ਮਿੱਤਰ ਸੈਨ ਸ਼ਰਮਾ
ਮਾਨਸਾ 13 ਜੂਨ 2019 : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 21 ਜੂਨ 2019 ਨੂੰ ਨਗਰ ਕੌਂਸਲ ਬੁਢਲਾਡਾ ਦੀ ਹੱਦ ਅੰਦਰ ਡਰਾਈ ਡੇ ਘੋਸ਼ਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਵੀ ਸ਼ਰਾਬ ਦੀ ਦੁਕਾਨ, ਹੋਟਲ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਜਾਂ ਕਿਸੇ ਹੋਰ ਜਨਤਕ ਥਾਵਾਂ 'ਤੇ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ, ਵਰਤੋ, ਢੋਆ ਢੁਆਈ, ਪੀਣ ਪਿਲਾਉਣ ਅਤੇ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ ਹੋਵੇਗੀ। ਉਨ੍ਹਾਂ ਹੁਕਮ ਵਿਚ ਕਿਹਾ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਦੇ ਮਿਊਂਸਪਲ ਕਾਰਪੋਰੇਸ਼ਨਾਂ, ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਦੀਆਂ ਵੱਖ–ਵੱਖ ਵਾਰਡਾਂ ਦੀਆਂ ਖਾਲੀ ਹੋਈਆਂ ਸੀਟਾਂ ਸਬੰਧੀ ਉਪ ਚੋਣਾਂ 21 ਜੂਨ 2019 ਨੂੰ ਹੋਣੀਆਂ ਹਨ।
ਇਸੇ ਕੜੀ ਤਹਿਤ ਜ਼ਿਲ੍ਹਾ ਮਾਨਸਾ ਦੇ ਨਗਰ ਕੌਂਸਲ ਬੁਢਲਾਡਾ ਦੇ ਵਾਰਡ ਨੰਬਰ 18 ਦੀ ਚੋਣ ਵੀ 21 ਜੂਨ ਨੂੰ ਹੋਣੀ ਹੈ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿਚ ਆਉਂਦਾ ਹੈ ਕਿ ਚੋਣਾਂ ਦੌਰਾਨ ਲੋਕਾਂ ਵੱਲੋਂ ਸ਼ਰਾਬ ਦੀ ਵਰਤੋ ਕੀਤੀ ਜਾਂਦੀ ਹੈ, ਜਿਸ ਕਾਰਨ ਲੜਾਈ ਝਗੜੇ ਹੋਣ ਕਾਰਨ ਅਮਨ, ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਖ਼ਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਨਗਰ ਕੌਂਸਲ ਬੁਢਲਾਡਾ, ਜ਼ਿਲ੍ਹਾ ਮਾਨਸਾ ਦੀ ਹੱਦ 'ਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ, ਲੋਕ ਹਿੱਤ ਤੇ ਇੰਨ੍ਹਾਂ ਚੋਣਾਂ ਨੂੰ ਆਜ਼ਾਦ ਤੇ ਨਿਰਪੱਖ ਢੰਗ ਨਾਲ ਸ਼ਾਂਤੀਪੂਰਵਕ ਮੁਕੰਮਲ ਕਰਵਾਉਣ ਲਈ 21 ਜੂਨ ਨੂੰ ਡਰਾਈ ਡੇ ਘੋਸ਼ਿਤ ਕੀਤਾ ਜਾਂਦਾ ਹੈ। ਇਹ ਹੁਕਮ 21 ਜੂਨ 2019 ਨੂੰ ਸਵੇਰੇ 12 ਵਜੇ ਤੋਂ ਰਾਤ 10 ਵਜੇ ਤੱਕ ਲਾਗੂ ਰਹੇਗਾ।