ਫਿਰੋਜ਼ਪੁਰ 19 ਜੂਨ 2019: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਵੱਲੋਂ ਸ਼ਹੀਦ ਭਗਤ ਸਿੰਘ ਇੰਜੀਨੀਅਰ ਕਾਲਜ ਫਿਰੋਜ਼ਪੁਰ ਦਾ ਦੌਰਾ ਕਰਕੇ ਕਾਲਜ ਦੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ।ਇਸ ਉਪਰੰਤ ਉਨ੍ਹਾਂ ਵੱਲੋਂ ਕਾਲਜ ਦੇ ਸਮੂਹ ਸਟਾਫ (ਫੈਕਲਟੀ ਮੈਂਬਰਾਂ) ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਕੇ ਕਾਲਜ ਦੇ ਦਾਖਲਿਆਂ, ਨਤੀਜਿਆਂ, ਪਲੇਸਮੈਂਟ ਅਤੇ ਸੰਸਥਾ ਦੀ ਰਿਪੋਰਟ ਬਾਰੇ ਕਾਲਜ ਦੇ ਡਾਇਰੈਕਟਰ ਡਾ. ਟੀ.ਐੱਸ.ਸਿੱਧੂ ਤੋਂ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ (ਬੀ.ਓ.ਜੀ) ਸ੍ਰੀ ਅਖਿਲ ਮਲਹੋਤਰਾ, ਵਧੀਕ ਡਿਪਟੀ ਕਮਿਸ਼ਨਰ (ਜ.) ਸ੍ਰ. ਰਵਿੰਦਰ ਸਿੰਘ ਅਤੇ ਕਾਂਗਰਸੀ ਆਗੂ ਸ੍ਰ. ਜਸਮੇਲ ਸਿੰਘ ਲਾਡੀ ਗਹਿਰੀ ਵੀ ਹਾਜ਼ਰ ਸਨ।
ਸ੍ਰ. ਚਰਨਜੀਤ ਸਿੰਘ ਚੰਨੀ ਨੇ ਆਪਣੇ ਲੋੜੀਂਦੇ ਸੁਝਾਅ ਦੱਸਦਿਆਂ ਸਮੂਹ ਵਿਭਾਗੀ ਮੁਖੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਕਿਹਾ ਕਿ ਸਰਕਾਰ ਦੀ ਇਸ ਸੰਸਥਾ ਦਾ ਮੁੱਖ ਮਨੋਰਥ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਕੇ ਰੋਜ਼ਗਾਰ ਦੇ ਸਮਰੱਥ ਬਣਾਉਣਾ । ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਕਾਲਜ ਵਿੱਚ ਦਾਖਲੇ ਦੀ ਗਿਣਤੀ ਨੂੰ ਵਧਾਈਏ ਅਤੇ ਗਰੀਬ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਸਕਾਲਰਸ਼ਿਪ ਆਦਿ ਸਕੀਮਾਂ ਬਾਰੇ ਜਾਗਰੂਕ ਕਰੀਏ ਤਾਂ ਜੋ ਲੋੜਵੰਦ ਵਿਦਿਆਰਥੀ ਇਨ੍ਹਾਂ ਸਕੀਮਾਂ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਸਿੱਖਿਆ ਨੂੰ ਮਿਆਰੀ ਬਣਾਉਣ ਲਈ ਵਿਆਪਕ ਸੁਧਾਰਾਂ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਅਧਿਆਪਕਾਂ ਨੂੰ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਸਮੂਹ ਵਿਭਾਗੀ ਮੁਖੀਆਂ ਤੇ ਅਧਿਆਪਕਾਂ ਤੋਂ ਪੜ੍ਹਾਈ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਤੇ ਮੁਸ਼ਕਲਾਂ ਦੇ ਹੱਲ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਕਾਲਜ ਦੇ ਵਿਦਿਆਰਥੀਆਂ ਨੂੰ ਆਪਣੇ ਬੱਚਿਆਂ ਵਾਂਗ ਸਿੱਖਿਅਤ ਕਰਨਾ ਚਾਹੀਦਾ ਹੈ, ਇਸ ਲਈ ਉਨ੍ਹਾਂ ਵੱਲੋਂ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਲਈ ਵਾਧੂ ਕਲਾਸਾਂ ਲਗਾਈਆਂ ਜਾਣ ਤਾਂ ਜੋ ਵਿਦਿਆਰਥੀਆਂ ਦਾ ਨਤੀਜਾ ਵਧੀਆ ਆਵੇ ਤੇ ਉਨ੍ਹਾਂ ਦਾ ਭਵਿੱਖ ਵੀ ਉਜਵਲ ਹੋਵੇ।ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦਾ ਧਿਆਨ ਖੇਡਾਂ ਵੱਲ ਵੀ ਆਕਰਸ਼ਿਤ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਸ ਸੰਸਥਾ ਨੂੰ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਨੂੰ ਦੋ ਸਾਲ ਇੱਥੇ ਅਤੇ ਦੋ ਸਾਲ ਵਿਦੇਸ਼ਾਂ ਵਿੱਚ ਪੜ੍ਹਣ ਦਾ ਮੌਕਾ ਦੇਣ ਲਈ ਯਤਨ ਆਰੰਭ ਕਰਨੇ ਚਾਹੀਦੇ ਹਨ।
ਚੇਅਰਮੈਨ ਸ੍ਰੀ ਅਖਿਲ ਮਲਹੋਤਰਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਸੰਸਥਾ ਵਿੱਚ ਦਾਖਲ ਕਰਵਾਉਣ ਲਈ ਅਧਿਆਪਕਾਂ ਅਤੇ ਸਟਾਫ ਨੂੰ ਖੁਦ ਉਪਰਾਲੇ ਕਰਨ ਦੀ ਜ਼ਰੂਰਤ ਹੈ।ਇਸ ਲਈ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਲਾਜ਼ਮੀ ਹੈ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵਿੱਚ ਇਹ ਵਿਸ਼ਵਾਸ ਪੈਦਾ ਕਰਨਾ ਜ਼ਰੂਰੀ ਹੈ ਕਿ ਇਸ ਸੰਸਥਾ ਵਿੱਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਬੱਚੇ ਨੂੰ ਜ਼ਰੂਰ ਵਧੀਆ ਰੋਜ਼ਗਾਰ ਮਿਲੇਗਾ।ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸ੍ਰ. ਰਵਿੰਦਰ ਸਿੰਘ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਕਾਲਜ ਦੀ ਪੜ੍ਹਾਈ ਅਤੇ ਸਕਾਲਰਸ਼ਿਪ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਕਾਲਜ ਵਿੱਚ ਬੱਚਿਆਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਅਵਸਰ ਪ੍ਰਦਾਨ ਕਰਵਾਏ ਜਾਣ।