ਐੱਸ.ਏ.ਐੱਸ. ਨਗਰ 17 ਅਪ੍ਰੈਲ ,2019 : ਸਿੱਖਿਆ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਸਕੂਲ ਮੁਖੀਆਂ, ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੀ ਕਾਰਜਕੁਸ਼ਲਤਾ ਨੂੰ ਪ੍ਰਭਾਵੀ ਬਣਾਉਣ ਲਈ ਸਮੇਂ-ਸਮੇਂ ਤੇ ਉਤਸ਼ਾਹ ਵਧਾਉ ਸਿਖਲਾਈ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ|
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਕਾਨਫਰੰਸ ਹਾਲ ਵਿਖੇ ਮੋਟੀਵੇਸ਼ਨਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਤੋਂ ਪਹੁੰਚੇ ਅੱਸੀ ਦੇ ਕਰੀਬ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੇ ਭਾਗ ਲਿਆ| ਇਹਨਾਂ ਕਰਮਚਾਰੀਆਂ ਵਿੱਚ ਪ੍ਰਿੰਸੀਪਲ, ਲੈਕਚਰਾਰ ਅਤੇ ਅਧਿਆਪਕ ਸ਼ਾਮਲ ਸਨ| ਅਧਿਆਪਕਾਂ ਨੂੰ ਵਿਸ਼ੇਸ ਤੌਰ ਤੇ ਸਿਖਲਾਈ ਦੇਣ ਲਈ ਮੈਗਸੀਪਾ ਚੰਡੀਗੜ੍ਹ ਤੋਂ ਮੇਜਰ ਪ੍ਰਦੀਪ ਕੁਮਾਰ ਪਹੁੰਚੇ|
ਇਸ ਸਬੰਧੀ ਐੱਸ.ਸੀ.ਈ.ਆਰ.ਟੀ. ਪੰਜਾਬ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ ਸੋਸ਼ਲ ਡਿਫੈਂਸ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਸ਼ਾਪ ਵਿੱਚ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ ਸਮਾਜਿਕ ਬੁਰਾਈਆਂ ਦੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ, ਨਸ਼ਿਆਂ ਦੇ ਕੁਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ, ਪੜ੍ਹਾਉਣ ਸਮੇਂ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਤੇ ਪ੍ਰਭਾਵੀ ਨਤੀਜਿਆਂ ਲਈ ਉਤਸ਼ਾਹਿਤ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ| ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਾਰਾ ਸਾਲ ਅਧਿਆਪਕਾਂ ਦੀਆਂ ਸਿਖਲਾਈ ਵਰਕਸ਼ਾਪਾਂ ਲਗਾਈਆਂ ਜਾਂਦੀਆਂ ਹਨ ਅਤੇ ਵਿਭਾਗ ਦੇ ਅਧਿਅਪਕ ਬਹੁਤ ਹੀ ਚੰਗੇ ਬੁਲਾਰੇ ਅਤੇ ਸਿੱਖਿਆ ਸ਼ਾਸ਼ਤਰੀ ਹਨ| ਅਧਿਆਪਕਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਕੇ ਵਿਭਾਗ ਆਪਣੀ ਕਾਰਜ ਸਮਰੱਥਾ ਵਿੱਚ ਵਾਧਾ ਕਰ ਰਿਹਾ ਹੈ| ਇਹ ਬਹੁਤ ਹੀ ਵਧੀਆ ਅਤੇ ਸ਼ੁੱਭ ਸੰਕੇਤ ਹਨ| Tਤਸ਼ਾਹੀ ਅਧਿਆਪਕਾਂ ਸਦਕੇ ਸਿੱਖਿਆ ਦਾ ਵਿਕਾਸ ਸੰਭਵ ਹੈ|
ਇਸ ਮੌਕੇ ਸਿਖਲਾਈ ਵਰਕਸ਼ਾਪ ਕੋਆਰਡੀਨੇਟਰ ਜਯੋਤੀ ਸੋਨੀ ਨੇ ਕਿਹਾ ਕਿ ਹਰੇਕ ਜ਼ਿਲ੍ਹੇ ਤੋਂ ਪਹੁੰਚੇ ਨੋਡਲ ਅਫ਼ਸਰ ਅਤੇ ਦੋ-ਦੋ ਰਿਸੋਰਸ ਪਰਸਨਾਂ ਨੇ ਆਪਣੇ-ਆਪਣੇ ਜ਼ਿਲ੍ਹੇ ਸਬੰਧੀ ਵਿਚਾਰ ਰੱਖੇ ਅਤੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਸੁਝਾਅ ਵੀ ਦਿੱਤੇ|