ਪ੍ਰੇਮ ਸਿੰਘ ਚੰਦੂਮਾਜਰਾ
ਐੱਸ.ਏ.ਐੱਸ ਨਗਰ 18, ਅਪ੍ਰੈਲ,(ਦੀਦਾਰ ਗੁਰਨਾ ) ਸੀਨੀਅਰ ਅਕਾਲੀ ਨੇਤਾ ਅਤੇ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਗੱਠਜੋੜ ਕੇਂਦਰ ਸਰਕਾਰ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਸਰਵਪੱਖੀ ਵਿਕਾਸ ਨੂੰ ਲੈ ਕੇ ਚੋਣ ਮੈਦਾਨ ਵਿੱਚ ਉੱਤਰਿਆ ਹੈ ਜਦ ਕਿ ਕਾਂਗਰਸ ਪਾਰਟੀ ਕੋਲ ਕੋਈ ਠੋਸ ਮੁੱਦਾ ਨਾ ਹੋਣ ਕਾਰਨ ਇਹ ਅਜਿਹੇ ਮਸਲਿਆਂ ਨੂੰ ਉਠਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਦੇਸ਼ ਦੇ ਨਾਗਰਿਕਾਂ ਦੀ ਸਮਝ ਤੋਂ ਬਾਹਰ ਹਨ।ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੋਮਣੀ ਅਕਾਲੀ ਦਲ ਬੀਜੇਪੀ ਗੱਠਜੋੜ ਦੇ ਉਮੀਦਵਾਰ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਪਿਛਲੇ ਦੋ ਸਾਲਾਂ ਦੇ ਨਾਕਾਮ ਸ਼ਾਸਨ ਕਾਰਨ ਲੋਕ ਵਿੱਚੋਂ ਵਿਸ਼ਵਾਸ ਗੁਆ ਚੁੱਕੀ ਹੈ ਇਸ ਲਈ ਇਹ ਕੁਝ ਫ਼ਿਰਕੂ ਮੁੱਦੇ ਉਠਾ ਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਆਪਣੇ ਆਪ ਨੂੰ ਧਰਮ ਨਿਰਪੱਖ ਪਾਰਟੀ ਕਹਿ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਇਹਨਾਂ ਤੱਥਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਕਿ ਜੂਨ 1984 ਦੇ ਦਰਬਾਰ ਸਾਹਿਬ ਉੱਪਰ ਹਮਲੇ ਅਤੇ ਫਿਰ ਦਿੱਲੀ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਸਿੱਖਾਂ ਦੀ ਨਸਲਕੁਸ਼ੀ ਲਈ ਕਿਹੜੀ ਪਾਰਟੀ ਅਤੇ ਕਿਹੜੇ ਨੇਤਾ ਜ਼ਿੰਮੇਵਾਰ ਹਨ । ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਲਈ ਮੁੱਖ ਦੋਸ਼ੀਆਂ ਨੂੰ ਐੱਸ.ਪੀ. ਅਤੇ ਵਜ਼ੀਰ ਬਣਾਉਣ ਵਾਲੀ ਕਾਂਗਰਸ ਪਾਰਟੀ ਹੀ ਹੈ ਜਿਨ੍ਹਾਂ ਨੇ 35 ਸਾਲ ਦੇਸ਼ ਦੇ ਸਭ ਤੋਂ ਘਿਨਾਉਣੇ ਕਾਲੇ ਕਾਰਨਾਮੇ ਦੀਆਂ ਫਾਈਲਾਂ ਦਬਾ ਕੇ ਰੱਖੀਆਂ । ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਭਾਗੀਦਾਰੀ ਵਾਲੀ ਐਨ,ਡੀ.ਏ ਸਰਕਾਰ ਨੇ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਵਰਗੇ ਵੱਡੇ ਨੇਤਾਵਾਂ ਖ਼ਿਲਾਫ਼ ਦਰਜ ਹੋਏ ਮੁਕੱਦਮਿਆਂ ਦੀ ਫਾਈਲਾਂ ਮੁੜ ਖੁਲ੍ਹਵਾ ਕੇ ਜਾਂਚ ਸ਼ੁਰੂ ਕੀਤੇ ਅਤੇ ਉਨ੍ਹਾਂ ਨੂੰ ਜੇਲ੍ਹ ਦੀਆਂ ਸ਼ਿਲਖਾਂ ਪਿੱਛੇ ਡੱਕਿਆ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਹਲਕੇ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਕੰਮਾਂ ਸੰਬੰਧੀ ਕਿਸੇ ਕਾਂਗਰਸੀ ਤੋਂ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਕਿਉਂਕਿ ਉਹਨਾਂ ਵੱਲੋਂ ਕੀਤੇ ਕਾਰਜਾਂ ਦਾ ਪ੍ਰਮਾਣ ਹਲਕੇ ਦੇ ਲੋਕ ਅਤੇ ਸਮੂਹ ਪੰਜਾਬੀ ਹਨ ਜੋ ਉਹਨਾਂ ਨੂੰ ਹਰ ਸਮੇਂ ਪਿਆਰ ਤੇ ਸਤਿਕਾਰ ਦਿੰਦੇ ਹਨ । ਉਹਨਾਂ ਕਿਹਾ ਕਿ ਪੰਜਾਬ ਦੀਆ ਸੜਕਾਂ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਦੀ ਖਸਤਾ ਹਾਲਤ ਤੋਂ ਇਹ ਸਾਫ਼ ਨਜ਼ਰ ਆਉਂਦਾ ਹੈ ਕਿ ਕਾਂਗਰਸ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ ਇੱਕ ਫੁੱਟੀ ਕੋਡੀ ਵੀ ਸੂਬੇ ਦੇ ਵਿਕਾਸ ਉੱਪਰ ਨਹੀਂ ਖ਼ਰਚੀ। ਇਸ ਨੇ ਸਗੋਂ ਪਿਛਲੀ ਅਕਾਲੀ ਦਲ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸੇਵਾਵਾਂ ਬੰਦ ਕਰਕੇ ਆਮ ਲੋਕਾਂ ਲਈ ਪਰੇਸ਼ਾਨੀ ਖੜ੍ਹੀ ਕਰ ਦਿੱਤੀ।
ਉਹਨਾਂ ਕਿਹਾ ਕਿ ਉਹਨਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਨੁਮਾਇੰਦਗੀ ਕਰਦਿਆਂ ਜਿੱਥੇ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਰਾਸ਼ਟਰੀ ਪੱਧਰ ਤੇ ਮਨਾਉਣ, ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪਹਿਲੀ ਵਾਰ ਲੋਕ ਸਭਾ ਵਿਚ ਇਕ ਮਤੇ ਦੇ ਰੂਪ ਵਿੱਚ ਪੇਸ਼ ਕਰਕੇ ਸਮੁੱਚੇ ਸਦਨ ਵੱਲੋਂ ਸ਼ਰਧਾਂਜਲੀ ਭੇਂਟ ਕਰਵਾਈ ਉੱਥੇ ਇਹ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਕਿ ਭਗਤ ਸਿੰਘ ਅਤੇ ਬੁਟਕੇਸ਼ਵਰ ਦੱਤ ਵੱਲੋਂ ਅਪ੍ਰੈਲ 1929 ‘ਚ ਪਾਰਲੀਮੈਂਟ (ਉਸ ਸਮੇਂ ਕੌਮੀ ਅਸੈਂਬਲੀ) ਨਵੀਂ ਦਿੱਲੀ ਵਿੱਚ ਰੋਸ ਪ੍ਰਗਟ ਕਰਨ ਲਈ ਬੰਬ ਸੁੱਟਣ ਸਮੇਂ ਵਰਤੀਆਂ ਦਰਸ਼ਕ ਗੈਲਰੀ ਦੀਆਂ ਸੀਟਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ ਤੇ ਇਹਨਾਂ ਨੂੰ ਕੌਮੀ ਯਾਦਗਾਰ ਵਜੋਂ ਸੁਰੱਖਿਅਤ ਕੀਤਾ ਜਾਵੇ।