ਮਾਧੋਪੁਰ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕਰ ਰਹੇ ਸਕੂਲੀ ਬੱਚੇ
ਫ਼ਤਹਿਗੜ੍ਹ ਸਾਹਿਬ, 09 ਅਗਸਤ:(ਦੀਦਾਰ ਗੁਰਨਾ ) ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਇਸ ਵਾਰ ਸਪੋਰਟਸ ਸਟੇਡੀਅਮ ਮਾਧੋਪੁਰ (ਸਰਹਿੰਦ) ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਮੌਕੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧੇ ਭੰਗੜੇ ਸਮੇਤ ਦੇਸ਼ ਪਿਆਰ ਦੇ ਗੀਤ ਸੰਗੀਤ ਤੋਂ ਇਲਾਵਾ ਹੋਰ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਮਾਧੋਪੁਰ ਸਟੇਡੀਅਮ ਵਿਖੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਅਤੇ ਆਜ਼ਾਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਸਾਨੂੰ ਆਜ਼ਾਦੀ ਨਸੀਬ ਹੋਈ ਹੈ ਅਤੇ ਹੁਣ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਸ਼ਹੀਦਾਂ ਵੱਲੋਂ ਵੇਖੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀਏ ਅਤੇ ਸ਼ਹੀਦਾਂ ਦੇ ਵਿਖਾਏ ਮਾਰਗ 'ਤੇ ਚੱਲ ਕੇ ਆਪਣੇ ਦੇਸ਼ ਨੂੰ ਸਹੀ ਅਰਥਾਂ ਵਿੱਚ ਇੱਕ ਆਜ਼ਾਦ ਦੇਸ਼ ਬਣਾਈਅੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਾਡਾ ਕੌਮੀ ਤਿਓਹਾਰ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਸ ਵਿੱਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਆਜ਼ਾਦੀ ਦਿਵਸ ਸਮਾਰੋਹ ਵਿੱਚ ਹੁੰਮ-ਹੁੰਮਾ ਕੇ ਪੁੱਜਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਪੰਜਾਬ ਪੁਿਲਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਦੇ ਕੈਡਿਟਾ ਦੀਆਂ ਟੁੱਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਮਾਧੋਪੁਰ ਸਟੇਡੀਅਮ ਵਿਖੇ ਹੋਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫਸਰ ਸਰਹਿੰਦ-ਫ਼ਤਹਿਗੜ੍ਹ ਸਾਹਿਬ ਨੂੰ ਸਟੇਡੀਅਮ ਦੇ ਅੰਦਰ ਅਤੇ ਬਾਹਰਲੇ ਹਿੱਸੇ ਵਿੱਚ ਮੁਕੰਮਲ ਸਫਾਈ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਅਤੇ ਸਪੋਰਟਸ ਸਟੇਡੀਅਮ ਵਿੱਚ ਕਰਵਾਈ ਜਾ ਰਹੀ ਸਫੈਦੀ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਆਖਿਆ। ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਏ.ਈ.ਓ. ਗੁਰਸੇਵਕ ਸਿੰਘ, ਸੱਭਿਆਚਾਰਕ ਪ੍ਰੋਗਰਾਮ ਦੀ ਇੰਚਾਰਜ ਸ਼੍ਰੀਮਤੀ ਰੂਪਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਅਧਿਆਪਕ ਵੀ ਮੌਜੂਦ ਸਨ।