ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ: ਜਤਿੰਦਰ ਜੋਰਵਾਲ
- ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ
- ਸਰਤਾਜ ਸਿੰਘ ਚਹਿਲ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਤ੍ਰਿਤ ਸਮੀਖਿਆ ਮੀਟਿੰਗ
ਦਲਜੀਤ ਕੌਰ
ਸੰਗਰੂਰ, 16 ਮਈ, 2024: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਲਈ ਚੱਲ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਦੋਵਾਂ ਉਚ ਅਧਿਕਾਰੀਆਂ ਨੇ ਹੁਣ ਤੱਕ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਲਾਗੂ ਕਰਨ ਲਈ ਕੀਤੀਆਂ ਗਈਆਂ ਕਾਰਵਾਈਆਂ, ਸੁਰੱਖਿਆ ਵਿਵਸਥਾਵਾਂ, ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦੇ ਫੌਰੀ ਹੱਲ ਲਈ ਚੁੱਕੇ ਕਦਮਾਂ, ਚੋਣ ਅਮਲੇ ਦੀ ਸਿਖਲਾਈ, ਰੈਂਡੇਮਾਈਜੇਸ਼ਨ ਪ੍ਰਕਿਰਿਆਵਾਂ, ਵੋਟਰਾਂ ਨੂੰ ਵੋਟਾਂ ਵਾਲੇ ਦਿਨ ਗਰਮੀ ਤੋਂ ਬਚਾਉਣ ਲਈ ਪ੍ਰਸ਼ਾਸਨਿਕ ਪੱਧਰ ’ਤੇ ਕੀਤੇ ਜਾਣ ਵਾਲੇ ਪ੍ਰਬੰਧਾਂ, 85 ਸਾਲ ਤੋਂ ਵੱਧ ਉਮਰ ਵਰਗ ਦੇ ਦਾਇਰੇ ਅਧੀਨ ਆਉਂਦੇ ਨਾਗਰਿਕਾਂ ਤੇ ਦਿਵਿਆਂਗ ਵੋਟਰਾਂ ਦੀ ਸੁਵਿਧਾ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ, ਈ.ਵੀ.ਐਮ ਸਟਰੌਂਗ ਰੂਮਾਂ ਦੀ ਨਿਗਰਾਨੀ ਆਦਿ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਟੋਲ ਫਰੀ ਨੰਬਰ 1950 ਉਤੇ ਪ੍ਰਾਪਤ ਹੋਈਆਂ ਸਾਰੀਆਂ 318 ਸ਼ਿਕਾਇਤਾਂ, ਸੁਝਾਵਾਂ ਤੇ ਜਾਣਕਾਰੀਆਂ ਲੈਣ ਲਈ ਕੀਤੀਆਂ ਗਈਆਂ ਕਾਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਸੀ ਵਿਜਲ ਸੈਲ ਨੂੰ ਪ੍ਰਾਪਤ 128 ਸ਼ਿਕਾਇਤਾਂ ਵਿੱਚ 26 ਅਯੋਗ ਪਾਈਆਂ ਗਈਆਂ ਜਦਕਿ ਬਾਕੀ 102 ਦਾ ਨਿਪਟਾਰਾ ਨਿਰਧਾਰਤ 100 ਮਿੰਟਾਂ ਦੇ ਸਮੇਂ ਅੰਦਰ ਹੋ ਚੁੱਕਾ ਹੈ। ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਨਿਗਰਾਨੀ ਤੇ ਚੌਕਸੀ ਆਦਿ ਦੇ ਨਾਲ ਨਾਲ ਅੰਤਰ ਰਾਜੀ ਨਾਕਿਆਂ ’ਤੇ ਵਧਾਈ ਗਈ ਮੁਸਤੈਦੀ, ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ, ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਲਈ ਕੀਤੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਐਸ.ਪੀ ਨਵਰੀਤ ਸਿੰਘ ਵਿਰਕ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ, ਡੀ.ਐਸ.ਪੀ ਕਰਨੈਲ ਸਿੰਘ, ਇੰਸਪੈਕਟਰ ਪ੍ਰਤੀਕ ਜਿੰਦਲ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਵੀ ਹਾਜ਼ਰ ਸਨ।