22 ਅਕਤੂਬਰ,2020 : ਹੁਸ਼ਿਆਰਪੁਰ ਨੂੰ ਆਦਰਸ਼ ਸ਼ਹਿਰ ਦੇ ਤੌਰ 'ਤੇ ਵਿਕਸਿਤ ਕਰਨ ਲਈ ਜਿਥੇ ਹਰ ਬੁਨਿਆਦੀ ਸੁਵਿਧਾ ਉਪਲਬੱਧ ਕਰਵਾਉਣ ਦੇ ਨਾਲ-ਨਾਲ ਕਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਜਲੰਧਰ ਰੋਡ ਸਥਿਤ ਬਹੁ-ਤਕਨੀਕੀ ਕਾਲਜ ਦੇ ਬਾਹਰ ਬੱਸ ਕਿਊ ਸ਼ੈਲਟਰ ਦਾ ਉਦਘਾਟਨ ਕਰਦਿਆਂ ਪ੍ਰਗਟ ਕੀਤੇ। ਉਨਾਂ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਸਿਹਤ ਅਤੇ ਸਕਾਰਾਤਮਕ ਮਾਹੌਲ ਦੇਣ ਲਈ ਸਰਕਾਰ ਕੋਈ ਕਮੀ ਨਹੀਂ ਛੱਡ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਲੜੀ ਵਿੱਚ ਖੇਤਰ 'ਚ ਬੱਸ ਕਿਊ ਸ਼ੈਲਟਰ ਆਮ ਜਨਤਾ ਲਈ ਬਣਾਏ ਜਾ ਰਹੇ ਹਨ। ਉਨਾਂ ਕਿਹਾ ਕਿ ਬੱਸ ਕਿਊ ਸ਼ੈਲਟਰਾਂ ਦਾ ਨਿਰਮਾਣ ਇਸ ਲਈ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਬੱਸ ਫੜਨ ਲਈ ਧੁੱਪ ਜਾਂ ਮੀਂਹ ਵਿੱਚ ਖੜਾ ਨਾ ਹੋਣਾ ਪਵੇ। ਉਨਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸ਼ਹਿਰਾਂ ਵਿੱਚ ਓਪਨ ਜਿੰਮ ਲਗਾਏ ਜਾ ਰਹੇ ਹਨ, ਇਸ ਤਰਾਂ ਪਿੰਡਾਂ ਵਿੱਚ ਵੀ ਵਿਕਾਸ ਕਾਰਜਾਂ ਨੂੰ ਆਰੰਭਿਆ ਗਿਆ ਹੈ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਬੱਤ ਸਿਹਤ ਬੀਮਾਂ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸਦਾ ਸੂਬੇ ਦੇ ਲੱਖਾਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਲੋਕਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਆਪਣੀ ਪਸੰਦ ਦੇ ਕਿਸੇ ਵੀ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਵਿੱਚ ਆਪਣਾ ਕੈਸ਼ਲੈਸ ਇਲਾਜ ਕਰਵਾ ਸਕਦੇ ਹਨ।