- ਅਧਿਕਾਰੀਆਂ ਨੂੰ ਨਸ਼ਾ ਤਸ਼ਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਪ੍ਰਕਿਰਿਆ ਤੇਜ਼ ਕਰਨ ਦੀਆਂ ਹਦਾਇਤਾਂ
- ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜਲੰਧਰ, 28 ਅਕਤੂਬਰ 2020 - ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਨਸ਼ਿਆਂ ਅਤੇ ਗੈਰ ਕਾਨੂੰਨੀ ਸ਼ਰਾਬ ਦੀ ਸਮੱਗਲਿੰਗ ਵਿੱਚ ਲਿਪਤ ਲੋਕਾਂ ਖਿਲਾਫ਼ ਸ਼ਖਤ ਤੋਂ ਸਖ਼ਤ ਨੂੰ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਸ਼ਹਿਰ ਵਿੱਚ ਨਸ਼ਿਆਂ ਦੀ ਸਮੱਗਲਿੰਗ ਸਬੰਧੀ ਹੋਈ ਕਿਸੇ ਵੀ ਗਤੀਵਿਧੀ ਲਈ ਉਨਾਂ ਦੀ ਜਵਾਬਦੇਹੀ ਨਿਰਧਾਰਿਤ ਕੀਤੀ ਜਾਵੇਗੀ।
ਪੁਲਿਸ ਕਮਿਸ਼ਨਰ ਵਲੋਂ ਪੁਲਿਸ ਲਾਈਨ ਵਿਖੇ ਨਸ਼ਾਂ ਸਮੱਗਲਿੰਗ ਅਤੇ ਗੈਰ ਕਾਨੂੰਨੀ ਸ਼ਰਾਬ ਨੂੰ ਠੱਲ੍ਹ ਪਾਉਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ ਅਤੇ ਇਸ ਮੌਕੇ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਕਰਨ ਸਮੇਂ ਡਿਪਟੀ ਕਮਿਸ਼ਨਰ ਪੁਲਿਸ ਬਲਕਾਰ ਸਿੰਘ, ਨਰੇਸ਼ ਗੁਪਤਾ ਅਤੇ ਅਰੁਣ ਸੈਣੀ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਪੁਲਿਸ , ਸਹਾਇਕ ਕਮਿਸ਼ਨਰ ਪੁਲਿਸ ਅਤੇ ਪੁਲਿਸ ਕਮਿਸ਼ਨਰੇਟ ਨਾਲ ਸਬੰਧਤ ਸਮੂਹ ਐਸ.ਐਚ.ਓਜ਼ ਮ”ੌਜੂਦ ਸਨ।
ਭੁੱਲਰ ਨੇ ਫੀਲਡ ਪੁਲਿਸ ਅਫ਼ਸਰਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰਨ ਤੌਰ 'ਤੇ ਤੋੜਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਵਲੋਂ ਸੂਬੇ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਪੁਲਿਸ ਅਧਿਕਾਰੀਆ ਨੂੰ ਤਾੜਨਾ ਕੀਤੀ ਕਿ ਇਸ ਗੰਭੀਰ ਮੁੱਦੇ ਸਬੰਧੀ ਕੋਈ ਲਾਪ੍ਰਵਾਹੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਐਨ.ਡੀ.ਪੀ.ਐਸ.ਐਕਟ ਦੇ ਤਹਿਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ।
ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਕੇਸਾਂ ਵਿੱਚ ਯੋਜਨਾਬੱਧ ਢੰਗ ਨਾਲ ਵਿਸਥਾਰਪੂਰਵਕ ਪੜਤਾਲ ਕੀਤੀ ਜਾਵੇ ਤਾਂ ਜੋ ਸ਼ਹਿਰ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਮੁਕੰਮਲ ਤੌਰ 'ਤੇ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਦੇ ਆਦੀ ਲੋਕਾਂ ਦੀ ਪਹਿਚਾਣ ਕਰਕੇ ਉਨਾ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਨ੍ਹਾਂ ਵਲੋਂ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਪੁਆਇੰਟਾਂ ਅਤੇ ਖਾਸ ਕਰਕੇ ਜਨਤਕ ਥਾਵਾਂ ਦੇ ਸੁਰੱਖਿਆ ਪ੍ਰਬੰਧਾ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਪੁਲਿਸ ਪੈਟਰੋਲਿੰਗ ਪਾਰਟੀਆਂ ਨੂੰ ਕਿਹਾ ਕਿ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਗਸ਼ਤ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਲੋਕ ਸੁਰੱਖਿਆ ਪ੍ਰਬੰਧਾਂ ਦੀ ਚਿੰਤਾਂ ਤੋਂ ਮੁਕਤ ਹੋ ਕੇ ਬਿਨਾਂ ਕਿਸੇ ਡਰ ਦੇ ਤਿਉਹਾਰ ਮਨਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਵਤਸਲਾ ਗੁਪਤਾ ਅਤੇ ਹੋਰ ਵੀ ਹਾਜ਼ਰ ਸਨ।