ਸ: ਰੁਮਾਲਿਆਂ ਵਾਲਾ ਦਾ ਵਿਛੋੜਾ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ: ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ, 21 ਸਤੰਬਰ 2020 - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਸ: ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਸਦੀਵੀ ਵਿਛੋੜੇ ਨੂੰ ਸਿੱਖ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਿਹਾ। ਉਨ੍ਹਾਂ ਸ: ਰੁਮਾਲਿਆਂ ਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾਂ ਕਰਦਿਆਂ ਕਿਹਾ ਕਿ ਸ: ਰੁਮਾਲਿਆਂ ਵਾਲੇ ਵੱਲੋਂ ਨਿਭਾਈਆਂ ਗਈਆਂ ਪੰਥਕ ਸੇਵਾਵਾਂ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਕਈ ਦਹਾਕਿਆਂ ਤੋਂ ਸਵੱਈਏ ਪੜ੍ਹਨ ਦੀ ਸੇਵਾ ਨੂੰ ਸਦਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਵੀ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ।