ਕੋਟਕਪੂਰਾ/ਫਰੀਦਕੋਟ 21 ਫਰਵਰੀ 2019 (ਪਰਵਿੰਦਰ ਸਿੰਘ ਕੰਧਾਰੀ): ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਚੌਥਾ ਦੋ ਰੋਜ਼ਾ ਰੋਜ਼ਗਾਰ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟਕਪੂਰਾ ਵਿਖੇ ਲਗਾਇਆ ਗਿਆ । ਇਸ ਰੋਜ਼ਗਾਰ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ ਆਈ.ਏ. ਐੱਸ ਵੱਲੋਂ ਕੀਤਾ ਗਿਆ। ਇਸ ਰੋਜ਼ਗਾਰ ਮੇਲੇ ਵਿਚ 1750 ਤੋਂ ਵੀ ਵੱਧ ਬੇ ਰੋਜ਼ਗਾਰ ਨੌਜਵਾਨਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ।
ਇਸ ਮੌਕੇ ਵੱਖ-ਵੱਖ ਕੰਪਨੀਆਂ ਵੱਲੋਂ ਚੁਣੇ ਗਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ ਨੇ ਕਿਹਾ ਕਿ ਬਹੁਤ ਹੀ ਖ਼ੁਸ਼ੀ ਹੁੰਦੀ ਹੈ ਜਦੋਂ ਕਿਸੇ ਬੇ ਰੋਜ਼ਗਾਰ ਨੂੰ ਨੌਕਰੀ ਲਈ ਚੁਣਿਆ ਜਾਂਦਾ ਹੈ। ਉਨ੍ਹਾਂ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਰੋਜ਼ਗਾਰ ਮੇਲਿਆਂ ਵਿਚ ਬੇ ਰੋਜ਼ਗਾਰ ਨੌਜਵਾਨ ਮੁੰਡੇ-ਕੁੜੀਆਂ ਵੱਲੋਂ ਕਾਫ਼ੀ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਨਾਮੀ ਕੰਪਨੀਆਂ, ਜਿਨ੍ਹਾਂ ਵਿਚ ਆਕਸੀਹਾਇਰ ਚੰਡੀਗੜ੍ਹ,ਮਲਟੀਪਾਇਰ ਸਲਿਊਸ਼ਨ,ਐੱਸ.ਆਈ.ਐੱਸ ਸਕਿਉਰਿਟੀ ਫ਼ਤਿਹਗੜ੍ਹ ਸਾਹਿਬ , ਵਰਧਮਾਨ, ਐਲ.ਆਈ.ਸੀ, ਅਦਿੱਤਿਆ ਬਿਰਲਾ ਐਲ.ਆਈ.ਸੀ ਆਦਿ ਸਮੇਤ 42 ਕੰਪਨੀਆਂ ਨੇ ਸ਼ਿਰਕਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦੌਰਾਨ ਆਈਆਂ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਯੋਗ ਬਿਨੈਕਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਕੰਪਨੀਆਂ ਵੱਲੋਂ 582 ਨੌਜਵਾਨਾਂ ਨੂੰ ਨੌਕਰੀਆਂ ਲਈ ਚੁਣਿਆ ਗਿਆ ਜਦਕਿ 365 ਸ਼ਾਰਟ ਲਿਸਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 1750 ਬੇਰੁਜ਼ਗਾਰਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਸੀ ਅਤੇ ਵੱਖ-ਵੱਖ ਕੰਪਨੀਆਂ ਵੱਲੋਂ 1538 ਅਸਾਮੀਆਂ ਭਰੀਆਂ ਜਾਣੀਆਂ ਸਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਲਈ 116 ਬਿਨੈਕਾਰਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਰੀਕੇ ਦੇ ਰੋਜ਼ਗਾਰ ਕੈਂਪ ਲਗਾਉਣ ਪਿੱਛੇ ਸਰਕਾਰ ਦੀ ਇਹ ਸੋਚ ਹੈ ਕਿ ਕੋਈ ਵੀ ਨੌਜਵਾਨ ਜੋ ਕਿ ਕੰਮ ਕਰਨ ਦਾ ਇੱਛੁਕ ਹੈ ਅਤੇ ਕੰਮ ਕਰਨ ਦੀ ਲਗਨ ਰੱਖਦਾ ਹੈ, ਉਸ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੈ ਪਾਲ ਸਿੰਘ ਸੰਧੂ ਅਤੇ ਸਾਬਕਾ ਮੈਂਬਰ ਪੀ.ਪੀ.ਐੱਸ.ਸੀ ਭਾਈ ਰਾਹੁਲ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਇਹ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਅਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਬੇ ਰੋਜ਼ਗਾਰ ਨੂੰ ਉਸ ਦੇ ਹੁਨਰ ਮੁਤਾਬਿਕ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਜਿੱਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਬਲਜੀਤ ਕੌਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਅਫ਼ਸਰ ਸ਼੍ਰੀ ਹਰਮੇਸ਼ ਕੁਮਾਰ, ਕਰੀਅਰ ਕਾਉਂਸਲਰ ਵਿਸ਼ਾਲ ਚਾਵਲਾ, ਜ਼ਿਲ੍ਹਾ ਗਾਈਡੈਂਸ ਕਾਉਂਸਲਰ ਸ੍ਰੀ ਜਸਬੀਰ ਸਿੰਘ ਜੱਸੀ ਤੋਂ ਇਲਾਵਾ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨ ਮੌਜੂਦ ਸਨ।