ਦੇਵਾ ਨੰਦ ਸ਼ਰਮਾ
ਫਰੀਦਕੋਟ 8 ਜਨਵਰੀ : ਫਰੀਦਕੋਟ ਦੇ ਰੈਡ ਕਰਾਸ ਭਵਨ ਅਤੇ ਕੋਟਕਪੂਰਾ ਸਬ ਡਿਵੀਜਨ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ 'ਸਾਂਝੀ ਰਸੋਈ' ਪ੍ਰੋਜੈਕਟ ਗਰੀਬ ਲੋਕਾਂ ਨੂੰ ਘੱਟ ਕੀਮਤ 'ਤੇ ਚੰਗਾ ਅਤੇ ਪੇਟ ਭਰ ਖਾਣਾ ਮੁਹੱਈਆ ਕਰਵਾ ਰਹੀਆਂ ਹਨ। ਇਹਨਾਂ ਸਾਂਝੀ ਰਸੋਈ ਵਿਚ ਰੋਜ਼ਾਨਾ 500 ਦੇ ਕਰੀਬ ਵਿਅਕਤੀ ਭੋਜਨ ਕਰਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੀਵ ਪਰਾਸ਼ਰ, ਆਈ.ਏ.ਐਸ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ਼੍ਰੀ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਫਰੀਦਕੋਟ ਵਿਖੇ 04 ਮਈ, 2017 ਨੂੰ ਸ਼ੁਰੂ ਕੀਤੀ ਗਈ ਇਸ ਸਾਂਝੀ ਰਸੋਈ 'ਚ ਮਹੀਨਾ ਨਵੰਬਰ 2018 ਤੱਕ 81 ਹਜ਼ਾਰ 765 ਵਿਅਕਤੀ ਖਾਣਾ ਖਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਾਂਝੀ ਰਸੋਈ ਪ੍ਰੋਜੈਕਟ ਤਹਿਤ ਇਹ ਰਸੋਈ 11 ਵਜੇ ਤੋਂ ਸ਼ਾਮ 3 ਵਜੇ ਤੱਕ ਗਰੀਬ ਲੋਕਾਂ ਨੂੰ ਘੱਟ ਕੀਮਤ 'ਚ ਚੰਗਾ ਅਤੇ ਪੇਟ ਭਰ ਖਾਣਾ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਰੂਰਤਮੰਦ ਵਿਅਕਤੀਆਂ ਨੂੰ ਸਾਂਝੀ ਰਸੋਈ 10 ਰੁਪਏ ਦੀ ਥਾਲੀ ਉਪਲੱਭਧ ਕਰਵਾ ਰਹੀ ਹੈ, ਜਿਸ ਵਿੱਚ ਦਾਲ, ਸਬਜ਼ੀ, ਚਾਵਲ ਅਤੇ ਭਰ ਪੇਟ ਫੁਲਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਸਾਂਝੀ ਰਸੋਈ 'ਚ ਆਮ ਤੌਰ 'ਤੇ ਦੂਰ-ਦੁਰਾਡੇ ਪਿੰਡਾਂ ਤੋਂ ਆਪਣਾ ਮੈਡੀਕਲ ਕਾਲਜ ਵਿਖੇ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ, ਦਾਣਾ ਮੰਡੀ 'ਚ ਕੰਮ ਕਰਦੇ ਮਜ਼ਦੂਰਾਂ, ਸ਼ਹਿਰ 'ਚ ਕੰਮ-ਕਾਜ ਕਰਨ ਲਈ ਆਉਣ ਵਾਲੇ ਵਿਅਕਤੀਆਂ ਤੇ ਉਨ•ਾਂ ਦੇ ਨਾਲ ਆਉਣ ਵਾਲੇ ਸਹਿਯੋਗੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਵਿੱਚ ਪੜ੍ਹਨ ਵਾਲੇ ਲੋੜਵੰਦ ਵਿਦਿਆਰਥੀਆਂ, ਰੋਜ਼ਗਾਰ ਦੀ ਤਲਾਸ਼ ਵਿੱਚ ਸ਼ਹਿਰ ਆਉਣ ਵਾਲੇ ਬੇਰੋਜ਼ਗਾਰ ਨੌਜਵਾਨਾਂ ਅਤੇ ਮਜ਼ਦੂਰਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਸਬ-ਡਿਵੀਜਨ ਪੱਧਰ ਤੇ ਸਿਵਲ ਹਸਪਤਾਲ ਕੋਟਕਪੂਰਾ ਵਿਖੇ 25 ਜੂਨ, 2018 ਨੂੰ ਸ਼ੁਰੂ ਕੀਤੀ ਗਈ ਇਸ ਸਾਂਝੀ ਰਸੋਈ 'ਚ ਨਵੰਬਰ 2018 ਤੱਕ 12 ਹਜ਼ਾਰ 846 ਵਿਅਕਤੀ ਖਾਣਾ ਖਾ ਚੁੱਕੇ ਹਨ।
ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਫਰੀਦਕੋਟ ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸ਼ਾਖਾ ਫਰੀਦਕੋਟ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇਸ 'ਸਾਂਝੀ ਰਸੋਈ' ਵਿੱਚ 10 ਰੁਪਏ 'ਚ ਦਿੱਤਾ ਜਾ ਰਿਹਾ ਖਾਣਾ ਪੌਸ਼ਟਿਕ ਅਤੇ ਸਵਾਦਿਸ਼ਟ ਹੈ, ਜਿਸ ਤੋ ਗਰੀਬ ਅਤੇ ਲੋੜਵੰਦ ਲੋਕ ਲਾਭ ਉਠਾ ਰਹੇ ਹਨ। ਉਨ੍ਹਾਂ ਇਸ ਸਕੀਮ ਨੂੰ ਸਫਲਤਾ ਪੂਰਵਿਕ ਨੇਪਰੇ ਚੜ੍ਹਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ/ਐਸੋਸੀਏਸ਼ਨਾਂ ਦਾ ਧੰਨਵਾਦ ਵੀ ਕੀਤਾ।