ਵਿਦਿਆਰਥਣਾਂ ਨੂੰ ਕੋਰਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਦਿੱਤਾ ਸੱਦਾ
ਜਲੰਧਰ, 21 ਸਤੰਬਰ 2020 -‘ਬੇਟੀ ਪੜ੍ਹਾਓ-ਬੇਟੀ ਬਚਾਓ’ ਮੁਹਿੰਮ ਅਧੀਨ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਹੋਣਹਾਰ ਅਤੇ ਯੋਗ ਲੜਕੀਆਂ ਲਈ ਮੁਫਤ ਆਨਲਾਈਨ ਕੋਚਿੰਗ ਨੂੰ ਯਕੀਨੀ ਬਣਾਉਣ ਵਾਸਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੋਰਸ ਦੀਆਂ ਕਲਾਸਾਂ ਦਾ ਉਦਘਾਟਨ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੋਹ ਰਹੀਆਂ ਹਨ ।
ਉਨ੍ਹਾਂ ਦੱਸਿਆ ਕਿ ਲਗਭਗ 150 ਲੜਕੀਆਂ ਨੇ ਕੋਰਸ ਲਈ ਆਪਣਾ ਨਾਮ ਦਰਜ ਕਰਵਾਇਆ ਹੈ, ਜਿਸ ਵਿੱਚ ਉਨ੍ਹਾਂ ਨੂੰ ਮਾਹਰਾਂ ਵੱਲੋਂ ਆਨਲਾਈਨ ਪੜ੍ਹਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੋਰਸ ਅਧੀਨ ਪ੍ਰਸ਼ਾਸਨ ਇਨ੍ਹਾਂ ਲੜਕੀਆਂ ਨੂੰ ਵੱਖ ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਜਿਵੇਂ ਆਈ.ਏ.ਐਸ., ਪੀ.ਸੀ.ਐੱਸ., ਐਸ.ਐੱਸ.ਸੀ., ਬੈਂਕਿੰਗ ਖੇਤਰ ਵਿੱਚ ਪ੍ਰੋਬੇਸ਼ਨਰੀ ਅਫਸਰ ਅਤੇ ਵੱਖ ਵੱਖ ਸਰਕਾਰੀ ਨੌਕਰੀਆਂ ਸਬੰਧੀ ਪ੍ਰੀਖਿਆਵਾਂ ਲਈ ਕੋਚਿੰਗ ਮੁਹੱਈਆ ਕਰਵਾਏਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ -19 ਮਹਾਂਮਾਰੀ ਕਾਰਨ ਮੌਜੂਦਾ ਸਮੇਂ ਕਲਾਸਾਂ ਆਨਲਾਈਨ ਆਯੋਜਿਤ ਕੀਤੀਆਂ ਜਾਣਗੀਆਂ ਅਤੇ ਬਾਅਦ ਵਿਚ ਸਥਿਤੀ ਸੁਧਾਰਨ 'ਤੇ ਵਿਦਆਰਥਣਾਂ ਤੇ ਮਾਹਰ ਸਰੀਰਿਕ ਤੌਰ 'ਤੇ ਕਲਾਸਾਂ ਵਿੱਚ ਹਾਜ਼ਰ ਹੋ ਸਕਣਗੇ।
ਉਨ੍ਹਾਂ ਕਿਹਾ ਕਿ ਲੜਕੀਆਂ ਦੀ ਸਫਲਤਾ ਲਈ ਸਿੱਖਿਆ ਇਕੋ ਇਕ ਕੁੰਜੀ ਹੈ ਅਤੇ ਉਨ੍ਹਾਂ ਨੂੰ ਸਮਾਜ ਦੀ ਭਲਾਈ ਨੂੰ ਯਕੀਨੀ ਬਣਾਉਣ ਵਾਸਤੇ ਖੁਦ ਨੂੰ ਸਸ਼ਕਤ ਬਣਾਉਣ ਲਈ ਅਜਿਹੇ ਕੋਰਸਾਂ ਨੂੰ ਅਪਣਾਉਣ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਕ ਪੜ੍ਹੀ ਲਿਖੀ ਔਰਤ ਸਮਾਜ ਵਿਚ ਨਾ ਸਿਰਫ ਆਪਣੇ ਲਈ ਇਕ ਮਹੱਤਵਪੂਰਣ ਜਗ੍ਹਾ ਬਣਾ ਸਕਦੀ ਹੈ ਬਲਕਿ ਉਹ ਆਪਣੀ ਔਲਾਦ ਦੀ ਕਿਸਮਤ ਨੂੰ ਵੀ ਬਦਲ ਸਕਦੀ ਹੈ।
ਉਨ੍ਹਾਂ ਕਿਹਾ ਕਿ ਅੱਜ ਦੇਸ਼ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ ਕਿਉਂਕਿ ਵੱਧ ਤੋਂ ਵੱਧ ਗਿਣਤੀ ਵਿੱਚ ਵਿਦਿਆਰਥਣਾਂ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ ਅਤੇ ਆਪਣੇ ਪਰਿਵਾਰਾਂ ਦਾ ਸਿਰ ਉੱਚਾ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਇਸ ਕੋਰਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ, ਜਿਸ ਨਾਲ ਭਵਿੱਖ ਵਿੱਚ ਉਨ੍ਹਾਂ ਨੂੰ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਉਹ ਸਮਾਜ ਵਿੱਚ ਉਸਾਰੂ ਭੂਮਿਕਾ ਨਿਭਾ ਸਕਣਗੀਆਂ।
ਲੜਕੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਲੜਕੀਆਂ ਲਗਭਗ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕਰ ਰਹੀਆਂ ਹਨ।
ਇਸ ਮੌਕੇ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਰੰਧਾਵਾ ਅਤੇ ਹੋਰ ਮੌਜੂਦ ਸਨ।