ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਗਿੱਲ,ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਹੁਕਮ
ਮੰਡੀਆਂ ਵਿੱਚ ਸੈਨੇਟਾਈਜ਼ਰ ਤੇ ਪਾਣੀ ਦਾ ਪ੍ਰਬੰਧ ਕਰਨ ਦੇ ਦਿੱਤੇ ਹੁਕਮ
ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ : ਕਣਕ ਦੀ ਖਰੀਦ ਸਬੰਧੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਤੇ ਖਰੀਦ ਪ੍ਰਕਿਰਿਆ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਰੀਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੀ ਖਰੀਦ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਡੀ. ਸੀ. ਨੇ ਕਿਹਾ ਕਿ ਨੋਵੇਲ ਕੋਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਇਸ ਵਾਰ ਟੋਕਨ ਪ੍ਰਣਾਲੀ ਰਾਹੀਂ ਕਣਕ ਦੀ ਖਰੀਦ ਕੀਤੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਜ਼ਿਆਦਾ ਭੀੜ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਲਈ ਆੜ੍ਹਤੀਆਂ ਵੱਲੋਂ ਟੋਕਨ ਜਾਰੀ ਕੀਤੇ ਜਾਣਗੇ ਜੋ ਕਿ ਕਰਫਿਊ ਪਾਸ ਦਾ ਕੰਮ ਵੀ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਪੁੱਜਣ ਵਾਲੇ ਸਾਰੇ ਵਿਅਕਤੀਆਂ ਦੇ ਹੱਥ ਸਾਫ ਕਰਨ ਲਈ ਪਾਣੀ ਅਤੇ ਸੈਨੇਟਾਈਜ਼ਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਮਾਰਕਿੰਗ ਕੀਤੀ ਜਾਵੇਗੀ, ਜਿਥੇ ਕਿ ਕਿਸਾਨ ਆਪਣੀ ਫਸਲ ਉਤਾਰ ਸਕਣਗੇ। ਉਨ੍ਹਾਂ ਦੱਸਿਆ ਕਿ ਖਰੀਦੀ ਕਣਕ ਦੀ 48 ਘੰਟੇ ਦੇ ਅੰਦਰ-ਅੰਦਰ ਕਿਸਾਨਾਂ ਨੂੰ ਆਨ ਲਾਈਨ ਅਦਾਇਗੀ ਕੀਤੀ ਜਾਵੇਗੀ।
ਸ਼੍ਰੀਮਤੀ ਗਿੱਲ ਨੇ ਅਧਿਕਾਰੀਆਂ ਨੂੰ ਕਿਹਾ ਕਿ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਦੌਰਾਨ ਨੋਵੇਲ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਮੰਡੀਆਂ ਵਿੱਚ ਖਰੀਦੀ ਕਣਕ ਦੀ ਨਾਲੋ-ਨਾਲ ਲਿਫਟਿੰਗ ਕਰਵਾਉਣ ਦੇ ਵੀ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਫਸਲ ਦੀ ਖਰੀਦ ਕਰਨ ਲਈ ਵਚਨਬੱਧ ਹੈ। ਇਸ ਲਈ ਉਹ ਮੰਡੀਆਂ ਵਿੱਚ ਜ਼ਿਆਦਾ ਭੀੜ ਨਾ ਕਰਨ ਤੇ ਇੱਕ ਦੂਸਰੇ ਤੋਂ ਘੱਟ ਤੋਂ ਘੱਟ 1 ਤੋਂ 2 ਮੀਟਰ ਤੱਕ ਦੀ ਦੂਰੀ ਬਣਾ ਕੇ ਰੱਖਣ। ਇਸ ਤੋਂ ਇਲਾਵਾ ਖੰਘ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਿਆ ਜਾਵੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਪਵਿੱਤਰ ਸਿੰਘ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਜਸਪ੍ਰੀਤ ਸਿੰਘ, ਅੰਡਰ ਟਰੇਨਿੰਗ ਪੀ.ਸੀ.ਐਸ. ਅਧਿਕਾਰੀ ਰਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।