- ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ
ਫਿਰੋਜ਼ਪੁਰ, 29 ਸਤੰਬਰ 2020 : ਨੋਵਲ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਦਾਣਾ ਮੰਡੀਆਂ ਵਿੱਚ ਝੋਨੇ ਦੀ ਲਿਫ਼ਟਿੰਗ, ਖ਼ਰੀਦ ਤੇ ਅਦਾਇਗੀ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਟੋਕਨਾਂ ਦੇ ਆਧਾਰ ਤੇ ਹੀ ਕਿਸਾਨ ਮੰਡੀਆਂ ਵਿੱਚ ਆਪਣੀ ਝੋਨੇ ਦੀ ਫਸਲ ਲਿਆਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਦਾਣਾ ਮੰਡੀ ਫਿਰੋਜ਼ਪੁਰ ਸਹਿਰ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਫਿਰੋਜ਼ਪੁਰ ਸ੍ਰੀ. ਅਮਿਤ ਗੁਪਤਾ, ਮਾਰਕਿਟ ਕਮੇਟੀ ਚੇਅਰਮੈਨ ਸੁਖਵਿੰਦਰ ਸਿੰਘ ਅਟਾਰੀ ਅਤੇ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸਾਸਨ ਵੱਲੋਂ ਜ਼ਿਲ੍ਹੇ ਅੰਦਰ ਝੋਨੇ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਮੰਡੀ ਬੋਰਡ ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੰਡੀਆਂ ਵਿੱਚ ਸਮਾਜਿਕ ਦੂਰੀ (ਸੋਸ਼ਲ ਡਿਸਟੈਂਸਿੰਗ) ਤੇ ਮਾਸਕ ਲਗਾਉਣ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਤੇ ਕੰਮ ਕਰ ਰਹੀ ਲੇਬਰ ਦੇ ਹੱਥ ਸਾਬਣ ਤੇ ਸੈਨੀਟਾਈਜ਼ਰ ਨਾਲ ਸਾਫ ਕਰਵਾਏ ਜਾਣ ਤਾਂ ਜੋ ਜੋ ਕੋਵਿਡ-19 ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਮੰਡੀਆਂ ਵਿਚ ਕਿਸਾਨਾਂ ਆੜ੍ਹਤੀਆਂ, ਲੇਬਰ, ਟਰਾਂਸਪੋਰਟਰਾਂ ਆਦਿ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖ਼ਰੀਦੀ ਗਈ ਝੋਨੇ ਦੀ ਢੋਆ ਢੁਆਈ ਲਈ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਬੰਧਿਤ ਵਿਭਾਗ ਵੱਲੋਂ ਜਾਰੀ ਕੀਤੇ ਟੋਕਨਾਂ ਮੁਤਾਬਕ ਤੇ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਤਹਿ ਕੀਤੇ ਮਾਪਦੰਡਾਂ ਤੋਂ ਵੱਧ ਨਮੀ ਵਾਲੇ ਝੋਨੇ ਨੂੰ ਮੰਡੀਆਂ ਵਿਚ ਨਾ ਲਾਹੁਣ ਦੇਣ।
ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਮੁਕੇਸ਼ ਕੁਮਾਰ ਮਲਹੋਤਰਾ, ਕੁਲਦੀਪ ਗੱਖੜ ਵਾਈਸ ਚੇਅਰਮੈਨ ਮਾਰਕੀਟ ਕਮੇਟੀ, ਮੰਡੀ ਸੁਪਰਵਾਈਜਰ ਸੁਰਜੀਤ ਸਿੰਘ, ਅਸੋਕ ਬਹਿਲ ਸਕੱਤਰ ਰੈੱਡ ਕਰਾਸ, ਕਾਂਗਰਸੀ ਆਗੂ ਬਿੱਟੂ ਸਾਂਘਾ, ਰਿੰਕੂ ਗਰੋਵਰ, ਬਲਵੀਰ ਬਾਠ, ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਤਿਲਕ ਰਾਜ, ਅੰਬ ਸਿੰਘ, ਸੁਖਦੇਵ ਸਿੰਘ, ਪਾਲ ਸਿੰਘ ਝੰਜਲ, ਤਲਵਿੰਦਰ ਵਕੀਲਾ ਵਾਲੀ, ਨਰਿੰਦਰ ਮਸਰਾਲ ਤੋ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜਤੀਏ ਅਤੇ ਕਿਸਾਨ ਹਾਜ਼ਰ ਸਨ।