ਅਸ਼ੋਕ ਵਰਮਾ
ਬਠਿੰਡਾ, 30 ਅਕਤੂਬਰ 2020 - ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਏਡੀਸੀ (ਜ) ਰਾਜਦੀਪ ਸਿੰਘ ਬਰਾੜ ਵੱਲੋਂ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲੇ ਅੰਦਰ ਗੈਰ-ਕਾਨੂੰਨੀ ਤੌਰ 'ਤੇ ਪਟਾਕਿਆਂ ਨੂੰ ਸਟੋਰ ਕਰਨ ਅਤੇ ਵਿਕਰੀ ਨੂੰ ਰੋਕਣ ਲਈ ਅਗਾਊਂ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਚਾਇਨਾ ਮੇਡ ਪਟਾਕਿਆਂ ਨੂੰ ਚਲਾਉਣ ਜਾਂ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਬਿਨਾਂ ਆਰਜ਼ੀ ਲਾਈਸੰਸ ਤੋਂ ਜ਼ਿਲ੍ਹੇ ਅੰਦਰ ਕੋਈ ਵੀ ਵਿਅਕਤੀ ਪਟਾਕੇ ਵੇਚ ਨਹੀਂ ਸਕੇਗਾ। ਰਿਟੇਲ ਵਿਕਰੇਤਾ ਲਈ ਆਰਜੀ ਲਾਇਸੰਸ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਲੱਕੀ ਡਰਾਅ ਰਾਹੀਂ ਦਿੱਤੇ ਜਾਣਗੇ।
ਇਸ ਦੌਰਾਨ ਏਡੀਸੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਗੈਰ ਕਾਨੂੰਨੀ ਵਿਕਣ ਵਾਲੇ ਪਟਾਕਿਆਂ ਦੀ ਰੋਕਥਾਮ ਲਈ ਸਾਂਝੀਆਂ ਟੀਮਾਂ ਬਣਾ ਕੇ ਜ਼ਿਲ੍ਹੇ ਅੰਦਰ ਚੈਕਿੰਗ ਕਰਨ। ਚੈਕਿੰਗ ਦੌਰਾਨ ਜੇਕਰ ਕੋਈ ਵਿਅਕਤੀ ਚਾਇਨਾ ਮੇਡ ਪਟਾਕੇ ਸਟੋਰ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਪਟਾਕੇ ਜ਼ਬਤ ਕਰਕੇ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਕੋਈ ਵੀ ਵਿਅਕਤੀ ਬਿਨਾਂ ਆਰਜੀ ਲਾਇਸੰਸ ਅਤੇ ਨਿਰਧਾਰਿਤ ਕੀਤੀਆਂ ਗਈਆਂ ਥਾਵਾਂ ਤੋਂ ਬਿਨਾਂ ਹੋਰ ਕਿਸੇ ਜਗ੍ਹਾ ਪਟਾਕੇ ਨਾ ਵੇਚੇ। ਉਨ੍ਹਾਂ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਪਟਾਕੇ ਵੇਚਣ ਵਾਲੀ ਜਗਾ ਫਾਇਰ ਸੇਫਟੀ ਦੇ ਪੂਰੇ ਪ੍ਰਬੰਧ ਮੁਕੰਮਲ ਹੋਣ।
ਇਸ ਮੌਕੇ ਐਸ.ਡੀ.ਐਮ ਤਲਵੰਡੀ ਸਾਬੋ ਵਰਿੰਦਰ ਸਿੰਘ, ਜਨਰਲ ਮੈਨੇਜਰ ਇੰਡਸਟਰੀ ਪ੍ਰੀਤ ਮਹਿੰਦਰ ਸਿੰਘ ਬਰਾੜ, ਡੀ.ਐਸ.ਪੀ ਸੰਜੀਵ ਸਿੰਗਲਾ, ਸੈਕਟਰੀ ਜ਼ਿਲਾ ਰੈਡ ਕਰਾਸ ਸੁਸਾਇਟੀ ਦਰਸ਼ਨ ਲਾਲ ਤੋਂ ਇਲਾਵਾ ਮਿਊਂਸੀਪਲ ਕਾਰਪੋਰੇਸ਼ਨ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।