ਅਸ਼ੋਕ ਵਰਮਾ
ਬਠਿੰਡਾ ,15 ਜਨਵਰੀ 2020 - ਪੰਜਾਬ ਦੇ ਬੇਜਮੀਨੇ ਪੇਂਡੂ ਮਜ਼ਦੂਰਾਂ ਦੀਆਂ ਨੁਮਾਇੰਦਾ ਜਥੇਬੰਦੀਆਂ ਵਲੋਂ ਗਠਿਤ ਕੀਤੀ ਗਈ ' ਪੰਚਾਇਤੀ ਜ਼ਮੀਨ ਬਚਾਓ ਐਕਸ਼ਨ ਕਮੇਟੀ ' ਦੀ ਬਠਿੰਡਾ ਜਿਲ੍ਹਾ ਇਕਾਈ ਦੀ ਅੱਜ ਇੱਥੇ ਹੋਈ ਮੀਟਿੰਗ ਵਿੱਚ 24 ਜਨਵਰੀ ਨੂੰ ਬਠਿੰਡਾ ਸ਼ਹਿਰ ਵਿੱਚ ਰੋਹ ਭਰਪੂਰ ਮੁਜ਼ਾਹਰਾ ਕਰਨ ਉਪਰੰਤ ਵਿੱਤ ਮੰਤਰੀ ਪੰਜਾਬ ਨੂੰ ਨੋਟਿਸ ਦੇਣ ਦਾ ਫੈਸਲਾ ਕੀਤਾ ਗਿਆ ਹੈ ।
ਮੀਟਿੰਗ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਵਿੱਤ ਸਕੱਤਰ ਸਾਥੀ ਮਹੀਪਾਲ, ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਪਾਲ ਸਿੰਘ ਖਿਆਲੀ ਵਾਲਾ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਸੁੱਖਨ ਲਾਲ ਝੁੰਬਾ ਤੇ ਜਸਵੀਰ ਕੌਰ ਸਰਾਂ ਸ਼ਾਮਲ ਹੋਏ । ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾਈ ਕਾਰਜਕਾਰਨੀ ਦੇ ਮੈਂਬਰ ਹਰਬੰਸ ਸਿੰਘ ਨੇ ਵੀ ਮੀਟਿੰਗ ਦੇ ਫੈਸਲਿਆਂ ਨਾਲ ਪੂਰਨ ਸਹਿਮਤੀ ਪਰਗਟ ਕਰਦਿਆਂ 24 ਜਨਵਰੀ ਦੇ ਰੋਸ ਪ੍ਰਦਰਸ਼ਨ ਵਿੱਚ ਡਟਵੀਂ ਸ਼ਮੂਲੀਅਤ ਕਰਨ ਦਾ ਭਰੋਸਾ ਦਿਵਾਇਆ ।
ਜਿਕਰ ਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪੰਚਾਇਤੀ, ਸ਼ਾਮਲਾਟ ਅਤੇ ਹੋਰ ਸਾਂਝੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਫੈਸਲੇ ਦਾ ਸਖ਼ਤ ਨੋਟਿਸ ਲੈਂਦਿਆਂ ਬੇਜਮੀਨੇ, ਸਾਧਨਹੀਣ ਪੇਂਡੂ ਮਜ਼ਦੂਰਾਂ ਨੂੰ ਜਥੇਬੰਦ ਕਰਨ ਵਾਲੇ ਸੰਗਠਨਾਂ ਨੇ ਇਸ ਬਦਨੀਅਤੀ ਵਾਲੇ ਹੁਕੂਮਤੀ ਫੈਸਲੇ ਵਿਰੁੱਧ ਤਿੱਖਾ ਸੰਘਰਸ਼ ਕਰਨ ਦਾ ਨਿਰਣਾ ਲਿਆ ਗਿਆ ਹੈ । ਇਸ ਸੰਗਰਾਮ ਦੀ ਸਫਲਤਾ ਯਕੀਨੀ ਬਣਾਉਣ ਲਈ ਸਾਂਝੀ ਐਕਸ਼ਨ ਕਮੇਟੀ ਬਣਾਈ ਗਈ ਹੈ । ਮੀਟਿੰਗ ਵਿੱਚ ਹਾਜਰ ਆਗੂਆਂ ਨੇ ਪੰਜਾਬ ਸਰਕਾਰ ਦੇ ਉਕਤ ਦਲਿਤ ਵਿਰੋਧੀ ਫੈਸਲੇ ਦੀ ਨਿਖੇਧੀ ਕਰਦਿਆਂ ਉਕਤ ਨੋਟੀਫਿਕੇਸ਼ਨ ਬਿਨਾਂ ਦੇਰੀ ਵਾਪਸ ਲੈਣ ਦੀ ਮੰਗ ਕੀਤੀ ।