ਵਿਧਾਇਕ ਕੁਲਜੀਤ ਸਿੰਘ ਨਾਗਰਾ
ਫ਼ਤਹਿਗੜ੍ਹ ਸਾਹਿਬ, 3 ਨਵੰਬਰ:(ਦੀਦਾਰ ਗੁਰਨਾ ) ਪੰਜਾਬ ਸਰਕਾਰ ਨੇ ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਸਰਹਿੰਦਚੁੰਨੀ ਸੜਕ ਦੀ 28.4 ਲੱਖ ਨਾਲ ਮੁਰੰਮਤ ਕਰਵਾਉਣ ਨੂੰ ਮਨਜੂਰੀ ਦਿੱਤੀ ਗਈ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਹਰੇਕ ਸਾਲ ਹੋਣ ਵਾਲੀ ਸ਼ਹੀਦੀ ਸਭਾ ਨੂੰ ਵੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਹਿਲਾਂ ਹੀ ਹਲਕੇ ਦੀਆਂ ਕਈ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਸ਼ਹੀਦੀ ਸਭਾ ਤੋਂ ਪਹਿਲਾਂ ਸੰਗਤਾਂ ਲਈ ਆਵਾਜਾਈ ਦੇ ਬਿਹਤਰ ਪ੍ਰਬੰਧ ਕੀਤੇ ਜਾਣਗੇ।
ਵਿਧਾਇਕ ਨਾਗਰਾ ਨੇ ਸੜਕ ਦੀ ਮੁਰੰਮਤ ਨੂੰ ਪ੍ਰਵਾਨਗੀ ਦੇਣ ਲਈ ਕੈਪਟਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਸਰਕਾਰ ਨੇ ਜਿਥੇ ਇਸ ਧਰਤੀ ਨੂੰ ਸੈਰ ਸਪਾਟੇ ਦੇ ਹੱਬ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ ਉਥੇ ਹੀ ਇਥੇ ਪੈਂਦੀਆਂ ਪੁਰਾਤਨ ਇਮਾਰਤਾਂ ਨੂੰ ਵੀ ਪੁਰਾਤਨ ਦਿੱਖ ਪ੍ਰਦਾਨ ਕਰਨ ਦੇ ਪ੍ਰੋਜੈਕਟ ਦਾ ਕੰਮ ਵੀ ਕਰਵਾਇਆ ਜਾਵੇਗਾ ਇਸ ਤੋਂ ਇਲਾਵਾ ਆਮ ਖਾਸ ਬਾਗ ਦੀ ਪੁਰਾਤਨ ਦਿੱਖ ਪ੍ਰਦਾਨ ਕਰਲ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਹਲਕੇ ਦੀ ਨੁਹਾਰ ਬਦਲੀ ਜਾਵੇਗੀ ਤੇ ਇਸ ਧਰਤੀ ਨੂੰ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ।