ਡਾ. ਅਮਰ ਸਿੰਘ ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਦੇ ਹੋਏ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ, 6 ਜੁਲਾਈ : ਹਲਕਾ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਵਿੱਚ ਡਿਫੈਂਸ ਇੰਡਸਟਰੀਜ਼ ਕਾਰੀਡੋਰ ਸਥਾਪਤ ਕਰਨ ਦੀ ਮੰਗ ਕੀਤੀ ਹੈ। ਇਸ ਮੰਗ ਦੀ ਪ੍ਰੋੜਤਾ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਕਾਰੀਡੋਰ ਲਈ ਸਾਹਨੇਵਾਲ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਇਲਾਕੇ ਇਸ ਤਰ੍ਹਾਂ ਦੀ ਇੰਡਸਟਰੀਜ਼ ਲਈ ਕਾਫੀ ਲਾਹੇਵੰਦ ਸਾਬਿਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਵੱਡੇ (ਹੈਵੀ) ਰੱਖਿਆ ਉਪਕਰਨ ਤਿਆਰ ਕਰਨ ਦੀਆਂ ਅਪਾਰ ਸੰਭਾਵਨਾਵਾਂ ਤਲਾਸ਼ੀਆਂ ਜਾ ਸਕਦੀਆਂ ਹਨ, ਕਿਉਂਕਿ ਮੰਡੀ ਗੋਬਿੰਦਗੜ੍ਹ ਉੱਤਰੀ ਭਾਰਤ ਦੀ ਲੋਹਾ ਸਨਅਤ ਦੀ ਹੱਬ ਹੈ। ਖੰਨਾ ਨੂੰ ਕੈਟਲ ਫੀਡ ਇੰਡਸਟਰੀ ਲਈ ਪੂਰੇ ਸੂਬੇ ਵਿੱਚ ਜਾਣਿਆ ਜਾਂਦਾ ਹੈ। ਇਸੇ ਤਰ੍ਹਾਂ ਸਾਹਨੇਵਾਲ ਇਲਾਕਾ ਲੁਧਿਆਣਾ ਦੀ ਐੱਮ. ਐੱਸ. ਐੱਮ. ਈ. (ਸੂਖਮ, ਲਘੂ ਅਤੇ ਮੱਧਮ ਸਨਅਤਾਂ) ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਖੇਤਰ ਵਿੱਚ ਅਜਿਹਾ ਕਾਰੀਡੋਰ ਸਥਾਪਤ ਹੁੰਦਾ ਹੈ ਤਾਂ ਇਸ ਨਾਲ ਇਲਾਕੇ ਦਾ ਵਿਕਾਸ ਹੋਣ ਦੇ ਨਾਲ-ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮਿਲਣਗੇ। ਇਸ ਪ੍ਰਸਤਾਵ ਦਾ ਸਵਾਗਤ ਕਰਦਿਆਂ ਸ੍ਰੀ ਰਾਜਨਾਥ ਸਿੰਘ ਨੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਨੂੰ ਆਪਣੇ ਮੰਤਰਾਲੇ ਵਿੱਚ ਵਿਚਾਰ ਕੇ ਕੇਂਦਰ ਸਰਕਾਰ ਦੇ ਸਾਹਮਣੇ ਰੱਖਣਗੇ।