ਹਰਜਿੰਦਰ ਸਿੰਘ ਭੱਟੀ
- ਝੋਨੇ ਦੀ ਪਰਾਲੀ ਨੂੰ ਸਾੜਨ ਦੇ ਬਗੈਰ ਕਣਕ ਦੀ ਬਿਜਾਈ ਕਰਨ ਦੀ ਅਪਨਾਈ ਤਕਨੀਕ
- ਜ਼ਿਲ੍ਹਾ ਪੱਧਰੀ ਕਿਸਾਨ ਕੈਂਪ ਵਿਚ ਮੋਮੈਂਟੋ ਅਤੇ ਸਰਟੀਫਿਕੇਟ ਨਾਲ ਕੀਤਾ ਜਾ ਚੁੱਕਾ ਸਨਮਾਨਿਤ
ਐਸ.ਏ.ਐਸ ਨਗਰ, 30 ਅਕਤੂਬਰ 2020 - ਵਾਤਾਵਰਨ ਨੂੰ ਸ਼ੁੱਧ ਰੱਖਣ ਅਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨ ਨਾਲ ਵਾਤਾਵਰਨ ਪ੍ਰਦੂਸ਼ਿਤ ਨਹੀਂ ਹੁੰਦਾ ਅਤੇ ਜ਼ਮੀਨ ਵਿੱਚਲੇ ਉਪਜਾਊ ਤੱਤ ਅਤੇ ਮਿੱਤਰ ਕੀੜੇ ਵੀ ਬਚਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡੇਰਾਬਸੀ ਬਲਾਕ ਚ ਪੈਂਦੇ ਪਿੰਡ ਭੁੱਖੜੀ ਦੇ ਅਗਾਂਹਵਧੂ ਕਿਸਾਨ ਅਮਰ ਸਿੰਘ ਨੇ ਕਿਹਾ ਕਿ ਸਮੇਂ ਦੇ ਨਾਲ ਖੇਤੀ ਮਾਹਿਰਾਂ ਵੱਲੋਂ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਵਾਹੁਣ ਦੀਆਂ ਅਜਿਹੀਆਂ ਤਕਨੀਕਾਂ ਵਿਕਸਤ ਕੀਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਨਾ ਕੇਵਲ ਵਧੇਰੇ ਪੈਦਾਵਾਰ ਹੀ ਮਿਲੇਦੀ ਹੈ ਬਲਕਿ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ।
ਅਗਾਂਹਵਧੂ ਕਿਸਾਨ ਅਮਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਾਥੀ ਕਿਸਾਨਾਂ ਨਾਲ ਮਿਲਕੇ ਖੇਤੀਬਾੜੀ ਚ ਨਵੀਂਆ ਤਕਨੀਕ ਅਪਣਾਉਣ ਲਈ ਅਤੇ ਸਰਕਾਰ ਵੱਲੋਂ ਪਰਾਲੀ ਤੇ ਇਸ ਦੀ ਰਹਿੰਦ ਖੂਹੰਦ ਨੂੰ ਨਾ ਸਾੜਨ ਦੀ ਮੁਹਿੰਮ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ " ਕਿਸਾਨ ਭਲਾਈ ਸੁਸਾਇਟੀ ਕਸਟਮ ਹਾਇਰਿੰਗ ਸੈਂਟਰ" ਬਣਾਇਆ ਜਿਸ ਦਾ ਉਹ ਖੁਦ ਪ੍ਰਧਾਨ ਹੈ।ਇਸ ਕਸਟਮ ਹਾਇਰਿੰਗ ਸੈਂਟਰ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਤੋਂ ਸਬਸਿਡੀਜ਼ਡ ਤੇ ਹੈਪੀ ਸੀਡਰ, ਮਲਚਰ, ਐਮ ਬੀ ਪਲੋ, ਰੋਟਾਵੇਟਰ ਅਤੇ ਚੋਪਰ ਪ੍ਰਾਪਤ ਕੀਤਾ ਹੈ। ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਯੋਜਨਾ ਤਹਿਤ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਇਸ ਮਸ਼ੀਨਰੀ ਨਾਲ ਸੰਭਾਲ ਰਿਹਾ ਹੈ ਅਤੇ ਹੋਰਨਾਂ ਨੇੜਲੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਕਰਨ ਲਈ ਉਨ੍ਹਾਂ ਨੂੰ ਇਹ ਮਸ਼ੀਨਰੀ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਦਾ ਪ੍ਰਯੋਗ ਪਸ਼ੂਆਂ ਦੇ ਸੁੱਕੇ ਚਾਰੇ ਦੇ ਤੌਰ 'ਤੇ ਵੀ ਕੀਤਾ ਜਾ ਜਾਂਦਾ ਹੈ, ਇਸ ਲਈ ਜਿੱਥੇ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਹੋ ਸਕਦਾ ਹੈ, ਉਥੇ ਪਸ਼ੂ ਪਾਲਣ ਲਈ ਸਸਤਾ ਚਾਰਾ ਵੀ ਉਪਲਬੱਧ ਹੋ ਜਾਂਦਾ ਹੈ।
ਕਿਸਾਨ ਅਮਰ ਸਿੰਘ ਨੇ ਦੱਸਿਆ ਕਿ ਉਹ 10 ਏਕੜ ਜ਼ਮੀਨ ਦੀ ਕਾਸ਼ਤ ਕਰ ਰਿਹਾ ਹੈ । ਉਸ ਵੱਲੋਂ ਮੁੱਖ ਤੌਰ ਤੇ ਕਣਕ, ਝੋਨਾ, ਗੰਨਾ, ਮੱਕੀ ਅਤੇ ਚਾਰੇ ਦੀਆਂ ਫਸਲਾਂ ਦਾ ਉਤਪਾਦਨ ਕੀਤਾ ਜਾਂਦਾ ਹੈ। ਕਿਸਾਨ ਨੇ ਆਪਣੇ ਤਜ਼ਰਬੇ ਸਾਂਝੇ ਕਰਦੇ ਦੱਸਿਆ ਕਿ ਜੇਕਰ ਸੁਪਰਸੀਡਰ ਅਤੇ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨੀ ਹੈ ਤਾਂ ਕਟਰ ਕਮ ਸ਼ਰੈਡਰ ਨਾਲ ਮੁੱਢ ਕੁਤਰ ਕੇ ਖੇਤ ਨੂੰ ਬਿਨਾਂ ਵਾਹਿਆਂ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਸੁਪਰਸੀਡਰ ਅਤੇ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਨਦੀਨ ਨਾਸ਼ਕ ਦਵਾਈ ਦੇ ਛਿੜਕਾਅ ਦੀ ਵੀ ਜ਼ਰੂਰਤ ਨਹੀਂ ਪੈਂਦੀ ਅਤੇ ਪਾਣੀ ਵੀ ਘੱਟ ਲੱਗਦਾ ਹੈ ਕਿਉਂਕਿ ਕੁਤਰ ਕੇ ਇਕਸਾਰ ਖਿਲਾਰੀ ਪਰਾਲੀ ਖੇਤ ਵਿੱਚ ਢੱਕਣੇ (ਮਲਚਿੰਗ) ਦਾ ਕੰਮ ਕਰਦੀ ਹੈ। ਕਣਕ ਦੀ ਬਿਜਾਈ ਸੁਪਰ ਸੀਡਰ ਅਤੇ ਹੈਪੀ ਸੀਡਰ ਮਸ਼ੀਨ ਨਾਲ ਕੰਬਾਈਨ ਦੇ ਖੇਤ ਨੂੰ ਬਿਨਾਂ ਵਾਹਿਆਂ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਹੈਪੀ ਸੀਡਰ ਨਾਲ ਬਿਜਾਈ ਕੀਤੀ ਕਣਕ ਨਾਲ ਜਿਥੇ ਖੇਤੀ ਲਾਗਤ ਖਰਚੇ ਘਟਦੇ ਹਨ ਉਥੇ ਪੈਦਾਵਾਰ ਵੀ ਵੱਧ ਨਿਕਲਦੀ ਹੈ।
ਅਮਰ ਸਿੰਘ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਅਤੇ ਖੇਤਾਂ ਵਿਚ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਕਰਨ ਕਰਕੇ ਉਸ ਸਮੇਂ ਦੇ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਵੱਲੋਂ ਉਸ ਨੂੰ ਚੱਪੜਚਿੜੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਕੈਂਪ ਵਿਚ ਮੋਮੈਂਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾ ਚੁੱਕਾ ਹੈ।