ਅਸ਼ੋਕ ਵਰਮਾ
ਮਾਨਸਾ, 30 ਅਕਤੂਬਰ 2020 - ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਸਾਲ 2019—20 ਦੌਰਾਨ ਜ਼ਿਲ੍ਹੇ ਦੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚੋਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਪ੍ਰੀਸ਼ਦ ਵਿਖੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਰੋਹ ਕਰਵਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ 22 ਵਿਦਿਆਰਥਣਾਂ ਨੂੰ ਵਿਦਿਆ ਦੇ ਖੇਤਰ ਵਿੱਚ ਮਾਣਯੋਗ ਪ੍ਰਾਪਤੀਆਂ ਦਰਜ ਕਰਨ ਲਈ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤੇ ਗਏ ਅਤੇ ਸਿਹਤ ਸੰਭਾਲ ਉਤੇ ਆਧਾਰਿਤ ਹਾਈਜੈਨਿਕ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਗਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਦਾ ਮੁੱਖ ਉਦੇਸ਼ ਸਮਾਜ ਵਿੱਚ ਘੱਟ ਰਹੇ ਬਾਲ ਲਿੰਗ ਅਨੁਪਾਤ ਨੂੰ ਦਰੁਸਤ ਕਰਨਾ, ਕੁੜੀਆਂ ਦੇ ਜਨਮ ਦਾ ਸਵਾਗਤ ਅਤੇ ਉਨ੍ਹਾਂ ਨੂੰ ਸਿੱਖਿਅਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਸਰਕਲ ਪੱਧਰ 'ਤੇ ਵਰਕਸ਼ਾਪ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਘਰੇਲੂ ਹਿੰਸਾ ਐਕਟ, ਬੇਟੀ ਦੇ ਜਨਮ, ਬੇਟੀਆਂ ਦਾ ਸਮਾਜ ਵਿੱਚ ਮਹੱਤਵ, ਬਾਲ ਵਿਆਹ, ਬੱਚਿਆਂ ਨਾਲ ਸਬੰਧਤ ਕਾਨੂੰਨ, ਔਰਤਾਂ ਦੇ ਅਧਿਕਾਰ ਅਤੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਇਸ ਤਰ੍ਹਾਂ ਦੇ ਜਾਗਰੂਕਤਾ ਸਮਾਗਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਅਮਰਪ੍ਰੀਤ ਕੌਰ, ਐਸ.ਡੀ.ਐਮ. ਬੁਢਲਾਡਾ ਸਾਗਰ ਸੇਤੀਆ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ) ਜਗਰੂਪ ਸਿੰਘ ਮੌਜੂਦ ਸਨ।