ਵਿਸ਼ਵ ਸਿਹਤ ਦਿਵਸ ਮੌਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਅਪੀਲ ਕਰਦੇ ਹੋਏ ਸਿਵਲ ਸਰਜਨ ਡਾ ਐਨ ਕੇ ਅਗਰਵਾਲ।
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 07 ਅਪ੍ਰੈਲ : ਸਿਵਲ ਸਰਜਨ ਡਾ. ਐਨ.ਕੇ. ਅਗਵਾਲ ਨੇ ਅੱਜ ਵਿਸ਼ਵ ਸਿਹਤ ਦਿਵਸ ਦੇ ਮੌਕੇ ’ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਵਿਰੁੱਧ ਸੰਘਰਸ਼ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਨਾਲ ਹੀ ਡਾਕਟਰਾਂ, ਨਰਸਾਂ, ਸਿਹਤ ਕਾਮਿਆਂ, ਪੁਲਿਸ ਮੁਲਾਜ਼ਮਾਂ ਤੇ ਸਫਾਈ ਕਰਮਚਾਰੀਆਂ ਨੂੰ ਵੀ ਸਹਿਯੋਗ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ’ਤੇ ਜਲਦੀ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਸੋਸ਼ਲ ਡਿਸਟੈਂਸ ਬਣਾਕੇ ਰੱਖਣਾ ਬਹੁਤ ਜ਼ਰੂਰੀ ਹੈ। ਇਸ ਲਈ ਹਰੇਕ ਵਿਅਕਤੀ ਤੋਂ ਘੱਟੋ ਘੱਟ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲਾਕਡਾਊਨ ਤੇ ਕਰਫਿਊ ਦੌਰਾਨ ਆਪਣੇ ਘਰਾਂ ਵਿੱਚ ਰਹੋ ਅਤੇ ਬਿਨਾਂ ਕਿਸੇ ਐਮਰਜੰਸੀ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ।
ਸਿਵਲ ਸਰਜਨ ਨੇ ਕਿਹਾ ਕਿ ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਤੇ ਨੱਕ ਰੁਮਾਲ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ। ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਤੇ ਪਾਣੀ ਨਾਲ ਘੱਟ ਤੋਂ ਘੱਟ 20 ਸਕਿੰਟ ਲਈ ਜ਼ਰੂਰੀ ਧੋਇਆ ਜਾਵੇ ਜਾਂ ਸੈਨੀਟਾਈਜ਼ਰ ਨਾਲ ਸਾਫ ਕੀਤਾ ਜਾਵੇ। ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਸਿਹਤ ਦਾ ਧਿਆਨ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੇ ਫਲੂ ਵਰਗੇ ਲੱਛਣ ਹੋਣ ਤਾਂ ਟੌਲ ਫਰੀ ਨੰ: 104 ਜਾਂ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਹੈਲਪ ਲਾਈਨ ਨੰ: 01763-232136 ’ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।