ਅਸ਼ੋਕ ਵਰਮਾ
ਬਠਿੰਡਾ, 1 ਅਕਤੂਬਰ 2020 - ਭਾਰਤੀ ਕਿਸਾਨ ਯੂਨੀਅਨ ਕਾਂਤੀਕਾਰੀ ਦੀ ਅਗਵਾਈ ਹੇਠ ਰਾਮਪੁਰਾ ਰੇਲਵੇ ਸਟੇਸ਼ਨ ਤੇ ਕਿਸਾਨਾਂ ਨੇ ਬਠਿੰਡਾ ਅੰਬਾਲਾ ਰੇਲਵੇ ਟਰੈਕ ਤੇ ਪੱਕਾ ਧਰਨਾ ਲਾ ਕੇ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ। ਕੇਂਦਰ ਸਰਕਾਰ ਵੱਲੋ ਪਾਸ ਕੀਤੇ ਤਿੰਨ ਖੇਤੀ ਆਂਰਡੀਨੈਸਾਂ ਖਿਲਾਫ ਕੇਂਦਰ ਸਰਕਾਰ ਪ੍ਰਤੀ ਰੋਸ ਜ਼ਾਹਿਰ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਤੋਂ ਸਮੁੱਚਾ ਰੇਲ ਨੈੱਟਵਰਕ ਠੱਪ ਕਰ ਦਿੱਤਾ ਗਿਆ ਹੈ, ਜਦੋਂ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 24 ਸਤੰਬਰ ਤੋਂ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿੱਚ ਲਗਾਏ ਪੱਕੇ ਮੋਰਚਿਆਂ ਕਾਰਨ ਪੰਜਾਬ ਦਾ ਪੂਰੇ ਦੇਸ਼ ਨਾਲੋਂ ਰੇਲ ਸੰਪਰਕ ਟੁੱਟਿਆ ਹੋਇਆ ਹੈ।
ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਦੱਸਿਆ ਕਿ ਉਨਾਂ ਕਿਹਾ ਕਿ ਰੇਲਾਂ ਦਾ ਚੱਕਾ ਜਾਮ ਅਣਮਿਥੇ ਸਮੇਂ ਲਈ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਵੱਲੋਂ ਵਿੱਢੀ ਇਹ ਲੜਾਈ ਆਰ ਪਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਮੁਲਕ ਦੇ ਸਾਰੇ ਮਾਲ ਖਜ਼ਾਨੇ ਬਹੁਕੌਮੀ ਕੰਪਨੀਆਂ ਤੇ ਪੂੰਜੀਪਤੀਆਂ ਦੇ ਦੇਸੀ ਦਲਾਲਾਂ ਅੰਬਾਨੀ-ਅਡਾਨੀ ਵਰਗੇ ਕਾਰਪੋਰੇਟ ਕਾਰੋਬਾਰੀਆਂ ਨੂੰ ਸੰਭਾਲਣ ’ਤੇ ਤੁਲੀ ਹੋਈ ਹੈ। ਉਨ੍ਹਾਂ ਦੱਸਿਆ ਕਿ ਅੱਜ ਅੰਬਾਨੀ ਅਤੇ ਅਡਾਨੀ ਵਰਗੇ ਕਾਰੋਬਾਰੀਆਂ ਦੇ ਪੈਟਰੋਲ ਪੰਪਾਂ, ਰਿਟੇਲ ਸਟੋਰਾਂ ਅਤੇ ਹੋਰਨਾਂ ਟਿਕਾਣਿਆਂ ਤੇ ਵੀ ਮੋਰਚੇ ਲਾਏ ਗਏ ਹਨ। ਇਸ ਮੌਕੇ ਧਰਨੇ ਨੂੰ ਸਬੰਧੋਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋ ਤੱਕ ਸਰਕਾਰ ਖੇਤੀ ਬਿਲ ਵਾਪਿਸ ਨਹੀ ਲੈਂਦੀ ਉਦੋ ਤੱਕ ਇਹ ਧਰਨਾ ਜਾਰੀ ਰਹੇਗਾ । ਓਧਰ ਧਰਨੇ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ।