← ਪਿਛੇ ਪਰਤੋ
ਐੱਸ.ਏ.ਐਸ.ਨਗਰ 16 ਸਤੰਬਰ, 2019: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਅਧੀਨ 'ਮਸ਼ਾਲ' ਪ੍ਰਾਜੈਕਟ ਗਾਈਡੈਂਸ ਅਤੇ ਕਾਊਂਸਲਿੰਗ ਅਤੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ- 32 ਚੰਡੀਗੜ੍ਹ ਵਿਖੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਪ੍ਰਾਜੈਕਟ ਅਧੀਨ ਵਿਦਿਆਰਥੀਆਂ ਨੂੰ ਚੰਗੀ ਜੀਵਨ ਜਾਚ, ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣਾ, ਨੈਤਿਕ ਮੁੱਲਾਂ ਨੂੰ ਅਪਣਾਉਣ ਦੀ ਸਿੱਖਿਆ ਅਤੇ ਉਹਨਾਂ ਨੂੰ ਸਹੀ ਸੇਧ ਦੇਣ ਲਈ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਅਧੀਨ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਸਿੱਖਿਅਤ ਕੀਤਾ ਜਾ ਰਿਹਾ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਅਧਿਆਪਕਾਂ ਦੀ ਦੋ ਰੋਜ਼ਾ ਗਾਈਡੈਂਸ ਅਤੇ ਕਾਊਂਸਲਿੰਗ ਸਿਖਲਾਈ ਸ਼ੁਰੂ ਹੋ ਗਈ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਨਸਿਕ ਤੇ ਬੌਧਿਕ ਵਿਕਾਸ ਲਈ ਅਤੇ ਉਹਨਾਂ ਨੂੰ ਸਹੀ ਸੇਧ ਦੇਣ ਲਈ ਅਧਿਆਪਕਾਂ ਨੂੰ ਇਹ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਕਿ ਬੱਚਿਆਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਸਕੇ। ਇਸ ਮੌਕੇ ਜਯੋਤੀ ਸੋਨੀ ਪ੍ਰਾਜੈਕਟ ਕੋਆਰਡੀਨੇਟਰ ਗਾਈਡੈਂਸ ਅਤੇ ਕਾਊਂਸਲਿੰਗ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਦੀ ਦੇਖ-ਰੇਖ ਵਿੱਚ 10 ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਹਰ ਜ਼ਿਲ੍ਹੇ ਦੇ 40 ਅਧਿਆਪਕਾਂ ਦਾ ਗਰੁੱਪ ਬਣਾਇਆ ਗਿਆ ਹੈ ਜੋ ਕਿ ਆਪਣੇ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਦਾ ਮਾਨਸਿਕ ਤੇ ਬੌਧਿਕ ਵਿਕਾਸ ਕਰਨ ਲਈ ਆਪਣੀਆਂ ਸੇਵਾਵਾਂ ਦੇਣਗੇ। ਇਸ ਮੌਕੇ ਮੈਡਮ ਰਣਜੀਤ ਪਵਾਰ ਚੇਅਰਮੈਨ ਨਿਸ਼ਾਨ ਐਜੂਕੇਸ਼ਨ ਟਰੱਸਟ ਨੇ ਵੀ ਆਪਣੇ ਵਿਚਾਰ ਅਧਿਆਪਕਾਂ ਨਾਲ ਸਾਂਝੇ ਕੀਤੇ।
Total Responses : 189