ਅਸ਼ੋਕ ਵਰਮਾ
ਬਠਿੰਡਾ , 10 ਫਰਵਰੀ 2020 - ਪੰਜਾਬ ਦੇ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਰਾਮਪੁਰਾ ਸਬ-ਡਵੀਜਨ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਕੀਤੇ ਗਏ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ•ਾਂ ਵਲੋਂ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਸ਼੍ਰੀ ਕਾਂਗੜ ਨੇ ਲੋੜਵੰਦ ਪਰਿਵਾਰਾਂ ਨੂੰ ਉਨ•ਾਂ ਦੇ ਘਰਾਂ ਦੀ ਮੁਰੰਮਤ ਦੇ ਲਈ 1.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ।
ਸੰਗਤ ਦਰਸ਼ਨ ਦੌਰਾਨ ਸ੍ਰੀ ਕਾਂਗੜ ਨੇ ਆਪਣੇ ਵਿਭਾਗਾਂ ਤੋਂ ਇਲਾਵਾ ਹੋਰ ਕਈ ਮਹਿਕਮਿਆਂ ਦੇ ਨਾਲ ਸਬੰਧਤ ਸਮੱਸਿਆਵਾਂ ਵੀ ਸੁਣੀਆਂ। ਰਾਮਪੁਰਾ ਇਲਾਕੇ ਤੋਂ ਇਲਾਵਾ ਆਸ-ਪਾਸ ਦੇ ਜ਼ਿਲਿ•ਆਂ, ਪਿੰਡਾਂ ਅਤੇ ਕਸਬਿਆਂ ਤੋਂ ਵੀ ਆਮ ਲੋਕ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਪਹੁੰਚੇ ਹੋਏ ਸਨ। ਸ਼੍ਰੀ ਕਾਂਗੜ ਨੇ ਕਿਹਾ ਕਿ ਗ਼ਰੀਬ ਲੋਕਾਂ ਦੇ ਹੱਕਾਂ ਦੇ ਲਈ ਸੂਬਾ ਸਰਕਾਰ ਵਚਨਬੱਧ ਹੈ।
ਪ੍ਰੋਗਰਾਮ ਦੌਰਾਨ ਸ਼੍ਰੀ ਗੁਰਪ੍ਰੀਤ ਕਾਂਗੜ ਨੇ ਦੱਸਿਆ ਕਿ ਇਸ ਸੰਗਤ ਦਰਸ਼ਨ ਦਾ ਮੁੱਖ ਮੰਤਵ ਜਿੱਥੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੌਕੇ 'ਤੇ ਹੱਲ ਕਰਨਾ ਹੈ ਉਥੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਵੱਧ ਤੋਂ ਵੱਧ ਆਮ ਜਨਤਾ ਤੱਕ ਪਹੁੰਚਾ ਕੇ ਫਾਇਦਾ ਦਿਵਾਉਣਾ ਹੈ। ਉਨ•ਾਂ ਦੱਸਿਆ ਕਿ ਮਾਲ ਵਿਭਾਗ ਦੁਆਰਾ ਲੋਕ ਪੱਖੀ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਮਾਲ ਵਿਭਾਗ ਦੇ ਨਾਲ ਸਬੰਧਤ ਸੁਵਿਧਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹਰ ਹਾਲਤ ਵਿਚ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ•ਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਦੀਆਂ ਪੰਚਾਇਤਾਂ ਪੰਚ, ਸਰਪੰਚ ਤੇ ਹੋਰ ਪਤਵੰਤੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।