ਹਰਜਿੰਦਰ ਸਿੰਘ ਭੱਟੀ
- ਪਰਾਲੀ ਨੂੰ ਬਿਨਾਂ ਅੱਗ ਲਗਾਏ 20 ਏਕੜ ਰਕਬੇ ਵਿੱਚ ਖੇਤੀ ਕਰ ਰਿਹਾ ਕਿਸਾਨ ਨਾਇਬ ਸਿੰਘ
ਐਸ.ਏ.ਐਸ ਨਗਰ, 27 ਅਕਤੂਬਰ 2020 - ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵੱਖ-ਵੱਖ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਡਿਪਟੀ ਕਮਿਸ਼ਨਰ ਗਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਕੇ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਦੀ ਵਿੱਢੀ ਕਿਸਾਨ ਜਾਗਰੂਕਤਾ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋਏ ਹਨ।
ਪਰਾਲੀ ਨੂੰ ਅੱਗ ਨਾ ਲਗਾ ਕੇ ਯੋਗ ਪ੍ਰਬੰਧਨ ਕਰਨ ਵਾਲਿਆਂ 'ਚ ਸ਼ਾਮਲ ਪਿੰਡ ਮਨੌਲੀ ਸੂਰਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਅਗਾਂਹਵਧੂ ਕਿਸਾਨ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਹੈ। ਨਾਇਬ ਸਿੰਘ ਨੇ ਦੱਸਿਆ ਕਿ ਉਸ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ 50 ਫੀਸਦੀ ਸਬਸਿਡੀ ਤੇ ਹੈਪੀਸੀਡਰ ਡਰਿੱਲ ਪ੍ਰਾਪਤ ਕੀਤੀ ਜਿਸ ਨਾਲ ਕਣਕ ਦੀ ਬਿਜਾਈ ਕਰਦਾ ਆ ਰਿਹਾ ਹੈ। ਕਿਸਾਨ ਨੇ ਦੱਸਿਆ ਉਸਦੇ ਕੋਲ ਆਪਣੀ 20 ਏਕੜ ਜ਼ਮੀਨ ਹੈ ਜਿਸ ਵਿੱਚੋਂ 15 ਏਕੜ ਜ਼ਮੀਨ ਚ ਝੋਨਾ ਅਤੇ 05 ਏਕੜ ਚ ਚਾਰੇ ਦੀ ਫਸਲ ਕਰਦਾ ਹੈ। ਅਗਾਂਹ ਵਧੂ ਕਿਸਾਨ ਨੇ ਦੱਸਿਆ ਕਿ ਉਸ ਨੇ ਪਿਛਲੇ 3 ਸਾਲਾਂ ਤੋਂ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਾ ਕੇ ਜ਼ਮੀਨ ਵਿੱਚ ਹੀ ਵਾਹ ਰਿਹਾ ਹੈ। ਕਿਸਾਨ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਕਿਹਾ ਕਿ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਤੋਂ ਚੰਗੇ ਨਤੀਜੇ ਪ੍ਰਾਪਤ ਹੋਏ ਹਨ ਅਤੇ ਖੇਤੀ ਲਾਗਤ 'ਚ ਕਾਫ਼ੀ ਕਮੀ ਵੀ ਆਈ ਹੈ।
ਨਾਇਬ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਾਲਤੂ ਪਸ਼ੂਆਂ ਮੱਝਾਂ, ਗਾਵਾਂ ਦੇ ਗੋਬਰ ਤੋਂ ਰੂੜੀ ਦੀ ਖਾਦ ਤਿਆਰ ਕਰਕੇ ਖੇਤਾਂ 'ਚ ਵਰਤਦਾ ਹੈ ਅਤੇ ਨਾਲ ਹੀ ਨਾਲ ਇਨ੍ਹਾਂ ਪਸ਼ੂਆਂ ਤੋਂ ਪ੍ਰਾਪਤ ਦੁੱਧ ਨੂੰ ਘਰੇਲੂ ਇਸਤੇਮਾਲ ਲਈ ਅਤੇ ਘਰੇਲੂ ਵਰਤੋਂ ਤੋਂ ਵੱਧ ਦਾ ਸਵੈ ਮੰਡੀਕਰਨ ਕਰਦਾ ਹੈ। ਕਿਸਾਨ ਦਾ ਕਹਿਣਾ ਹੈ ਕਿ ਉਹ ਆਪਣੇ ਸਾਥੀ ਕਿਸਾਨਾਂ ਨੂੰ ਵੀ ਝੋਨੇ ਦੀ ਪਰਾਲੀ ਅਤੇ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਿਹਾ ਹੈ ਕਿਉਂਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਂਦਾ ਹੈ, ਜਿਸਤੋਂ ਹਰੇਕ ਕਿਸਾਨ ਵੀਰ ਨੂੰ ਗੁਰੇਜ਼ ਕਰਨਾ ਚਾਹੀਦਾ ਹੈ।