← ਪਿਛੇ ਪਰਤੋ
ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਮਾਰਕੀਟ ਕਮੇਟੀ ਸਰਹਿੰਦ ਵਿਖੇ ਕਣਕ ਦੀ ਖਰੀਦ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਦੀਦਾਰ ਗੁਰਨਾ ਫ਼ਤਹਿਗੜ੍ਹ ਸਾਹਿਬ, 01 ਅਪ੍ਰੈਲ ਪੰਜਾਬ ਸਰਕਾਰ ਕਣਕ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਮਾਰਕੀਟ ਕਮੇਟੀ ਸਰਹਿੰਦ ਵਿਖੇ ਅਧਿਕਾਰੀਆਂ ਤੇ ਆੜਤੀਆਂ ਨਾਲ 15 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਵਿਧਾਇਕ ਨੇ ਕਿਹਾ ਕਿ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਅਤੇ ਕੋਰੋਨਾ ਵਾਇਰਸ ਦੀ ਬੀਮਾਰੀ ਦਾ ਟਾਕਰਾ ਕਰਨ ਲਈ ਅਪਣਾਈ ਗਈ ਸਮਾਜਿਕ ਦੂਰੀ ਦੀ ਨੀਤੀ ਦੇ ਮੱਦੇਨਜ਼ਰ ਅਤੇ ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ 15 ਅਪ੍ਰੈਲ ਤੋਂ 15 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 15 ਅਪ੍ਰੈਲ 2020 ਤੋਂ ਆਪਣੀ ਫ਼ਸਲ ਨੂੰ ਮੰਡੀ ਵਿੱਚ ਲਿਆਉਣ ਦੀ ਤਿਆਰੀ ਕਰਨ। ਵਿਧਾਇਕ ਨਾਗਰਾ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਸ. ਨਾਗਰਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਰਫਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਸਬਜ਼ੀਆਂ ਦੀ ਸਪਲਾਈ ਵੀ ਯਕੀਨੀ ਬਣਾਈ ਜਾਵੇ ਅਤੇ ਇਸ ਸਬੰਧੀ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਨਾਲ ਹੀ ਇਹ ਗੱਲ ਵੀ ਯਕੀਨੀ ਬਣਾਈ ਜਾਵੇ ਕਿ ਕੋਈ ਵੀ ਵਿਅਕਤੀ ਸਬਜ਼ੀ ਦਾ ਭਾਅ ਵਧਾ ਚੜ੍ਹਾ ਕੇ ਨਾ ਲਾਵੇ। ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਗਗਨਦੀਪ ਸਿੰਘ,ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।
Total Responses : 930