-ਪਿੰਡ ਝਬੇਲਵਾਲੀ ਵਿਖੇ ਲਗਾਏ ਧਰਨੇ ਦੌਰਾਨ ਕੇਂਦਰ ਸਰਕਾਰ ਦੀ ਨੀਤੀ ਨੂੰ ਕੋਸਿਆ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ 2020-ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸੂਬੇ ਭਰ ਅੰਦਰ ਵਿਰੋਧ ਜਾਰੀ ਹੈ। ਇਸੇ ਤਰ੍ਹਾਂ ਅੱਜ ਬਲਾਕ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਆਗੂਆਂ ਵੱਲੋਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਨੇੜਲੇ ਪਿੰਡ ਝਬੇਲਵਾਲੀ ਵਿਖੇ ਧਰਨਾ ਲਗਾਇਆ ਗਿਆ ਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਬਲਾਕ ਪ੍ਰਧਾਨ ਭਿੰਦਰ ਸ਼ਰਮਾ ਦੀ ਅਗਵਾਈ ਹੇਠ ਲਗਾਏ ਗਏ ਧਰਨੇ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਭਿੰਦਰ ਸ਼ਰਮਾ ਨੇ ਕਿਹਾ ਕਿ ਇਹ ਕਾਨੂੰਨ ਕਿਸਾਨ ਮਾਰੂ ਹੈ ਤੇ ਕਿਸਾਨੀ ਨੂੰ ਪੂਰੀ ਤਰ੍ਹਾਂ ਨਾਲ ਖ਼ਤਮ ਕਰ ਦੇਵੇਗਾ। ਉਨ੍ਹਾਂ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਇੰਨ੍ਹਾਂ ਆਰਡੀਨੈਂਸਾਂ ਦੇ ਲਾਗੂ ਹੋਣ ਨਾਲ ਹਰ ਵਰਗ ਨੂੰ ਨੁਕਸਾਨ ਹੋਵੇਗਾ ਕਿਉਂਕਿ ਸਬੇ ਦਾ ਹਰ ਵਰਗ ਕਿਸਾਨੀ ਨਾਲ ਜੁੜਿਆ ਹੋਇਆ ਹੈ ਅਤੇ ਜੇਕਰ ਕਿਸਾਨੀ ਬਚੇਗੀ ਤਾਂ ਹੀ ਪਜੰਾਬ ਬਚੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਇੰਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਜਾਰੀ ਹੈ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਣਾ ਹੀ ਪਵੇਗਾ। ਇਸ ਮੌਕੇ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਵੀ ਕੀਤੀ। ਉਪਰੰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਸਾਬਕਾ ਸਰਪੰਚ ਰਾਮ ਨਰਾਇਣ, ਸਰਪੰਚ ਚੜ੍ਹੇਵਾਨ ਗੁਰਵੰਤ ਸਿੰਘ, ਸ਼ਿਵਰਾਜ ਸਿੰਘ, ਪਿੱਪਲ ਸਿੰਘ, ਗੁਰਪ੍ਰੀਤ ਸਿੰਘ, ਛੱਜੂ ਰਾਮ, ਨਛੱਤਰ ਸਿੰਘ, ਪੱਪੀ ਬਜ਼ਾਜ਼, ਜਸਕਰਨ ਸਿੰਘ, ਰਿੰਕੂ ਭੁੱਲਰ, ਪੱਪੂ ਢਿੱਲੋਂ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਹਾਜ਼ਰ ਸਨ।