ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ, ਵਿਸ਼ਵ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਮਾਤਾ ਗੁਜ਼ਰੀ ਕਾਲਜ ਵਿਖੇ ਨਸ਼ਿਆਂ ਖਿਲਾਫ ਦਸਤਖਤੀ ਮੁਹਿੰਮ ਦਾ ਆਗਾਜ਼ ਕਰਦੇ ਹੋਏ ਨਾਲ ਹਨ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ
ਫ਼ਤਹਿਗੜ੍ਹ ਸਾਹਿਬ, 26 ਜੂਨ:- (ਦੀਦਾਰ ਗੁਰਨਾ ) ਨਸ਼ਾ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ ਸਗੋਂ ਇਹ ਸਮੁੱਚੇ ਸਮਾਜ ਦੀ ਸਮੱਸਿਆ ਹੈ ਜੋ ਕਿ ਸਾਡੇ ਸਾਰਿਆਂ ਲਈ ਗੰਭੀਰ ਚੁਣੌਤੀ ਦਾ ਵਿਸ਼ਾ ਹੈ, ਜੇਕਰ ਨਸ਼ਿਆਂ ਦੇ ਖਾਤਮੇ ਲਈ ਸਮੁੱਚਾ ਸਮਾਜ ਇੱਕ ਜੁੱਟ ਨਾ ਹੋਇਆ ਤਾਂ ਸਾਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਮਾਤਾ ਗੁਜ਼ਰੀ ਕਾਲਜ ਦੇ ਕਾਨਫਰੰਸ ਹਾਲ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਕਰਵਾਏ ਗਏ ਨਸ਼ਿਆਂ ਖਿਲਾਫ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਇਸ ਗੱਲ ਦੇ ਧਾਰਨੀ ਬਣ ਚੁੱਕੇ ਹਾਂ ਕਿ ਨਸ਼ਾ ਕਰਨ ਵਾਲਾ ਵਿਅਕਤੀ ਦੂਸਰੇ ਦਾ ਬੱਚਾ ਹੈ ਇਸ ਲਈ ਉਸ ਨੂੰ ਸਮਝਾਉਣ ਦੀ ਥਾਂ ਸਗੋਂ ਉਸ ਤੋਂ ਅਤੇ ਉਸ ਦੇ ਪਰਿਵਾਰ ਤੋਂ ਦੂਰੀ ਬਣਾਉਣ ਦੀ ਕੋਸ਼ਿਸ਼ ਕਰਦੇ ਹਾਂ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਕਿਸੇ ਵੀ ਪਰਿਵਾਰ ਦਾ ਬੱਚਾ ਫਸ ਸਕਦਾ ਹੈ ਇਸ ਲਈ ਸਾਨੂੰ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਆਪਣਾ ਬਣਦਾ ਫਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।
ਡਾ. ਗੋਇਲ ਨੇ ਕਿਹਾ ਕਿ ਨਸ਼ਾ ਇੱਕ ਮਾਨਸਿਕ ਰੋਗ ਹੈ ਜਿਸ ਦਾ ਇਲਾਜ ਸੰਭਵ ਹੈ। ਉਨ੍ਹਾਂ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਅੱਜ ਦੇ ਮੌਕੇ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿੱਚੋਂ ਕੱਢਣ ਲਈ ਹਾਂ ਪੱਖੀ ਵਤੀਰਾ ਅਪਣਾ ਕੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਤੋਂ ਇਲਾਵਾ ਓਟ ਕਲੀਨਿਕਾਂ ਵਿੱਚ ਉਨ੍ਹਾਂ ਦੇ ਇਲਾਜ ਲਈ ਜਾਗਰੂਕਤਾ ਪੈਦਾ ਕੀਤੀ ਜਾਵੇ ਜਿਥੇ ਕਿ ਨਸ਼ਾ ਪੀੜ੍ਹਤਾਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਮਾਸਟਰ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਵਿੱਚ ਹਰ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਨਹੀਂ ਕੀਤਾ ਜਾ ਸਕਦਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਨਸ਼ਿਆਂ ਖਿਲਾਫ ਸਹੁੰ ਵੀ ਚੁਕਾਈ ਅਤੇ ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਸ਼ਿਆਂ ਖਿਲਾਫ ਦਸਤਖਤੀ ਮੁਹਿੰਮ ਦਾ ਆਗਾਜ਼ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੇਕਰ ਉਸ ਨੂੰ ਨਸ਼ਾ ਵੇਚਣ ਵਾਲੇ ਦਾ ਪਤਾ ਲੱਗਦਾ ਹੈ ਤਾਂ ਉਸ ਦੀ ਸੂਚਨਾ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਵੀ ਦਿੱਤੀ ਜਾ ਸਕਦੀ ਹੈ ਇਸ ਤੋਂ ਇਲਾਵਾ ਹੈਲਪ ਲਾਈਨ 181 'ਤੇ ਵੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਪਵਿੱਤਰ ਜ਼ਿਲ੍ਹੇ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਮੰਗ ਵੀ ਕੀਤੀ ਤਾਂ ਜੋ ਨਸ਼ਿਆਂ ਦਾ ਮੁਕੰਮਲ ਖਾਤਮਾ ਹੋ ਸਕੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਵੱਲ ਵਿਸ਼ੇਸ਼ ਤਵੱਜੋ ਦੇਣ ਤਾਂ ਜੋ ਉਹ ਮਾੜੀ ਸੰਗਤ ਵਿੱਚ ਨਾ ਪੈਣ।
ਇਸ ਮੌਕੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਨਸ਼ਾ ਸਾਨੂੰ ਦੂਜੇ ਦੀ ਸਮੱਸਿਆ ਨਹੀਂ ਸਮਝਣੀ ਚਾਹੀਦੀ ਸਗੋਂ ਨਸ਼ਾ ਸਮੁੱਚੇ ਸਮਾਜ ਦੀ ਸਮੱਸਿਆ ਹੈ । ਇਸ ਲਈ ਨਸ਼ਿਆਂ ਦੇ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਮਾਨਸਿਕ ਰੋਗਾਂ ਦੀ ਮਾਹਰ ਡਾ. ਪ੍ਰੀਤਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬ੍ਰਾਹਮਣ ਮਾਜਰਾ ਸਰਹਿੰਦ ਵਿਖੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹੇ ਵਿੱਚ 7 ਓਟ ਕਲੀਨਿਕ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਹਸਪਤਾਲ ਸਥਿਤ ਨਸ਼ਾ ਮੁਕਤੀ ਕੇਂਦਰ ਵਿੱਚ 2000 ਮਰੀਜਾਂ ਦਾ ਇਲਾਜ ਕਰਕੇ ਮੁੜ ਵਸੇਬਾ ਕੇਂਦਰ ਵਿੱਚ ਭੇਜਿਆ ਗਿਆ ਜਿਨ੍ਹਾਂ ਵਿੱਚੋਂ 80 ਫੀਸਦੀ ਮੁਕੰਮਲ ਤੌਰ 'ਤੇ ਨਸ਼ਿਆਂ ਤੋਂ ਮੁਕਤ ਹੋ ਚੁੱਕੇ ਹਨ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ. ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਮਨੁੱਖੀ ਤਸਕਰੀ ਦਾ ਸ਼ਿਕਾਰ ਸਭ ਤੋਂ ਵੱਧ ਛੋਟੇ ਬੱਚੇ ਹੋ ਰਹੇ ਹਨ, ਜਿਸ ਲਈ ਸਮਾਜ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਨਾਲ ਕਿਸੇ ਕਿਸਮ ਦਾ ਸੋਸ਼ਣ ਹੋ ਰਿਹਾ ਹੈ ਤਾਂ ਹੈਲਪ ਲਾਈਨ 1098 'ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਸ. ਚਰਨਜੀਤ ਸਿੰਘ, ਸੀਨੀਅਰ ਬੱਡੀ ਰਾਜ ਕੁਮਾਰ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ਼੍ਰੀਮਤੀ ਹਰਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਪਰਮਜੀਤ ਕੌਰ, ਤਹਿਸੀਲਦਾਰ ਬਲਜਿੰਦਰ ਸਿੰਘ, ਜੀ.ਓ.ਜੀਜ਼, ਬਡੀਜ਼ ਅਤੇ ਹੋਰਨਾ ਵਰਗਾਂ ਦੇ ਲੋਕ ਵੀ ਮੌਜੂਦ ਸਨ।