ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਲੋਕ ਸਭਾ ਚੋਣਾਂ ਸਬੰਧੀ ਕੀਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ।
ਚੋਣਾਂ ਵਾਲੇ ਦਿਨ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ
ਫ਼ਤਹਿਗੜ੍ਹ ਸਾਹਿਬ, 18 ਮਈ( ਦੀਦਾਰ ਗੁਰਨਾ ) ਲੋਕ ਸਭਾ ਚੋਣਾਂ ਪੂਰੇ ਅਮਨ ਅਮਾਨ ਨਾਲ ਸਿਰੇ ਚੜ੍ਹਾਉਣ ਤੇ ਵੋਟਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜ਼ਿਲ੍ਹੇ ਵਿਚਲੇ ਤਿੰਨ ਵਿਧਾਨ ਸਭਾ ਹਲਕਿਆਂ ਵਿਚਲੇ ਪੋਲਿੰਗ ਬੂਥਾਂ ਸਮੇਤ ਵੱਖ ਵੱਖ ਥਾਵਾਂ 'ਤੇ ਪੁਲੀਸ ਤੇ ਨੀਮ ਫੌਜੀ ਬਲਾਂ ਦੇ 2093 ਅਧਿਕਾਰੀ ਤੇ ਕਰਮਚਾਰੀ ਡਿਊਟੀ ਨਿਭਾਉਣਗੇ, ਜਿਨ੍ਹਾਂ ਵਿੱਚ ਨੀਮ ਫੌਜੀ ਬਲਾਂ ਦੀਆਂ 06 ਕੰਪਨੀਆਂ ਸ਼ਾਮਲ ਹਨ। ਇਹ ਜਾਣਕਾਰੀ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਦਿੱਤੀ।
ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ ਜ਼ਿਲ੍ਹੇ ਵਿੱਚ ਵਿਸ਼ੇਸ਼ ਗਸ਼ਤ ਜਾਰੀ ਰਹੇਗੀ ਤੇ 126 ਅਧਿਕਾਰੀ ਤੇ ਕਰਮਚਾਰੀ ਪੈਟਰੋਲਿੰਗ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਦੱਸਿਆ ਕਿ 2093 ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ 14 ਐਸ.ਪੀ. ਤੇ ਡੀ.ਐਸ.ਪੀ., 24 ਇੰਸਪੈਕਟਰ, 155 ਸਬ ਇੰੰਸਪੈਕਟਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵੋਟਾਂ ਪੈਣ ਵਾਲੇ ਦਿਨ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਅਧਿਕਾਰੀਆਂ ਨੂੰ ਹਰ ਥਾਂ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਕਿਸੇ ਵੀ ਅਧਿਕਾਰੀ ਤੇ ਕਰਮਚਾਰੀ ਵੱਲੋਂ ਡਿਊਟੀ ਸਬੰਧੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਜੇ ਕਿਸੇ ਵੀ ਥਾਂ ਕਿਸੇ ਵੋਟਰ 'ਤੇ ਕੋਈ ਦਬਾਅ ਪਾਉਂਦਾ ਹੈ ਜਾਂ ਵੋਟ ਦੇ ਅਧਿਕਾਰ ਦੀ ਵਰਤੋਂ ਤੋਂ ਰੋਕਦਾ ਹੈ ਤਾਂ ਉਸ ਸਬੰਧੀ ਸੂਚਨਾ ਫੌਰੀ ਤੌਰ 'ਤੇ ਦਿੱਤੀ ਜਾਵੇ। ਇਸ ਤੋਂ ਇਲਾਵਾ ਜੇ ਕਿਸੇ ਨੂੰ ਭੈੜੇ ਅਨਸਰਾਂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਜਾਣਕਾਰੀ ਵੀ ਫੌਰੀ ਪੁਲੀਸ ਨਾਲ ਸਾਂਝੀ ਕੀਤੀ ਜਾਵੇ ਤਾਂ ਲੋਕ ਸਭਾ ਚੋਣਾਂ ਦੇ ਅਮਲ ਨੂੰ ਪੂਰਨ ਅਮਨ ਅਮਾਨ ਨਾਲ ਨੇਪਰੇ ਚਾੜ੍ਹਿਆ ਜਾ ਸਕੇ।