- 45 ਸਾਲਾ ਤੋਂ ਸਰਕਾਰਾਂ ਕਰ ਰਹੀਆਂ ਹਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਸ਼ੋਸ਼ਣ
ਗੁਰਨਾਮ ਸਿੱਧੂ
ਫਿਰੋਜ਼ਪੁਰ 1 ਅਕਤੂਬਰ 2020 - ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2 ਅਕਤੂਬਰ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਬਣਾ ਕੇ ਫੂਕੇ ਜਾਣਗੇ । ਇਹ ਜਾਣਕਾਰੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ ਨੇ ਦਿੱਤੀ ।
ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਪਿਛਲੇ 45 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਸ਼ੋਸ਼ਣ ਕਰ ਰਹੀਆਂ ਹਨ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਨਹੀਂ ਐਲਾਨਿਆ ਗਿਆ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰੀ ਨਰਸਰੀ ਟੀਚਰ ਦੀਆਂ ਪੋਸਟਾਂ ਭਰ ਰਹੀ ਹੈ ਤੇ ਸਾਡੀ ਮੰਗ ਹੈ ਕਿ ਇਹਨਾ ਪੋਸਟਾਂ ਤੇ ਪਹਿਲ ਦੇ ਅਧਾਰ ਤੇ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਕਿਉਂਕਿ ਅਸੀਂ 45 ਸਾਲਾਂ ਤੋਂ 3 ਸਾਲ ਤੋਂ ਲੇ ਕੇ 6ਸਾਲ ਦੇ ਬੱਚਿਆਂ ਨੂੰ ਪ੍ਰੀ ਸਕੂਲ ਐਜੂਕੇਸ਼ਨ ਦੇ ਰਹੀਆਂ ਹਾਂ ।
ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਕੋਝੀ ਚਾਲ ਚਲਦਿਆਂ ਆਂਗਣਵਾੜੀ ਸੈਂਟਰਾਂ ਦੇ ਬੱਚੇ ਖੋਹੇ ਤੇ ਹੁਣ ਨਰਸਰੀ ਟੀਚਰ ਦਾ ਦਰਜਾ ਵਰਕਰਾਂ ਨੂੰ ਨਹੀਂ ਦਿੱਤਾ ਜਾ ਰਿਹਾ । ਇਹ ਸਰਾਸਰ ਧੱਕਾ ਹੈ , ਪਰ ਜਥੇਬੰਦੀ ਇਸ ਦੇ ਖਿਲਾਫ ਆਪਣਾ ਸੰਘਰਸ਼ ਕਰੇਗੀ ਤੇ ਸੂਬੇ ਭਰ ਦੀਆਂ ਵਰਕਰਾਂ ਤੇ ਹੈਲਪਰਾਂ ਇਸ ਸੰਘਰਸ਼ ਵਿੱਚ ਸਾਥ ਦੇਣਗੀਆਂ।