ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ 1277 ਅਧਿਆਪਕਾਂ ਦਾ ਕੀਤਾ ਸਨਮਾਨ
ਫ਼ਤਹਿਗੜ੍ਹ ਸਾਹਿਬ, 17 ਸਤੰਬਰ, 2019: ਅਧਿਆਪਕਾਂ ਦੀ ਲਗਨ ਅਤੇ ਮਿਹਨਤ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ 'ਚ ਇਤਿਹਾਸਕ ਤਬਦੀਲੀ ਆਈ ਹੈ ਅਤੇ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉਚਾ ਹੋਣ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦਾ ਰੁਝਾਨ ਵੀ ਵਧਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਕੱਤਰ ਸਕੂਲ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਨੇ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 100 ਫੀਸਦੀ ਨਤੀਜੇ ਅਤੇ ਸਮਾਰਟ ਸਕੂਲ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਵੱਖ-ਵੱਖ ਸਕੂਲਾਂ ਦੇ 1277 ਅਧਿਆਪਕਾਂ ਨੂੰ ਸਨਮਾਨਤ ਕਰਨ ਮੌਕੇ ਵਿਰਾਸਤ ਵਿਲ੍ਹਾ ਪੈਲੇਸ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਅਧਿਆਪਕਾਂ ਨੂੰ ਪ੍ਰਸ਼ੰਸ਼ਾ ਪੱਤਰ ਦਿੱਤੇ।
ਸਕੱਤਰ ਸਕੂਲ ਸਿੱਖਿਆ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੂਬੇ ਭਰ ਦੇ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਸਾਰੇ ਅਧਿਆਪਕਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਹੁਣ ਤੱਕ 09 ਜ਼ਿਲ੍ਹਿਆਂ ਦੇ 22000 ਅਧਿਆਪਕਾਂ ਨੂੰ ਸਨਮਾਨਤ ਕੀਤਾ ਜਾ ਚੁੱਕਾ ਹੈ। ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜੌਕੇ ਮੁਕਾਬਲੇ ਦੇ ਯੁੱਗ ਵਿੱਚ ਮਿਆਰੀ ਸਿੱਖਿਆ ਦੇਣਾ ਸਾਡਾ ਮੁਢਲਾ ਫਰਜ਼ ਹੈ ਅਤੇ ਅਧਿਆਪਕਾਂ ਦਾ ਇਸ ਕਾਰਜ ਲਈ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਅਧਿਆਪਕਾਂ ਤੋਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਆਪਣੀ ਮਿਹਨਤ ਸਦਕਾ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜ਼ੇ ਸਾਹਮਣੇ ਲਿਆਉਣਗੇ। ਉਨ੍ਹਾਂ ਹੋਰ ਕਿਹਾ ਕਿ ਸੂਬੇ ਵਿੱਚ ਐਨ.ਆਰ.ਆਈ., ਪੰਚਾਇਤਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਸਦਕਾ 3400 ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਚੁੱਕਾ ਹੈ ਜੋ ਕਿ ਇੱਕ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਲਹਿਰ ਨੂੰ ਜਾਰੀ ਰੱਖਿਆ ਜਾਵੇਗਾ।
ਸ਼੍ਰੀ ਕ੍ਰਿਸ਼ਨ ਕੁਮਾਰ ਨੇ ਇਸ ਮੌਕੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਅਧਿਆਪਕਾਂ ਦੀ ਸਖਤ ਮਿਹਨਤ ਸਦਕਾ ਉਨ੍ਹਾਂ ਵੱਲੋਂ ਸਕੂਲਾਂ ਵਿੱਚ ਸਿੱਖਿਆ ਨੂੰ ਫਰਸ਼ ਤੋਂ ਅਰਸ਼ ਤੱਕ ਪਹੁੰਚਾ ਦਿੱਤਾ ਹੈ। ਉਨ੍ਹਾਂ ਸਮਾਰਟ ਸਕੂਲਾਂ ਪ੍ਰਤੀ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੇ ਇਸ ਮੁਹਿੰਮ ਨੂੰ ਦਿਲੋਂ ਅਪਣਾ ਕੇ ਪੰਜਾਬ ਦਾ ਨਾਮ ਭਾਰਤ ਵਿੱਚ ਵਧੀਆ ਮੁਕਾਮ 'ਤੇ ਪਹੁੰਚਾਇਆ ਹੈ। ਵਿਦਿਆਰਥੀਆਂ ਨੂੰ ਈ-ਕੰਟੈਟ ਨਾਲ ਸਿੱਖਣਾ ਸੌਖਾ ਅਤੇ ਰੌਚਕ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੇ ਹੀ ਸਾਰੀਆਂ ਜਮਾਤਾਂ ਦੇ ਮੁੱਖ ਵਿਸ਼ਿਆਂ ਦੇ ਸਾਰੇ ਪਾਠਾਂ ਦੀ ਈ-ਕੰਟੈਂਟ ਤਿਆਰ ਕਰਕੇ ਮਿਸਾਲ ਕਾਇਮ ਕੀਤੀ ਹੈ ਅਤੇ ਹੁਣ ਸਾਡੇ ਸਾਰੇ ਅਧਿਆਪਕਾਂ ਦੀ ਈ-ਕੰਟੈਂਟ ਦੀ ਸੁਚੱਜੀ ਵਰਤੋਂ ਕਰਦੇ ਹੋਏ ਵਿਦਿਆਰਥੀਆਂ ਨੂੰ ਜਮਾਤ ਦੇ ਕਮਰੇ ਵਿੱਚ ਸਿੱਖਣ ਲਈ ਪ੍ਰੇਰਤ ਕਰਨ। ਉਨ੍ਹਾਂ ਇਸ ਮੌਕੇ ਆਏ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਵੱਲੋਂ ਦਿਖਾਈ ਗਈ ਚੰਗੀ ਕਾਰਗੁਜ਼ਾਰੀ ਦੀ ਵਧਾਈ ਵੀ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਨੂੰ ਗੁਣਾਤਮਕ ਅਤੇ ਗਿਣਾਤਮਕ ਮਿਆਰ ਦੇਣ ਲਈ ਉਤਸਾਹਤ ਵੀ ਕੀਤਾ।
ਇਸ ਮੌਕੇ ਡੀ.ਪੀ.ਆਈ. ਐਲੀਮੈਂਟਰੀ ਇੰਦਰਜੀਤ ਸਿੰਘ, ਸਹਾਇਕ ਡਾਇਰੈਕਟਰ ਟਰੇਨਿੰਗਾਂ ਡਾ: ਜਰਨੈਲ ਸਿੰਘ ਕਾਲੇਕੇ, ਜ਼ਿਲ੍ਹਾ ਸਿੱਖਿਆ ਅਫਸਰ(ਸੈਕੰਡਰੀ) ਪਰਮਜੀਤ ਕੌਰ ਸਿੱਧੂ, ਏ.ਐਸ.ਪੀ. ਡੀ ਅਮਰਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਵਤਾਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੀਦਾਰ ਸਿੰਘ ਮਾਂਗਟ, ਸੰਜੀਵ ਕੁਮਾਰ, ਸਿੱਖਿਆ ਸੁਧਾਰ ਕਮੇਟੀ ਦੇ ਇੰਚਾਰਜ ਜਸਵੀਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਰਾਮ ਭੂਸ਼ਣ, ਹਰਮੀਤ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਮੁੱਖ ਅਧਿਆਪਕ ਅਤੇ ਅਧਿਆਪਕ ਮੌਜੂਦ ਸਨ।