ਮਨਪ੍ਰੀਤ ਸਿੰਘ ਜੱਸੀ
- ਖੇਤੀ ਅਧਿਕਾਰੀ ਮੌਕੇ ਉਤੇ ਪਹੁੰਚ ਕੇ ਕਰ ਰਹੇ ਹਨ ਕਿਸਾਨਾਂ ਦੀ ਸਹਾਇਤਾ
ਅੰਮ੍ਰਿਤਸਰ, 1 ਅਕਤੂਬਰ 2020 - ਸਾਉਣੀ ਸੀਜ਼ਨ ਵਿਚ ਪਰਾਲੀ ਸਾੜੇ ਜਾਣ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਵਿਚ ਖੇਤੀ ਵਿਭਾਗ ਦੇ ਮਾਹਿਰ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਾਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਮਸ਼ੀਨਾਂ ਦਾ ਪ੍ਰਬੰਧ ਵੀ ਕਰਕੇ ਦੇ ਰਹੇ ਹਨ, ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਲਈ ਬਣਾਏ ਗਏ ਕਾਲ ਸੈਂਟਰ ਉਤੇ ਸਮਰਪਿਤ ਟੀਮ ਤਾਇਨਾਤ ਕੀਤੀ ਹੈ ਜੋ ਟੋਲ ਫਰੀ ਨੰਬਰ 1800-180-1551 ਰਾਹੀਂ ਪਰਾਲੀ ਦੇ ਨਿਪਟਾਰੇ ਲਈ ਖੇਤੀ ਮਸ਼ੀਨਰੀ ਬਾਰੇ ਕਿਸਾਨਾਂ ਦੇ ਸਵਾਲਾਂ ਤੇ ਸ਼ਕਿਆਂ ਦਾ ਫੌਰੀ ਨਿਵਾਰਨ ਕਰੇਗੀ।
ਖੇਤੀ ਅਧਿਕਾਰੀ ਕਿਸਾਨਾਂ ਨੂੰ ਸਮਝਾ ਰਹੇ ਹਨ ਕਿ ਪ੍ਰਦੂਸ਼ਣ ਫੈਲਣ ਨਾਲ ਕੋਵਿਡ-19 ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।। ਮੋਬਾਈਲ ਐਪ ਨਾਲ ਲੈਸ ਇਹ ਅਫਸਰ ਜ਼ਮੀਨ ਠੇਕੇ ਉਤੇ ਦੇਣ ਵਾਲੇ ਜ਼ਮੀਨ ਮਾਲਕ ਨੂੰ ਫੋਨ ਉਤੇ ਸਾਵਧਾਨ ਵੀ ਕਰ ਰਹੇ ਕਿ ਜੇਕਰ ਉਸਨੇ ਪਰਾਲੀ ਨਾ ਸਾੜੇ ਜਾਣ ਨੂੰ ਯਕੀਨੀ ਬਣਾਉਣ ਲਈ ਕੋਈ ਕਦਮ ਨਾ ਚੁੱਕਿਆ ਤਾਂ ਉਸ ਦੇ ਮਾਲ ਰਿਕਾਰਡ ਵਿਚ ਲਾਲ ਅੱਖਰਾਂ (ਰੈੱਡ ਐਂਟਰੀ) ਨਾਲ ਇੰਦਰਾਜ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਇਹ ਅਧਿਕਾਰੀ ਪਰਾਲੀ ਦੇ ਨਿਪਟਾਰੇ ਦੀਆਂ ਮਸ਼ੀਨਾਂ ਦੇ ਪ੍ਰਦਰਸ਼ਨ ਰਾਹੀਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰ ਰਹੇ ਹਨ ਕਿ ਕਿਹੜੀ ਮਸ਼ੀਨ ਕਿਹੜੇ ਕੰਮ ਲਈ ਵਰਤੀ ਜਾ ਸਕਦੀ ਹੈ।। ਇਸ ਤੋਂ ਇਲਾਵਾ ਕਿਸਾਨਾਂ ਨੂੰ ਪੈਫਲੇਟ, ਗੁਰਦੁਆਰਿਆਂ ਜਾਂ ਹੋਰ ਤਰੀਕਿਆਂ ਰਾਹੀਂ ਹੋਕੇ ਦੇਣ ਦਾ ਕੰਮ ਵੀ ਕਰ ਰਹੇ ਹਨ।। ਇਸ ਤੋਂ ਇਲਾਵਾ ਮੰਡੀਆਂ ਜਿੱਥੇ ਕਿ ਕਿਸਾਨ ਨੇ ਝੋਨਾ ਵੇਚਣ ਲਈ ਪਹੁੰਚਣਾ ਹੈ। ਉਥੇ ਵੱਡੇ ਅਕਾਰ ਦੇ ਹੋਰਿਡੰਗ ਜੋ ਕਿ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੰਦੇ ਹਨ, ਲਗਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ।