ਪਿੰਡ ਪੰਡਰਾਲੀ ਵਿਖੇ ਲੋੜਵੰਦਾਂ ਲਈ ਲਾਏ ਲੰਗਰ ਦਾ ਦ੍ਰਿਸ਼।
ਦੀਦਾਰ ਗੁਰਨਾ
01 ਅਪ੍ਰੈਲ : ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਲੋੜਵੰਦਾਂ ਨੂੰ ਤਿਆਰ ਖਾਣਾ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪਿੰਡ ਪੰਡਰਾਲੀ ਸਮੇਤ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਵੱਲੋਂ ਲੋੜਵੰਦਾਂ ਲਈ ਚਲਾਏ ਜਾ ਰਹੇ ਲੰਗਰਾਂ ਸਬੰਧੀ ਗੱਲਬਾਤ ਕਰਦਿਆਂ ਕੀਤਾ।
ਸ. ਨਾਗਰਾ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਵੱਲੋਂ ਪ੍ਰਸ਼ਾਸਨ ਨੂੰ ਦਿੱਤਾ ਜਾ ਰਿਹਾ ਸਹਿਯੋਗ ਵੀ ਸ਼ਲਾਘਾਯੋਗ ਹੈ। ਵਿਧਾਇਕ ਨਾਗਰਾ ਨੇ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਰਕਾਰ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸ. ਨਾਗਰਾ ਨੇ ਤਿਆਰ ਖਾਣਾ ਵੰਡਣ ਦੀ ਸੇਵਾ ਕਰਨ ਦੇ ਚਾਹਵਾਨ ਵਿਅਕਤੀਆਂ ਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਤਿਆਰ ਖਾਣਾ ਵੰਡਿਆ ਜਾਂਦਾ ਹੈ, ਉਥੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ।
ਹਲਕਾ ਵਿਧਾਇਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹਾਲੇ ਤੱਕ ਕੋਰੋਨਾ ਵਾਇਰਸ ਸਬੰਧੀ ਇਕ ਵੀ ਕੇਸ ਸਾਹਮਣੇ ਨਹੀਂ ਆਇਆ। ਲੋਕ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤੇ ਘਰਾਂ ਵਿੱਚ ਰਹਿ ਕੇ ਹੀ ਇਸ ਬਿਮਾਰੀ ਨੂੰ ਠੱਲ੍ਹਣ ਵਿੱਚ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਨੇ ਇਸ ਮੌਕੇ ਡੀ ਡੀ ਪੀ ਓ ਗੁਰਨੇਤਰ ਸਿੰਘ, ਪੰਚਾਇਤ ਸਕੱਤਰ ਇਕਬਾਲ ਸਿੰਘ ਅਤੇ ਪਿੰਡ ਪੰਡਰਾਲੀ ਦੇ ਸਰਪੰਚ ਸ. ਗੁਰਮੁੱਖ ਸਿੰਘ ਪੰਡਰਾਲੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।