ਹਰਜਿੰਦਰ ਸਿੰਘ ਭੱਟੀ
- ਨਿਰਵਿਘਨ ਅਤੇ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀ ਯਾਰਡਾਂ ਦੀ ਗਿਣਤੀ 11 ਤੋਂ ਵਧਾ ਕੇ 27 ਕੀਤੀ
- ਕੋਵਿਡ-19 ਸੁਰੱਖਿਆ ਪ੍ਰੋਟੋਕੋਲਾਂ ਦੀ ਕੀਤੀ ਜਾਵੇਗੀ ਪਾਲਣਾ
ਐਸ.ਏ.ਐਸ. ਨਗਰ, 27 ਸਤੰਬਰ 2020 - ਖ਼ਰੀਦ ਪ੍ਰਕਿਰਿਆ ਜਲਦ ਸ਼ੁਰੂ ਕਰਨ ਸਬੰਧੀ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਸ਼ੁਰੂ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਭੀੜ ਨੂੰ ਘਟਾਉਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਕਾਇਮ ਰੱਖਣ ਲਈ ਆਮ ਤੌਰ `ਤੇ ਵਰਤੀਆਂ ਜਾਂਦੀਆਂ 11 ਮੰਡੀਆਂ ਦੀ ਥਾਂ 27 ਮੰਡੀ ਯਾਰਡ ਸਥਾਪਤ ਕੀਤੇ ਗਏ ਹਨ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਖਰੀਦ ਪੜਾਅਵਾਰ ਢੰਗ ਨਾਲ ਕੀਤੀ ਜਾਵੇਗੀ ਅਤੇ ਕਿਸਾਨ ਮੰਡੀਆਂ ਬੋਰਡ ਦੇ ਅਧਿਕਾਰੀਆਂ ਦੁਆਰਾ ਜਾਰੀ ਕੀਤੇ ਗਏ ਪਾਸਾਂ ਨਾਲ ਮੰਡੀਆਂ ਵਿੱਚ ਦਾਖਲ ਹੋਣਗੇ।ਸਮਾਜਿਕ ਦੂਰੀ ਬਣਾਈ ਰੱਖਣ ਲਈ ਮੰਡੀ ਯਾਰਡਾਂ ਵਿੱਚ 30 ਫੁੱਟ-30 ਫੁੱਟ ਬਲਾਕਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮਾਰਕੀਟ ਕਮੇਟੀਆਂ/ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਮਜ਼ਦੂਰਾਂ ਅਤੇ ਸਟਾਫ਼ ਲਈ ਲੋੜੀਂਦੇ ਸਾਬਣ, ਸੈਨੇਟਾਈਜ਼ਰ ਅਤੇ ਮਾਸਕਾਂ ਦੀ ਵਿਵਸਥਾ ਕਰਨ। ਉਹ ਮੰਡੀਆਂ ਵਿੱਚ ਸੋਡੀਅਮ ਹਾਈਪੋਕਲੋਰਾਈਟ ਦਾ ਸਪ੍ਰੇ ਵੀ ਯਕੀਨੀ ਬਣਾਉਣਗੇ।
ਮੰਡੀਆਂ ਵੱਖ-ਵੱਖ ਖਰੀਦ ਏਜੰਸੀਆਂ ਨੂੰ ਅਲਾਟ ਕੀਤੀਆਂ ਗਈਆਂ ਹਨ। ਮੰਡੀਆਂ ਵਿੱਚ ਹੁਣ ਤੱਕ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਉਲਲੱਬਧ ਹੈ। ਮੰਡੀ ਬੋਰਡ ਨੂੰ ਮੀਂਹ ਤੋਂ ਅਨਾਜ ਦੇ ਬਚਾਓ ਲਈ ਤਰਪਾਲਾਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਇਸ ਤੋਂ ਇਲਾਵਾ ਸਾਰੇ ਖਰੀਦ ਕੇਂਦਰਾਂ `ਤੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਵਿਚ ਪੀਣ ਵਾਲੇ ਪਾਣੀ ਦੀ ਉਪਲਬਧਤਾ, ਬੈਠਣ ਲਈ ਢੁੱਕਵੀਂ ਜਗ੍ਹਾ, ਜਨਤਕ ਸਹੂਲਤਾਂ ਆਦਿ ਸ਼ਾਮਲ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕੀ ਹੋਈ ਅਤੇ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਸੁਚਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ।
ਬਨੂੜ ਮੰਡੀ ਵਿੱਚ ਝੋਨੇ ਦੀ ਖਰੀਦ ਅੱਜ ਰਾਜਪੁਰਾ ਤੋਂ ਵਿਧਾਇਕ, ਹਰਦਿਆਲ ਸਿੰਘ ਕੰਬੋਜ ਦੀ ਹਾਜ਼ਰੀ ਵਿੱਚ ਸ਼ੁਰੂ ਹੋਈ ਜਦੋਂਕਿ ਕੁਰਾਲੀ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਵੱਲੋਂ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਗਈ।