ਨਸ਼ਿਆਂ ਤੋਂ ਪੀੜਤ ਵਿਅਕਤੀ ਇਲਾਜ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ
ਦੀਦਾਰ ਗੁਰਨਾ
ਸੰਗਰੂਰ, 20 ਮਈ : ਕੋਰੋਨਾਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਸੀ ਅਤੇ ਕਰਫਿਊ ਦੌਰਾਨ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਨੂੰ ਵੱਡੇ ਪੱਧਰ ’ਤੇ ਸਫਲਤਾ ਹਾਸਲ ਹੋਈ ਹੈ, ਜਿਸ ਤਹਿਤ ਹਜ਼ਾਰਾਂ ਦੀ ਗਿਣਤੀ ਵਿਚ ਨਸ਼ਾ ਪੀੜਤ ਮਰੀਜ਼ਾਂ ਨੇ ਓਟ ਕਲੀਨਿਕਾਂ ਤੇ ਨਸ਼ਾ ਛੁਡਾਊ ਕੇਂਦਰਾਂ ਦਾ ਰੁਖ ਕੀਤਾ ਹੈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਨਸ਼ਾ ਛਡਾਊ ਪ੍ਰੋਗਰਾਮ ਨੂੰ ਬਹੁਤ ਚੰਗਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਾਏ ਗਏੇ ਕਰਫਿਊ ਦੀ ਮਿਤੀ 23 ਮਾਰਚ ਤੋਂ 19 ਮਈ ਤੱਕ ਜ਼ਿਲ੍ਹੇ ਦੇ ਓਟ ਕਲੀਨਿਕਾਂ ਵਿਚ 7134 ਨਵੇਂ ਮਰੀਜ਼ ਰਜਿਸਟਰਡ ਹੋਏ ਹਨ। ਉਨ੍ਹਾਂ ਦੱਸਿਆ ਕਿ ਸਿਰਫ਼ 19 ਮਈ ਨੂੰ ਹੀ ਜ਼ਿਲ੍ਹੇ ਦੇ ਓਟ ਕਲੀਨਿਕਾਂ ਵਿਚ 93 ਨਵੇਂ ਨਸ਼ਾ ਪੀੜਤ ਮਰੀਜ਼ ਆਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 12169 ਨਸ਼ਾ ਪੀੜਤ ਮਰੀਜ਼ ਰਜਿਸਟਰ ਹੋਏ ਹਨ। ਉਨ੍ਹਾਂ ਕਿਹਾ ਕਿ 23 ਮਾਰਚ ਤੋਂ 19 ਮਈ ਤੱਕ 1944 ਅਜਿਹੇ ਨਸ਼ਾ ਪੀੜਤ ਮਰੀਜ਼ ਆਏ ਹਨ ਜੋ ਪਹਿਲਾਂ ਪ੍ਰਾਈਵੇਟ ਨਸ਼ਾ ਛਡਾਊ ਕੇਂਦਰਾਂ ਤੋਂ ਇਲਾਜ ਕਰਵਾ ਰਹੇ ਸਨ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਡੀ-ਅਡੀਕਸ਼ਨ ਸੈਂਟਰ ਸੰਗਰੂਰ ਤੇ ਮਾਲੇਰਕੋਟਲਾ ਵਿਖੇ ਵੀ 118 ਮਰੀਜ਼ ਰਜਿਸਟਰਡ ਹੋ ਚੁੱਕੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਨਸ਼ਾ- ਛੁਡਾਊ ਕੇਂਦਰਾਂ ਵਿਚ ਦਵਾਈ ਦੇਣ ਦੌਰਾਨ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਮਰੀਜ਼ਾਂ ਨੂੰ ਕੋਵਿਡ 19 ਬਿਮਾਰੀ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਪ੍ਰੋਗਰਾਮ ਦਾ ਮੁੱਖ ਮੰਤਵ ਗੁਮਰਾਹ ਨੌਜੁਆਨਾਂ ਨੂੰ ਮੁੜ ਜ਼ਿੰਦਗੀ ਦੀ ਰਾਹ ਤੇ ਪਾਉਣਾ ਹੈ ਅਤੇ ਇਲਾਜ ਮੁਹੱਈਆ ਕਰਵਾ ਕੇ ਸਿਹਤਮੰਦ ਕਰਨਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਾਡੇ ਡਾਕਟਰ ਇਨ੍ਹਾਂ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੀ ਦਵਾਈ ਦੇ ਰਹੇ ਹਨ ਤਾਂ ਜੋ ਨਸ਼ਾ ਛੁਡਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀ ਇਲਾਜ ਕਰਵਾਉਣ ਲਈ 01672-232304 ‘ਤੇ ਕਾਲ ਕਰਕੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦਾ ਹੈ। ਸ਼੍ਰੀ ਥੋਰੀ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਾਜਾਇਜ਼ ਸ਼ਰਾਬ ਜਾਂ ਕਿਸੇ ਹੋਰ ਨਸ਼ੇ ਦੀ ਵਿਕਰੀ ਸੰਬੰਧੀ ਜਾਣਕਾਰੀ ਦੇਣੀ ਚਾਹੁੰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਵਟਸਐਪ ਹੈਲਪਲਾਈਨ ਨੰਬਰ 95924-30781 ‘ਤੇ ਸੰਪਰਕ ਕਰ ਸਕਦਾ ਹੈ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੇ ਵੇਰਵੇ ਗੁਪਤ ਰੱਖੇ ਜਾਣਗੇ ਅਤੇ ਦਿੱਤੀ ਗਈ ਜਾਣਕਾਰੀ ‘ਤੇ ਐਸ.ਐਸ.ਪੀ. ਦਫ਼ਤਰ ਰਾਹੀਂ ਕਾਰਵਾਈ ਕਰਵਾਉਣੀ ਯਕੀਨੀ ਬਣਾਈ ਜਾਵੇਗੀ।