ਅਸ਼ੋਕ ਵਰਮਾ
ਬਠਿੰਡਾ, 17 ਅਕਤੂਬਰ 2020 - ਕਿਸਾਨ-ਅੰਦੋਲਨ ਦੇ 17ਵੇਂ ਦਿਨ ਵੀ ਕਿਸਾਨ ਜਥੇਬੰਦੀਆਂ ਨੇ ਰੇਲਵੇ-ਲਾਇਨਾਂ, ਟੋਲ-ਪਲਾਜਿਆਂ, ਰਿਲਾਇੰਸ -ਪੰਪਾਂ ਅਤੇ ਭਾਜਪਾ-ਆਗੂਆਂ ਦੇ ਘਰਾਂ ਮੂਹਰੇ ਲਾਏ ਮੋਰਚਿਆਂ ਨੂੰ ਜੋਸ਼ੋ-ਖਰੋਸ਼ ਨਾਲ ਮਘਾਈ ਰੱਖਿਆ। ਕੇਂਦਰ ਸਰਕਾਰ ਵੱਲੋਂ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਨੂੰ ਸੱਦਣ ਉਪਰੰਤ ਅਣਗੌਲਿਆਂ ਕਰਨ ਖ਼ਿਲਾਫ਼ ਰੋਸ-ਪ੍ਰਗਟਾਉਂਦਿਆਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਹਜ਼ਾਰਾਂ ਥਾਵਾਂ ‘ਤੇ ਪ੍ਰਧਾਨ-ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ । ਕਿਸਾਨ-ਜਥੇਬੰਦੀਆਂ ਦੇ ਬੁਲਾਰਿਆਂ ਨੇ ਅਰਥੀ-ਫੂਕ ਮੁਜ਼ਾਹਰਿਆਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਇੱਕ ਪਾਸੇ ਕੇਂਦਰ ਸਰਕਾਰ ਆਪਣੇ ਮੰਤਰੀਆਂ ਨੂੰ ਪੰਜਾਬ ਭੇਜ ਰਹੀ ਹੈ, ਜਦੋਂਕਿ ਦੂਜੇ ਪਾਸੇ ਦਿੱਲੀ ਗਏ ਪੰਜਾਬ ਦੇ ਕਿਸਾਨ ਆਗੂਆਂ ਲਈ ਖੇਤੀਬਾੜੀ ਮੰਤਰੀ ਸਮਾਂ ਨਹੀਂ ਦੇ ਸਕੇ। ਉਨਾਂ ਕਿਹਾ ਕਿ ਕੇਂਦਰ-ਸਰਕਾਰ ਇਸ ਭੁਲੇਖੇ ‘ਚ ਨਾ ਰਹੇ ਕਿ ਅਣਗੌਲਿਆਂ ਕਰਨ ਨਾਲ ਕਿਸਾਨ-ਸੰਘਰਸ਼ ਮੱਠਾ ਪੈ ਜਾਵੇਗਾ, ਬਲਕਿ ਇਹ ਅੰਦੋਲਨ ਦੇਸ਼ ਭਰ ‘ਚ ਮਜ਼ਬੂਤ ਹੁੰਦਿਆਂ ਸਰਕਾਰ ਨੂੰ ਲੋਕ-ਮਾਰੂ ਕਾਨੂੰਨ ਵਾਪਿਸ ਲੈਣ ਲਈ ਮਜ਼ਬੂਰ ਕਰ ਦੇਵੇਗਾ।
ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ ਅਤੇ ਭਾਰਤੀ ਕਿਸਾਨ ਯੂਨੀਅਨ(ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਅੱਜ ਮਹਿਮਦਪੁਰ-ਜੱਟਾਂ(ਪਟਿਆਲਾ) ਤੋਂ ਭਾਰਤੀ ਕਿਸਾਨ ਯੂਨੀਅਨ-ਸਿੱਧੂਪੁਰ ਦੇ ਸੀਨੀਅਰ ਆਗੂ ਹਰਬੰਸ ਸਿੰਘ ਦੀ ਮਹਿਮਦਪੁਰ ਜੱਟਾਂ ਵਿਖੇ ਮੋਦੀ-ਸਰਕਾਰ ਦਾ ਪੁਤਲਾ ਸਾੜਦਿਆਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਿਸਾਨ ਜਥੇਬੰਦੀਆਂ ਨੇ ਕਿਸਾਨ-ਆਗੂ ਨੂੰ ਕਿਸਾਨ-ਲਹਿਰ ਦਾ ਸ਼ਹੀਦ ਕਰਾਰ ਦਿੱਤਾ। ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਰਾਜਪੁਰਾ ਵਿਖੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ‘ਚ ਵਰਚੂਅਲ-ਸੈਮੀਨਾਰ ਕੀਤਾ ਜਾਣਾ ਸੀ, ਪਰ ਕਿਸਾਨਾਂ ਨੇ ਵਿਰੋਧ ਕਰਕੇ ਰੱਦ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟੌਲ-ਪਲਾਜਿਆਂ ‘ਤੇ ਸਾਰੇ ਵਹੀਕਲ ਬਿਨਾਂ ਟੌਲ ਟੈਕਸ ਤੋਂ ਹੀ ਲੰਘਾਏ ਜਾ ਰਹੇ ਹਨ ਅਤੇ ਰਿਲਾਇੰਸ ਤੇ ਐੱਸਾਰ ਦੇ ਪੰਪਾਂ ਤੋਂ ਕੋਈ ਵੀ ਤੇਲ ਨਹੀਂ ਪੁਆਇਆ ਜਾ ਰਿਹਾ ਹੈ।
ਇਸ ਮੌਕੇ ਬੁਲਾਰਿਆਂ ਨੇ ਖੇਤੀਬਾੜੀ ਸੋਧ ਕਾਨੂੰਨ ਤੇ ਬਿਜ਼ਲੀ ਸੋਧ ਬਿੱਲ 2020 ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਭਾਜਪਾ ਨੇ ਸਰਕਾਰ ਬਣਨ ’ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਦਾ ਭਰੋਸਾ ਦੁਆਇਆ ਸੀ, ਪਰ ਮੋਦੀ ਸਰਕਾਰ ਕਿਸਾਨਾਂ ਨਾਲ ਧਰੋਹ ਕਰ ਕੇ ਕਾਰਪੋਰੇਟਾਂ ਪੱਖੀ ਕਨੂੰਨ ਬਣਾਉਣ ਲੱਗੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਵੇਂ ਲਿਆਂਦੇ ਜਾ ਰਹੇ ਖੇਤੀਬਾੜੀ ਸੋਧ ਕਾਨੂੰਨ ਕਿਸਾਨ ਅਤੇ ਕਿਸਾਨੀ ਦੀਆਂ ਜੜਾਂ ਖੋਖਲੀਆਂ ਕਰ ਦੇਣਗੇ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਬਿੱਲਾਂ ਕਾਰਨ ਜਿਥੇ ਕਿਸਾਨਾਂ ਦੀਆਂ ਜਿਣਸਾਂ ਰੁਲਣਗੀਆਂ, ਉਥੇ ਮੰਡੀਆਂ ਵਿਚ ਕੰਮ ਕਰਦੇ ਮਜਦੂਰ ਤੇ ਆੜਤੀ ਵੀ ਬੇਰੁਜ਼ਗਾਰ ਹੋ ਜਾਣਗੇ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਕਿਸਾਨ ਅੰਦੋਲਨ ਨਾ ਰਹਿ ਕੇ ਹੁਣ ਜਨ ਅੰਦੋਲਨ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਆਪਣਾ ਹੱਠ ਵਾਲਾ ਰਵੱਈਆ ਨਹੀਂ ਛੱਡਦੀ, ਕਿਸਾਨ ਆਪੋ ਆਪਣੇ ਮੋਰਚਿਆਂ ਤੋਂ ਇੱਕ ਇੰਚ ਵੀ ਪਿੱਛੇ ਨਹੀਂ ਹਟਣਗੇ। ਉਨਾਂ ਮੰਗ ਕੀਤੀ ਕਿ ਕਿਸਾਨ, ਮਜ਼ਦੂਰ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ, ਬਿਜਲੀ ਬਿੱਲ 2020 ਵਾਪਸ ਲਿਆ ਜਾਵੇ ਅਤੇ ਸੀ-2 ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ ਸਮੇਤ ਸਰਕਾਰੀ ਖਰੀਦ ਦੀ ਗਾਰੰਟੀ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ’ਤੇ ਵੀ ਮੋਦੀ ਸਰਕਾਰ ਦੀ ਨਿੰਦਾ ਕੀਤੀ। ਉਨਾਂ ਕਿਹਾ ਕਿ ਸ਼ਹਿਰੀ ਲੋਕਾਂ ਨਾਲ ਤਾਲਮੇਲ ਕਰਕੇ ਲੋਕ ਏਕਤਾ ਦੇ ਘੇਰੇ ਨੂੰ ਵਧਾਇਆ ਜਾਵੇਗਾ ਅਤੇ ਇਨਾਂ ਕਾਨੂੰਨਾਂ ਖ਼ਿਲਾਫ਼ ਦਸਹਿਰੇ ਮੌਕੇ ਰਾਵਨ ਰੂਪੀ ਮੋਦੀ ਅਤੇ ਪੂੰਜੀਪਤੀਆਂ ਦੇ ਪੁਤਲੇ ਫੂਕੇ ਜਾਣਗੇ। ਆਗੂਆਂ ਨੇ ਸਮੂਹ ਪੰਜਾਬੀਆਂ ਨੂੰ ਇਸ ਲੜਾਈ ’ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਐਲਾਨ ਕੀਤਾ ਕਿ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਸੰਘਰਸ਼ ਜਾਰੀ ਰੱਖਿਆ ਜਾਏਗਾ।