ਫਤਹਿਗੜ੍ਹ ਸਾਹਿਬ ਵਿਖੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕਿਸਾਨ ਰੋਸ਼ ਪ੍ਰਦਰਸ਼ਨ ਕਰਦੇ ਹੋਏ
ਦੀਦਾਰ ਗੁਰਨਾ
ਫ਼ਤਿਹਗੜ੍ਹ ਸਾਹਿਬ, 07 ਜੁਲਾਈ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਲਿਆਂਦੇ ਕਾਲੇ ਕਾਨੂੰਨਾਂ ਤੇ ਤੇਲ ਕੀਮਤਾਂ ਵਿੱਚ ਵਾਧੇ ਦਾ ਕਿਸਾਨਾਂ ਵੱਲੋਂ ਸਰਹਿੰਦ ਅਨਾਜ ਮੰਡੀ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਟਰੈਕਟਰਾਂ ਉਤੇ ਕਾਲੀਆਂ ਝੰਡੀਆਂ ਲਾ ਕੇ ਰੋਸ ਰੈਲੀ ਕਰ ਕੇ ਵਿਰੋਧ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨੀ ਸਬੰਧੀ ਤਿੰਨ ਆਰਡੀਨੈਂਸ ਪਾਸ ਕੀਤੇ ਗਏ ਹਨ, ਜੋ ਪੰਜਾਬ ਦੇ ਕਿਸਾਨਾਂ, ਮੰਡੀਕਰਨ ਪ੍ਰਣਾਲੀ ਸਮੇਤ ਪੰਜਾਬ ਦੇ ਸਮੁੱਚੇ ਅਰਥਚਾਰੇ ਨੂੰ ਤਬਾਹ ਕਰ ਦੇਣਗੇ। ਸ. ਨਾਗਰਾ ਨੇ ਦੱਸਿਆ ਕਿ ਇਨ੍ਹਾਂ ਕਾਲੇ ਕਾਨੂੰਨਾਂ ਤਹਿਤ ਜਿੱਥੇ ਫ਼ਸਲਾਂ ਦੇ ਘੱਟੋ ਘੱਟ ਸਮੱਰਥਨ ਮੁੱਲ ਨੂੰ ਖ਼ਤਮ ਕੀਤਾ ਗਿਆ ਹੈ। ਉਥੇ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਵਿਅਕਤੀ ਨੂੰ ਮੰਡੀ ਤੋਂ ਬਾਹਰ ਵੀ ਫਸਲ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ ਤੇ ਸਰਕਾਰ ਬਹੁਤ ਥੋੜੀ ਫਸਲ ਹੀ ਖਰੀਦ ਸਕਿਆ ਕਰੇਗੀ। ਇਸ ਨਾਲ ਜਿੱਥੇ ਕਿਸਾਨ ਫਸਲਾਂ ਦੀਆਂ ਕੀਮਤਾਂ ਲਈ ਵਪਾਰੀਆਂ 'ਤੇ ਨਿਰਭਰ ਹੋ ਜਾਵੇਗਾ, ਉਥੇ ਆੜ੍ਹਤੀ, ਮਜ਼ਦੂਰ ਅਤੇ ਟਰਾਂਸਪੋਰਟਰ ਵੀ ਬਰਬਾਦ ਹੋ ਜਾਣਗੇ। ਇਸ ਦੇ ਨਾਲ ਨਾਲ ਅਰਬਾਂ ਰੁਪਏ ਦੀ ਲਾਗਤ ਨਾਲ ਬਣਿਆ ਪੰਜਾਬ ਦਾ ਮੰਡੀਕਰਨ ਪ੍ਰਬੰਧ ਵੀ ਬਰਬਾਦ ਹੋ ਜਾਵੇਗਾ ਤੇ ਸਭ ਤੋਂ ਮਾੜਾ ਹਾਲ ਪੰਜਾਬ ਦੀਆਂ ਲਿੰਕ ਸੜਕਾਂ ਦਾ ਹੋਵੇਗਾ, ਜੋ ਕਿ ਪੰਜਾਬ ਮੰਡੀ ਬੋਰਡ ਵੱਲੋਂ ਬਣਾਈਆਂ ਜਾਂਦੀਆਂ ਹਨ। ਇਸ ਦੇ ਨਾਲ ਨਾਲ ਸੂਬਾ ਸਰਕਾਰ ਨੂੰ ਜੋ ਹੋਰ ਆਮਦਨ ਹੁੰਦੀ ਹੈ, ਉਹ ਵੀ ਬੰਦ ਹੋ ਜਾਵੇਗੀ ਤੇ ਸੂਬਾ ਸਰਕਾਰ ਦੀ ਕੇਂਦਰ ਉਤੇ ਨਿਰਭਰਤਾ ਹੋਰ ਵੱਧ ਜਾਵੇਗੀ। ਇਹ ਕਾਲੇ ਕਾਨੂੰਨ ਦੇਸ਼ ਦੇ ਸੰਘੀ ਢਾਂਚੇ ਨੂੰ ਵੀ ਬਰਬਾਦ ਕਰ ਦੇਣਗੇ।
ਸ. ਨਾਗਰਾ ਨੇ ਕਿਹਾ ਕਿ ਪਿਛਲੇ 04 ਮਹੀਨੇ ਦੌਰਾਨ ਕੇਂਦਰ ਸਰਕਾਰ ਵੱਲੋਂ ਡੀਜ਼ਲ ਉਤੇ ਐਕਸਾਈਜ਼ ਡਿਊਟੀ 26 ਰੁਪਏ ਪ੍ਰ਼ਤੀ ਲੀਟਰ ਅਤੇ ਪੈਟਰੋਲ ਉਤੇ ਐਕਸਾਈਜ਼ ਡਿਊਟੀ 21 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਧਾਈ ਗਈ ਹੈ ਜਦਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਮੋਦੀ ਸਰਕਾਰ ਮਹਿੰਗੇ ਭਾਅ ਡੀਜ਼ਲ ਤੇ ਪੈਟਰੋਲ ਵੇਚ ਕੇ ਆਪਣੇ ਖ਼ਜ਼ਾਨੇ ਭਰਨ ਲੱਗੀ ਹੋਈ ਤੇ ਲੋਕਾਂ ਨੂੰ ਆਰਥਿਕ ਤੰਗੀਆਂ ਵੱਲ ਧੱਕ ਦਿੱਤਾ ਗਿਆ ਹੈ।
ਸ. ਨਾਗਰਾ ਨੇ ਅਕਾਲੀ ਦਲ ਵੱਲੋਂ ਤੇਲ ਕੀਮਤਾਂ ਵਿਰੁੱਧ ਕੀਤੇ ਜਾ ਰਹੇ ਪ੍ਰਦਰਸ਼ਾਂ ਸਬੰਧੀ ਸ. ਨਾਗਰਾ ਨੇ ਕਿਹਾ ਕਿ ਅਕਾਲੀ ਦਲ ਦੇ ਅਖੌਤੀ ਆਗੂ ਫੋਕੇ ਧਰਨੇ ਲਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਤੇਲ ਕੀਮਤਾਂ ਵਧਾਉਣ ਵਾਲੀ ਕੇਂਦਰ ਸਰਕਾਰ ਵਿੱਚ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਮੰਤਰੀ ਹੈ। ਸ. ਨਾਗਰਾ ਨੇ ਕਿਹਾ ਕਿ ਅਖੌਤੀ ਅਕਾਲੀ ਆਗੂ ਬੀਬੀ ਬਾਦਲ ਨੂੰ ਕਹਿਣ ਕਿ ਉਹ ਕੈਬਨਿਟ ਵਿੱਚ ਅਜਿਹੇ ਫ਼ੈਸਲਿਆਂ ਦਾ ਵਿਰੋਧ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਵਲ ਹਰਸਿਮਰਤ ਕੌਰ ਬਾਦਲ ਦੀ ਵਜ਼ੀਰੀ ਬਚਾਉਣ ਖਾਤਰ ਪੰਜਾਬ ਦੇ ਹਿੱਤ ਵੇਚ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਇਨ੍ਹਾਂ ਆਰਡੀਨੈਂਸਾਂ ਤੇ ਤੇਲ ਕੀਮਤਾਂ ਵਿੱਚ ਵਾਧੇ ਬਾਰੇ ਆਪਣੀ ਸਥਿਤੀ ਸਪਸ਼ਟ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਲੂੰਬੜ ਚਾਲਾਂ ਨੂੰ ਭਲੀ ਭਾਂਤ ਜਾਣਦੇ ਹਨ ਤੇ ਇਨ੍ਹਾਂ ਡਰਾਮਿਆਂ ਦਾ ਹੁਣ ਅਕਾਲੀ ਦਲ ਨੂੰ ਕੋਈ ਲਾਭ ਨਹੀਂ ਹੋਣਾ। ਸ. ਨਾਗਰਾ ਨੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਅੰਦਲੋਨ ਵਿੱਢਿਆ ਗਿਆ ਹੈ ਤੇ ਇਨ੍ਹਾਂ ਕਾਲੇ ਕਾਨੂੰਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪਿੰਡ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਤੇ ਪੰਜਾਬ ਦੀ ਬਰਬਾਦੀ ਦਾ ਕਾਰਨ ਬਣਨ ਵਾਲੇ ਇਨ੍ਹਾਂ ਕਾਨੂੰਨਾਂ ਨੂੰ ਰਦ ਕਰਵਾਉਣ ਲਈ ਕਾਂਗਰਸ ਪਾਰਟੀ ਹਰ ਫਰੰਟ ਉਤੇ ਡਟ ਕੇ ਲੜਾਈ ਲੜੇਗੀ।
ਇਸ ਉਪਰੰਤ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਕੇ ਕਾਲੇ ਕਾਨੂੰਨ ਰੱਦ ਕਰਨ ਤੇ ਤੇਲ ਕੀਮਤਾਂ ਵਿੱਚ ਵਾਧਾ ਵਾਪਸ ਲੈਣ ਦੇ ਨਾਲ ਨਾਲ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਤੇ ਪੀ.ਐਮ. ਕਿਸਾਨ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ 06 ਹਜ਼ਾਰ ਰੁਪਏ ਸਾਲਾਨਾ ਪਾਉਣ ਦੀ ਵੀ ਮੰਗ ਕੀਤੀ ਗਈ।
ਇਸ ਮੌਕੇ ਪੰਚਾਇਤੀ ਰਾਜ ਸੰਗਠਨ ਦੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ,ਕਿਸਾਨ ਖੇਤ ਮਜ਼ਦੂਰ ਕਾਂਗਰਸ ਦੇ ਮੀਤ ਪ੍ਰਧਾਨ ਸੁਖਰਾਜ ਸਿੰਘ ਰਾਜਾ,ਮਾਰਕਿਟ ਕਮੇਟੀ ਸਰਹਿੰਦ ਦੇ ਉਪ ਚੇਅਰਮੈਨ ਬਲਵਿੰਦਰ ਸਿੰਘ ਮਾਵੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਬਲਾਕ ਪ੍ਰਧਾਨ ਡਾ ਬਲਰਾਮ ਸ਼ਰਮਾ,ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ,ਸਰਪੰਚ ਜਗਦੀਪ ਸਿੰਘ ਨੰਬਰਦਾਰ,ਸਰਪੰਚ ਦਵਿੰਦਰ ਸਿੰਘ ਜੱਲਾ,ਸਰਪੰਚ ਧਰਮਿੰਦਰ ਸਿੰਘ ਨਬੀਪੁਰ, ਸੁਰਿੰਦਰ ਸਿੰਘ,ਸੁਖਵਿੰਦਰ ਸਿੰਘ,ਹਰਭਿੰਦਰ ਸਿੰਘ,ਕਰਨੈਲ ਸਿੰਘ,ਪੰਕਜ ਸ਼ਰਮਾ,ਗੁਰਪਾਲ ਸਿੰਘ,ਰਣਜੀਤ ਸਿੰਘ, ਹਰਦੇਵ ਸਿੰਘ,ਅਮਰਿੰਦਰ ਸਿੰਘ, ਹਰਬੰਸ ਸਿੰਘ,ਅਮਰਜੀਤ ਸਿੰਘ, ਅਮਨਦੀਪ ਸਿੰਘ,ਗੁਰਪ੍ਰੀਤ ਸਿੰਘ,ਸਰਬਜੀਤ ਸਿੰਘ,ਸਰਬਜੋਤ ਸਿੰਘ,ਹਰਮਨਦੀਪ ਸਿੰਘ ਗੋਗੀ ਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।