ਲੋਕੇਸ਼ ਰਿਸ਼ੀ
ਗੁਰਦਾਸਪੁਰ, 22 ਫਰਵਰੀ 2019 : ਤੇਜਿੰਦਰਪਾਲ ਸਿੰਘ ਸੰਧੂ ਪੀ.ਸੀ.ਐੱਸ ਨੇ ਗੁਰਦਾਸਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸ੍ਰੀ ਅੰਮ੍ਰਿਤਸਰ ਵਿਖੇ ਪੁੱਡਾ ਦੇ ਚੀਫ਼ ਐਡਮਨਿਸਟਰੇਸ਼ਨ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਸ. ਸੰਧੂ ਸ੍ਰੀ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਗੁਰਦਾਸਪੁਰ ਜ਼ਿਲ੍ਹੇ ਅੰਦਰ ਵੀ ਐੱਸ.ਡੀ.ਐਮ ਅਤੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਲੋਕਾਂ ਦੀ ਸੇਵਾ ਕਰ ਚੁੱਕੇ ਹਨ।
ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਸਟਾਫ਼ ਮੈਂਬਰਾਂ ਨਾਲ ਮੀਟਿੰਗ ਕੀਤੀ ਤੇ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਬਿਨਾਂ ਕਿਸੇ ਦੇਰੀ ਦੇ ਕੀਤੇ ਜਾਣ, ਕਿਸੇ ਪ੍ਰਕਾਰ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਹਿਤ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੇ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਜ਼ਿਲ੍ਹਾ ਵਾਸੀਆਂ ਦੀ ਹਰ ਮੁਸ਼ਕਿਲ ਪਹਿਲ ਦੇ ਆਧਾਰ ਤੇ ਹੱਲ ਕੀਤੀ ਜਾਵੇਗੀ।