ਡੀ.ਸੀ ਪ੍ਰਸ਼ਾਂਤ ਗੋਇਲ
ਫ਼ਤਹਿਗੜ੍ਹ ਸਾਹਿਬ, 14 ਮਈ (ਦੀਦਾਰ ਗੁਰਨਾ ) ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਆਈ 2 ਲੱਖ 72 ਹਜ਼ਾਰ 245 ਮੀਟਰਿਕ ਟਨ ਕਣਕ ਦੀ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 100 ਫੀਸਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੀ ਗਈ ਕਣਕ ਵਿੱਚੋ. 2 ਲੱਖ 31 ਹਜ਼ਾਰ 24 ਮੀਟਰਿਕ ਟਨ ਕਣਕ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 286.64 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਡਾ. ਗੋਇਲ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 46027 ਮੀਟਰਿਕ ਟਨ, ਮਾਰਕਫੈਡ ਵੱਲੋਂ 54700, ਪਨਸਪ ਵੱਲੋਂ 49282, ਵੇਅਰ ਹਾਊਸ ਵੱਲੋਂ 37517, ਪੰਜਾਬ ਐਗਰੋ ਵੱਲੋਂ 28456, ਐਫ.ਸੀ.ਆਈ. ਵੱਲੋਂ 25747 ਅਤੇ ਵਪਾਰੀਆਂ ਵੱਲੋਂ 1616 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਜਿਥੇ ਧਰਤੀ ਦੀ ਉਪਜਾਊ ਸ਼ਕਤੀ ਘਟਦੀ ਹੈ ਉਥੇ ਹੀ ਕਿਸਾਨਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਇਸ ਤੋਂ ਇਲਾਵਾ ਨਾੜ ਨੂੰ ਅੱਗ ਲਗਾਉਣ ਕਾਰਨ ਉਠਦੇ ਧੂੰਏ ਨਾਲ ਵਾਤਾਵਰਣ ਪ੍ਰਦੂਸ਼ਣ ਵੱਧਦਾ ਹੈ ਜੋ ਕਿ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ।