ਜਲੰਧਰ, 28 ਸਤੰਬਰ 2020: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਉਦਯੋਗ ਕੇਂਦਰ ਦੇ ਫੋਕਲ ਪੁਆਇੰਟ ਸਥਿਤ ਦਫ਼ਤਰ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 351 ਬੇਰੋਜ਼ਗਾਰ ਨੌਜਵਾਨਾਂ ਨੇ ਰੋਜ਼ਗਾਰ ਹਾਸਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਜਿਥੇ 428 ਬੇਰੋਜ਼ਗਾਰ ਨੌਜਵਾਨਾਂ ਨੇ ਹਿੱਸਾ ਲਿਆ ਉਥੇ ਵਿਕਟਰ ਫੋਰਜਿੰਗ, ਲੱਧੜ ਪੇਪਰ ਮਿੱਲ, ਆਰਜੀ ਇੰਡਸਟਰੀ, ਹਰਬਲ ਲਾਈਫ ਹੈਲਥ ਕੇਅਰ, ਏਕੇ ਇੰਟਰਨੈਸ਼ਨਲ, ਜੈਨ ਸੰਨਜ਼, ਫੋਰਜਿੰਗ ਐਂਡ ਕੈਮੀਕਲਜ਼, ਬਹਿਲ ਪੋਲੀਮਰ, ਈਐਮਐਮ ਸੀਈਈ ਸੀਈਈ ਸਪੋਰਟਸ, ਨੀਵੀਆ ਸਿੰਥੈਟਿਕ ਵਰਗੀਆਂ 14 ਨਾਮੀ ਕੰਪਨੀਆਂ ਨੇ ਸ਼ਿਰਕਤ ਕਰਦਿਆਂ 351 ਬੇਰੋਜ਼ਗਾਰ ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਸਹਾਇਕ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲੇ ਦੌਰਾਨ ਰੋਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਉਨ੍ਹਾਂ ਕਿਹਾ ਕਿ ਰਾਜ ਦੇ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਵਿੱਚ ਇਹ ਇਕ ਹੋਰ ਮੀਲ ਪੱਥਰ ਹਨ। 29 ਸਤੰਬਰ ਮੰਗਲਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਨਾਮੀ ਕੰਪਨੀਆਂ ਹਿੱਸਾ ਲੈਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇਹ ਰੋਜ਼ਗਾਰ ਮੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਦੇ ਹਰੇਕ ਬੇਰੋਜ਼ਗਾਰ ਨੌਜਵਾਨ ਨੂੰ ਰੋਜ਼ਗਾਰ ਦੇਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਰਾਹ ਪੱਧਰਾ ਕਰ ਰਹੇ ਹਨ । ਡੀ ਸੀ ਨੇ ਕਿਹਾ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਡੀ ਸੀ ਜਲੰਧਰ ਨੇ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ www.pgrkam.com 'ਤੇ ਆਪਣਾ ਨਾਮ ਦਰਜ ਕਰਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਹੋਰ ਜਾਣਕਾਰੀ ਲਈ ਨੌਜਵਾਨ 90569-20100 'ਤੇ ਵੀ ਸੰਪਰਕ ਕਰ ਸਕਦੇ ਹਨ।