ਅਸ਼ੋਕ ਵਰਮਾ
ਬਠਿੰਡਾ, 1 ਅਕਤੂਬਰ 2020 - ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਸਰਕਾਰ ਝੋਨੇ ਦੀ ਕਟਈ ਦੇ ਮੱਦੇਨਜ਼ਰ ਪਰਾਲੀ ਤੇ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾ ਰਹੀ ਹੈ। ਇਸ ਤੋਂ ਇਲਾਵਾ ਸਾਂਝੀਆਂ ਥਾਵਾਂ, ਕੈਟਲ ਪੌਂਡ ਅਤੇ ਗਊਸ਼ਾਲਾਵਾਂ ਵਿਚ ਪਰਾਲੀ ਇਕੱਠੀ ਕਰਨ ਲਈ ਵੀ ਜ਼ਿਲ੍ਹੇ ਅੰਦਰ ਥਾਵਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ। ਜਿੱਥੇ ਕਿਸਾਨ ਜਾਂ ਕੋਈ ਵੀ ਉੱਦਮੀ ਆਪਣੀ ਪਰਾਲੀ ਭੰਡਾਰ ਕਰ ਸਕਦਾ ਹੈ ਇਹ ਭੰਡਾਰ ਕੀਤੀ ਬਾਸਮਤੀ ਦੀ ਪਰਾਲੀ ਨੂੰ ਉਹਨਾਂ ਥਾਵਾਂ ਉਤੇ ਲਿਜਾਇਆ ਜਾ ਸਕਦਾ ਹੈ, ਜਿੱਥੇ ਇਸ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾ ਸਕਦਾ ਹੈ
ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਨੂੰ ਬਿਨਾਂ ਸਾੜੇ ਜਾਣ ਤੋਂ ਨਿਪਟਾਉਣ ਲਈ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ ਇਸ ਦੇ ਹਿੱਸੇ ਵਜੋਂ ਇਸ ਸਾਲ 23500 ਹੋਰ ਖੇਤੀ ਮਸ਼ੀਨਾਂ ਕਿਸਾਨਾਂ ਨੂੰ ਵਿਅਕਤੀਗਤ ਜਾਂ ਸਮੂਹਾਂ ਜਾਂ ਸਹਿਕਾਰੀ ਸਭਾਵਾਂ ਰਾਹੀਂ 50 ਫੀਸਦੀ ਤੋਂ 80 ਫੀਸਦੀ ਸਬਿਸਡੀ ਉੱਤੇ ਦਿੱਤੀਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ ਪਿਛਲੇ ਦੋ ਸਾਲਾਂ ਵਿਚ ਪਰਾਲੀ ਨੂੰ ਖੇਤ ਵਿਚ ਹੀ ਨਿਪਟਾਉਣ ਲਈ 51,000 ਮਸ਼ੀਨਾਂ ਦਿੱਤੀਆਂ ਗਈਆਂ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਵਿਚ 27 ਲੱਖ ਹੈਕਟੇਅਰ ਰਕਬੇ ਵਿਚ ਝੋਨਾ ਲਾਇਆ ਜਾਂਦਾ ਹੈ ਜਿਸ ਵਿਚ 7 ਲੱਖ ਹੈਕਟੇਅਰ ਬਾਸਮਤੀ ਦੀ ਪੈਦਾਵਾਰ ਵੀ ਸ਼ਾਮਲ ਹੈ। ਇਸ ਨਾਲ ਖੇਤਾਂ ਵਿਚ ਝੋਨੇ ਦੀ 16.50 ਮਿਲੀਅਨ ਟਨ ਪਰਾਲੀ ਪੈਦਾ ਹੋਣ ਦੀ ਸੰਭਾਵਨਾ ਹੈ।