ਜੀ ਐੱਸ ਪੰਨੂ
ਪਟਿਆਲਾ,10 ਜਨਵਰੀ 2019 - ਪੰਚਾਇਤੀ ਰਾਜ ਸੰਸਥਾਵਾਂ ਦੇ ਮੈਂਬਰਾਂ ਨੂੰ ਸਰਹਿੰਦ ਰੋਡ 'ਤੇ ਸਥਿਤ ਓਮੈਕਸ ਸਿਟੀ ਦੇ ਮੈਦਾਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 11 ਜਨਵਰੀ ਨੂੰ ਪਟਿਆਲਾ ਅਤੇ ਫ਼ਤਹਿਗੜ ਸਾਹਿਬ ਜ਼ਿਲਿਆਂ ਦੀ ਸਹੁੰ ਚੁਕਾਉਣ ਦੀ ਰਸਮ ਅਦਾ ਕਰਨਗੇ। ਨਵੇਂ ਚੁਣੇ ਗਏ ਪੰਚਾਂ, ਸਰਪੰਚਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਉਣ ਦੇ ਸਮਾਗਮ ਦੀਆਂ ਤਿਆਰੀਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਕਰਕੇ ਦਿੱਤੇ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੀਆਂ 1036 ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ 6299 ਪੰਚਾਇਤ ਮੈਂਬਰਾਂ, ਜ਼ਿਲਾ ਪ੍ਰੀਸ਼ਦ ਪਟਿਆਲਾ ਦੇ 25 ਮੈਂਬਰਾਂ ਤੇ 9 ਬਲਾਕ ਸੰਮਤੀਆਂ ਦੇ 193 ਮੈਂਬਰਾਂ ਸਮੇਤ ਜ਼ਿਲਾ ਫ਼ਤਹਿਗੜ ਸਾਹਿਬ ਦੀਆਂ ਗ੍ਰਾਮ ਪੰਚਾਇਤਾਂ ਦੇ 426 ਸਰਪੰਚਾਂ ਅਤੇ 2433 ਪੰਚਾਇਤ ਮੈਂਬਰਾਂ ਸਮੇਤ ਜ਼ਿਲਾ ਪ੍ਰੀਸ਼ਦ ਫ਼ਤਹਿਗੜ ਸਾਹਿਬ ਦੇ 10 ਮੈਂਬਰਾਂ ਅਤੇ 5 ਬਲਾਕ ਸੰਮਤੀਆਂ ਦੇ 77 ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ ਅਤੇ ਸਮੁਚੇ ਪ੍ਰਬੰਧਾਂ ਦੀ ਨਿਗਰਾਨੀ ਏ.ਡੀ.ਸੀ.ਵਿਕਾਸ ਸ੍ਰੀਮਤੀ ਪੂਨਮਦੀਪ ਕੌਰ ਕਰਨਗੇ , ਐੱਸ ਐੱਸ ਪੀ ਮਨਦੀਪ ਸਿੰਘ ਕਨੂੰਨ ਦਾ ਪ੍ਰਬੰਧ ਕਰਨਗੇ।
ਇਸ ਮੀਟਿੰਗ 'ਚ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ, ਫ਼ਤਹਿਗੜ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਸੰਧੂ, ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ, ਸਹਾਇਕ ਕਮਿਸ਼ਨਰ (ਜ) ਸ੍ਰੀ ਨਮਨ ਮੜਕਣ, ਐਸ.ਪੀ. ਸਥਾਨਕ ਸ. ਹਰਵਿੰਦਰ ਸਿੰਘ ਵਿਰਕ, ਐਸ.ਪੀ. ਜਾਂਚ ਸ. ਮਨਜੀਤ ਸਿੰਘ ਬਰਾੜ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਸ. ਹਰਮੀਤ ਸਿੰਘ ਹੁੰਦਲ, ਜ਼ਿਲਾ ਪ੍ਰੀਸ਼ਦ ਪਟਿਆਲਾ ਦੇ ਡਿਪਟੀ ਸੀ.ਈ.ਓ. ਸ. ਚਰਨਜੋਤ ਸਿੰਘ ਵਾਲੀਆ, ਡੀ.ਡੀ.ਪੀ.ਓ. ਫ਼ਤਹਿਗੜ ਸਾਹਿਬ ਸ. ਅਮਰੀਕ ਸਿੰਘ, ਡੀ.ਡੀ.ਪੀ.ਓ. ਪਟਿਆਲਾ ਸ. ਸੁਰਿੰਦਰ ਸਿੰਘ ਢਿੱਲੋਂ, ਸਿਵਲ ਸਰਜਨ ਡਾ. ਮਨਜੀਤ ਸਿੰਘ, ਤਹਿਸੀਲਦਾਰ ਸ੍ਰੀ ਪਰਵੀਨ ਸਿੰਗਲਾ, ਐਸ.ਡੀ.ਓ. ਲੋਕ ਨਿਰਮਾਣ ਸ੍ਰੀ ਹਰੀਸ਼ ਕੁਮਾਰ ਗੋਇਲ ਸਮੇਤ ਜ਼ਿਲਾ ਫ਼ਤਹਿਗੜ ਸਾਹਿਬ ਤੇ ਪਟਿਆਲਾ ਦੇ ਬੀ.ਡੀ.ਪੀ.ਓਜ ਤੇ ਹੋਰ ਅਧਿਕਾਰੀ ਮੌਜੂਦ ਸਨ।