨ ਲਈ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਗੈਪ ਫੀਲਿੰਗ ਫੰਡ ਰਾਹੀਂ ਸਰਕਾਰ ਵੱਲੋਂ ਪਹਿਲੇ ਪੜਾਅ ਵਿਚ ਬੁਨਿਆਦੀ, ਸਮਾਜਿਕ ਤੇ ਆਰਥਿਕ ਪੱਖੋਂ ਵਿਕਾਸ ਕਰਨ ਲਈ ਫਾਜ਼ਿਲਕਾ ਜ਼ਿਲੇ੍ਹ ਦੇ 59 ਪਿੰਡਾਂ ਦੀ ਚੋਣ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਫੰਡਾਂ ਰਾਹੀਂ ਪੀਣ ਯੋਗ ਪਾਣੀ, ਠੋਸ ਤੇ ਤਰਲ ਵੇਸਟ ਪਦਾਰਥਾਂ ਦਾ ਪ੍ਰਬੰਧਨ, ਸਕੂਲਾਂ ਤੇ ਆਂਗਨਵਾੜੀ ਸੈਂਟਰਾਂ ਵਿਚ ਪਖਾਣਿਆਂ ਦੀ ਮੁਰੰਮਤ ਸਬੰਧੀ, ਆਂਗਣਵਾੜੀ ਸੈਂਟਰ ਦੀ ਇਮਾਰਤ ਬਣਾਉਣ, ਸੜਕਾਂ ਬਣਾਉਣ ਸਬੰਧੀ, ਸੋਲਰ ਲਾਈਟਾਂ ਤੇ ਗਲੀਆਂ ਵਿਚ ਲਾਈਟਾਂ ਲਗਾਉਣ ਸਬੰਧੀ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਹਰੇਕ ਪਿੰਡ `ਤੇ 20 ਲੱਖ ਰੁਪਏ ਦੀ ਰਾਸ਼ੀ ਨਾਲ ਵੱਖ-ਵੱਖ ਵਿਕਾਸ ਕਾਰਜਾਂ ਨੂੰ ਜਮੀਨੀ ਪੱਧਰ `ਤੇ ਕਰਵਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਬੰਧਤ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਕੀਤੇ ਜਾ ਰਹੇ ਵਿਕਾਸ ਕਾਰਜਾਂ `ਚ ਜੇਕਰ ਹੋਰ ਫੰਡ ਦੀ ਜ਼ਰੂਰਤ ਪੈਂਦੀ ਹੈ ਤਾਂ ਇਸ ਗੈਪ ਫੀਲਿੰਗ ਫੰਡ ਰਾਹੀਂ ਵਿਕਾਸ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਰਨ `ਚ ਕੋਈ ਕਮੀ ਨਾ ਰਹਿ ਜਾਵੇ ਇਸ ਲਈ ਸਰਕਾਰ ਵੱਲੋਂ ਇਸ ਯੋਜਨਾ ਅਧੀਨ ਵਿਕਾਸ ਕਾਰਜਾਂ ਨੂੰ ਕਵਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਨੂੰ ਕਰਨ ਲਈ ਫੰਡਾਂ ਦੀ ਵਰਤੋਂ ਪਿੰਡ ਪੱਧਰ `ਤੇ ਬਣੀ ਕਮੇਟੀ ਵੱਲੋਂ ਮਤਾ ਪਾਸ ਕਰਕੇ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਫੰਡਾਂ ਦੀ ਵਰਤੋਂ ਸਹੀ ਢੰਗ ਨਾਲ ਹੋਵੇ ਇਸ ਲਈ ਟੀਮਾਂ ਵੀ ਨਿਯੁਕਤ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਸਰਪੰਚਾਂ ਤੇ ਹੋਰਨਾਂ ਅਧਿਕਾਰੀਆਂ ਵੱਲੋਂ ਫੰਡਾਂ ਦੀ ਵਰਤੋਂ ਦਾ ਮੁਕੰਮਲ ਰਿਕਾਰਡ ਵੀ ਰੱਖਿਆ ਜਾਵੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੁਖਪਾਲ ਸਿੰਘ, ਜ਼ਿਲ੍ਹਾ ਭਲਾਈ ਅਫਸਰ ਬਰਿੰਦਰ ਸਿੰਘ, ਤਹਿਸੀਲ ਭਲਾਈ ਅਫਸਰ ਅਸ਼ੋਕ ਕੁਮਾਰ, ਪੰਮੀ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਸਰਪੰਚ ਮੌਜੂਦ ਸਨ।