ਫਿਰੋਜ਼ਪੁਰ 15 ਜੂਨ 2020 : ਥਾਣਾ ਘੱਲਖੁਰਦ ਅਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 900 ਲੀਟਰ ਲਾਹਣ ਬਰਾਮਦ ਕਰਕੇ 4 ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਥਾਣਾ ਘੱਲਖੁਰਦ ਪੁਲਿਸ ਦੇ ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਸ਼ਕੂਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਅਮਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਭਾਂਗਰ ਸ਼ਰਾਬ ਤਿਆਰ ਕਰਕੇ ਵੇਚਣ ਦਾ ਆਦੀ ਹੈ ਤੇ ਹੁਣ ਵੀ ਸ਼ਰਾਬ ਕਸੀਦ ਕਰਨ ਦੀ ਤਿਆਰੀ ਕਰ ਰਿਹਾ ਹੈ।
ਪੁਲਿਸ ਨੇ ਦੱਸਿਆ ਕਿ ਜਦ ਦੋਸ਼ੀ 'ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਅਮਰਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ, ਪਰ ਉਥੋਂ 100 ਲੀਟਰ ਲਾਹਣ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਦੇ ਏਐੱਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਪਿੰਡ ਮਧਰੇ ਵਿਖੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਸੇਮੀ ਪੁੱਤਰ ਤਾਰਾ ਸਿੰਘ, ਛਿੰਦਰ ਸਿੰਘ ਪੁੱਤਰ ਬੰਤਾ ਸਿੰਘ ਅਤੇ ਰਛਪਾਲ ਸਿੰਘ ਪੁੱਤਰ ਕਰਤਾਰ ਸਿੰਘ ਵਾਸੀਅਨ ਪਿੰਡ ਨਵਾਂ ਬਾਰੇ ਕੇ ਨਾਜਾਇਜ਼ ਸ਼ਰਾ ਕਸੀਦ ਕਰਕੇ ਵੇਚਣ ਦੇ ਆਦੀ ਹਨ ਤੇ ਹੁਣ ਵੀ ਸ਼ਰਾਬ ਕਸੀਦ ਕਰਨ ਦੀ ਤਿਆਰੀ ਕਰ ਰਹੇ ਹਨ। ਪੁਲਿਸ ਨੇ ਦੱਸਿਆ ਕਿ ਜਦ ਦੋਸ਼ੀਆਂ 'ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀਅਨ ਮੌਕੇ ਤੋਂ ਫਰਾਰ ਹੋ ਗਏ, ਪਰ ਉਥੋਂ 800 ਲੀਟਰ ਲਾਹਣ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।