ਪਰਵਿੰਦਰ ਸਿੰਘ ਕੰਧਾਰੀ
- ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ
- 423654 ਮੀਟ੍ਰਿਕ ਟਨ ਝੋਨੇ ਦੀ ਹੋਈ ਲਿਫਟਿੰਗ
ਫਰੀਦਕੋਟ 30 ਅਕਤੂਬਰ - ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 501988 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ 498016 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਾਰਕੀਟ ਕਮੇਟੀ, ਆੜਤੀ ਵੱਲੋਂ ਜਾਰੀ ਪਾਸ ਰਾਹੀਂ ਆਪਣੀ ਫਸਲ ਮੰਡੀ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਕਿਸਾਨ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਬੀਤੀ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 184973 ਮੀਟਿ੍ਰਕ ਟਨ,ਮਾਰਕਫੈਡ ਨੇ 143597 ਮੀਟਿ੍ਰਕ ਟਨ, ਪਨਸਪ ਨੇ 113344 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 45778 ਮੀਟਿ੍ਰਕ ਟਨ, ਐਫ ਸੀ ਆਈ ਨੇ 6853 ਮੀਟਰਕ ਟਨ ਤੋੋਂ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 3471 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ ਮੀਟਿ੍ਰਕ ਟਨ ਝੋਨੇ ਦੀ 423654 ਲਿਫਟਿੰਗ ਹੋ ਚੁੱਕੀ ਹੈ।
ਇਸ ਮੌੌਕੇ ਜਿਲਾ ਮੰਡੀ ਅਫਸਰ ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਝੋੋਨਾ ਮੰਡੀ ਵਿੱਚ ਲਿਆਉਣ ਲਈ 106713 ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਟੋਕਨ ਜਾਂ ਪਾਸ ਅਨੁਸਾਰ ਆਪਣੀ ਫਸਲ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾ ਨੂੰ ਖਰੀਦ ਸੰਬੰਧੀ ਕੋਈ ਦਿੱਕਤ ਪੇਸ਼ ਨਾਂ ਆਵੇ।